ਪੰਜਾਬ ਹਿਮਾਚਲ ਨੂੰ ਪਾਣੀ 'ਤੇ ਟੈਕਸ ਨਹੀਂ ਦੇਵੇਗਾ, ਮਤਾ ਪਾਸ : ਸੀਐੱਮ ਮਾਨ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਪਣੀ ਧਰਤੀ ਤੋਂ ਵਗਦੇ ਪਾਣੀ ਲਈ ਕਿਸੇ ਨੂੰ ਇੱਕ ਪੈਸਾ ਵੀ ਨਹੀਂ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਪੰਜਾਬ ਹਿਮਾਚਲ ਨੂੰ ਪਾਣੀ 'ਤੇ ਟੈਕਸ ਨਹੀਂ ਦੇਵੇਗਾ, ਮਤਾ ਪਾਸ : ਸੀਐੱਮ ਮਾਨ

ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ ਪਾਣੀ 'ਤੇ ਉਸਦਾ ਕਾਨੂੰਨੀ ਹੱਕ ਹੈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ 'ਤੇ ਪਾਣੀ ਸੈੱਸ ਲਗਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ।

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਦਨ ਵਿੱਚ ਪੇਸ਼ ਕੀਤੇ ਮਤੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੱਕਾ ਹੈ। ਇਸ ਦੇ ਉਲਟ ਪੰਜਾਬ ਅੱਜ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਇਹ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੂਬੇ ਦੇ ਪਾਣੀਆਂ 'ਤੇ ਕੀਤਾ ਗਿਆ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਿਮਾਚਲ ਦੀ ਕਾਂਗਰਸ ਸਰਕਾਰ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁੱਖੂ ਸਰਕਾਰ ਦਾ ਇਹ ਕਦਮ ਗੈਰ-ਕਾਨੂੰਨੀ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਪਾਣੀ 'ਤੇ ਪੰਜਾਬ ਦਾ ਕਾਨੂੰਨੀ ਹੱਕ ਹੈ ਅਤੇ ਸੂਬੇ ਦਾ ਇਹ ਹੱਕ ਕੋਈ ਨਹੀਂ ਖੋਹ ਸਕਦਾ। ਮਾਨ ਨੇ ਕਿਹਾ ਕਿ ਪੰਜਾਬ ਆਪਣੀ ਧਰਤੀ ਤੋਂ ਵਗਦੇ ਪਾਣੀ ਲਈ ਕਿਸੇ ਨੂੰ ਇੱਕ ਪੈਸਾ ਵੀ ਨਹੀਂ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ 'ਭਾਰਤ ਜੋੜੋ ' ਮੁਹਿੰਮ ਨਹੀਂ ਸਗੋਂ 'ਭਾਰਤ ਤੋੜੋ' ਮੁਹਿੰਮ ਹੈ। ਪੰਜਾਬ ਕਾਂਗਰਸ ਦੇ ਆਗੂਆਂ ਦੀ ਵਿਧਾਨ ਸਭਾ ਵਿੱਚੋਂ ਗੈਰਹਾਜ਼ਰੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਸੂਬਾ ਪਾਣੀਆਂ ਨਾਲ ਸਬੰਧਤ ਗੰਭੀਰ ਮੁੱਦਿਆਂ ’ਤੇ ਵਿਚਾਰ ਕਰ ਰਿਹਾ ਸੀ ਤਾਂ ਕਾਂਗਰਸੀ ਸਦਨ ਵਿੱਚ ਹਾਜ਼ਰ ਨਹੀਂ ਸਨ। ਸੂਬਾ ਸਰਕਾਰ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਸਰਕਾਰ ਦੇ ਇਸ ਸ਼ਰਮਨਾਕ ਕਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਕੋਲ ਕਈ ਚਿਹਰੇ ਹਨ ਅਤੇ ਉਹ ਹਮੇਸ਼ਾ ਹੀ ਸਿਆਸੀ ਸਹੂਲਤ ਲਈ ਇਨ੍ਹਾਂ ਚਿਹਰਿਆਂ ਦੀ ਵਰਤੋਂ ਕਰਦੀ ਰਹੀ ਹੈ। ਕਾਂਗਰਸੀ ਆਗੂ ਸੰਘੀ ਢਾਂਚੇ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਅਸਲ ਵਿੱਚ ਉਹ ਆਪਣੇ ਸਿਆਸੀ ਲਾਹੇ ਲਈ ਕੰਮ ਕਰਦੇ ਹਨ। ਮਾਨ ਨੇ ਕਿਹਾ ਕਿ ਇਸ ਵਾਰ ਫਿਰ ਕਾਂਗਰਸ ਨੇ ਪੰਜਾਬ ਵਿਰੁੱਧ ਸਾਜ਼ਿਸ਼ ਰਚੀ ਹੈ, ਪਰ ਇਸਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Related Stories

No stories found.
logo
Punjab Today
www.punjabtoday.com