ਉਪ ਰਾਸ਼ਟਰਪਤੀ ਚੋਣ 'ਚ ਭਾਜਪਾ ਅਮਰਿੰਦਰ ਸਿੰਘ ਨੂੰ ਬਣਾ ਸਕਦੀ ਆਪਣਾ ਉਮੀਦਵਾਰ

ਉਪ ਰਾਸ਼ਟਰਪਤੀ ਦੇ ਉਮੀਦਵਾਰ ਲਈ ਹੋਰ ਵੀ ਕਈ ਨਾਮ ਚੱਲ ਰਹੇ ਹਨ। ਇਨ੍ਹਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਸ਼ਾਮਲ ਹਨ।
ਉਪ ਰਾਸ਼ਟਰਪਤੀ ਚੋਣ 'ਚ ਭਾਜਪਾ ਅਮਰਿੰਦਰ ਸਿੰਘ ਨੂੰ ਬਣਾ ਸਕਦੀ ਆਪਣਾ ਉਮੀਦਵਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਬਣਨ ਦੀ ਦੌੜ ਵਿੱਚ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਉਪ-ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦਾ ਉਮੀਦਵਾਰ ਬਣਾ ਸਕਦੀ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਕੈਪਟਨ ਨੇ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਹੁਣ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ, ਜੋ ਉਨ੍ਹਾਂ ਨੇ ਬਣਾਈ ਸੀ, ਵੀ ਭਗਵਾ ਕੈਂਪ ਵਿੱਚ ਰਲੇਵੇਂ ਦੀ ਤਿਆਰੀ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸਯੁੰਕਤ) ਨਾਲ ਗਠਜੋੜ ਕਰਕੇ ਲੜੀਆਂ ਸਨ। ਹਾਲਾਂਕਿ ਇਸ ਚੋਣ ਵਿੱਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਨਵੀਂ ਬਣੀ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ।

ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ 6 ਅਗਸਤ ਨੂੰ ਹੋਣੀ ਹੈ। ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਇਸ ਚੋਣ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੇ ਆਪਣੀ ਵੋਟਾ ਪਾਉਣੀ ਹੁੰਦੀ ਹੈ। ਭਾਜਪਾ ਲਈ ਇਹ ਲੜਾਈ ਕਾਫ਼ੀ ਆਸਾਨ ਹੈ। ਦੋਵਾਂ ਸਦਨਾਂ ਵਿੱਚ ਭਗਵਾ ਡੇਰੇ ਦਾ ਪੂਰਨ ਬਹੁਮਤ ਹੈ। ਉਪ ਰਾਸ਼ਟਰਪਤੀ ਦੇ ਉਮੀਦਵਾਰ ਲਈ ਹੋਰ ਵੀ ਕਈ ਨਾਮ ਚੱਲ ਰਹੇ ਹਨ। ਇਨ੍ਹਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖਤਾਰ ਅੱਬਾਸ ਨਕਵੀ ਸ਼ਾਮਲ ਹਨ। ਜਲਦੀ ਹੀ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਅਤੇ ਸੰਸਦੀ ਬੋਰਡ ਕਿਸੇ ਇੱਕ ਨਾਂ 'ਤੇ ਮੋਹਰ ਲਗਾ ਸਕਦਾ ਹੈ।

ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਾਂਗ ਇਹ ਨਾਂ ਵੀ ਹੈਰਾਨ ਕਰਨ ਵਾਲਾ ਹੋ ਸਕਦਾ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਇਸ ਸਮੇਂ ਲੰਡਨ ਵਿੱਚ ਹਨ। ਰੀੜ੍ਹ ਦੀ ਹੱਡੀ ਦੀ ਸਰਜਰੀ ਤੋਂ ਬਾਅਦ ਉਹ ਉੱਥੇ ਠੀਕ ਹੋ ਰਹੇ ਹਨ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਅਮਰਿੰਦਰ ਸਿੰਘ ਲੰਡਨ ਤੋਂ ਪਰਤਣ ਤੋਂ ਬਾਅਦ ਆਪਣੀ ਪੰਜਾਬ ਲੋਕ ਕਾਂਗਰਸ ਨੂੰ ਭਾਜਪਾ ਵਿੱਚ ਮਿਲਾ ਸਕਦੇ ਹਨ। ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਨੇ ਲੰਡਨ ਜਾਣ ਤੋਂ ਪਹਿਲਾਂ ਆਪਣੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀ ਇੱਛਾ ਪ੍ਰਗਟਾਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਵਾਪਸ ਆਉਣ 'ਤੇ ਰਲੇਵੇਂ ਦਾ ਐਲਾਨ ਕਰਨਗੇ।

Related Stories

No stories found.
logo
Punjab Today
www.punjabtoday.com