
ਕਾਂਗਰਸ ਪਾਰਟੀ ਨੂੰ ਇਕ ਤੋਂ ਬਾਅਦ ਇਕ ਝਟਕੇ ਲਗ ਰਹੇ ਹਨ। ਹੁਣ ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਮਨਮੋਹਨ ਸਿੰਘ ਸਰਕਾਰ ਵਿੱਚ ਰੱਖਿਆ ਮੰਤਰੀ ਦੇ ਬੇਟੇ ਅਨਿਲ ਐਂਟਨੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਐਂਟਨੀ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕੇਰਲ ਵਿਚ ਆਪਣਾ ਆਧਾਰ ਵਧਾਉਣ ਵਿਚ ਮਦਦ ਮਿਲ ਸਕਦੀ ਹੈ। ਇਸ ਸਾਲ ਦੇ ਸ਼ੁਰੂ ਵਿਚ ਐਂਟਨੀ ਨੇ ਬੀਬੀਸੀ ਦੀ ਇਕ ਡਾਕੂਮੈਂਟਰੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਕਥਿਤ ਇਤਰਾਜ਼ਯੋਗ ਟਿੱਪਣੀ 'ਤੇ ਡੂੰਘਾ ਗੁੱਸਾ ਜ਼ਾਹਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ।
ਅਨਿਲ ਐਂਟਨੀ ਕੇਰਲ ਕਾਂਗਰਸ ਦਾ ਮੀਡੀਆ ਕੰਮ ਸੰਭਾਲ ਰਹੇ ਸਨ। ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਅਨਿਲ ਐਂਟਨੀ ਨੇ ਕਿਹਾ ਕਿ ਅੱਜਕੱਲ੍ਹ ਬਹੁਤ ਸਾਰੇ ਕਾਂਗਰਸੀ ਆਗੂ ਇਹ ਮੰਨਦੇ ਹਨ ਕਿ ਉਨ੍ਹਾਂ ਦਾ ਧਰਮ ‘ਪਰਿਵਾਰ’ ਦੀ ਸੇਵਾ ਕਰਨਾ ਹੈ', ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਧਰਮ ਦੇਸ਼ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਨ ਅਤੇ ਉਹ ਆਪਣੀ ਸਮਰੱਥਾ ਅਨੁਸਾਰ ਕੰਮ ਨੂੰ ਅੱਗੇ ਲਿਜਾਣ ਵਿੱਚ ਸਹਿਯੋਗ ਕਰਨਾ ਚਾਹੁੰਦੇ ਹਨ।
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇਸ਼ ਦੇ ਹਰ ਸਮਾਜ ਅਤੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਇਹੀ ਗੱਲ ਪਾਰਟੀ ਦੇ ਉੱਚ ਆਗੂਆਂ ਵੱਲੋਂ ਲਗਾਤਾਰ ਸਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬੀਸੀ ਦੀ ਡਾਕੂਮੈਂਟਰੀ ਵਿੱਚ ਜਦੋਂ ਪ੍ਰਧਾਨ ਮੰਤਰੀ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਤਾਂ ਅਨਿਲ ਐਂਟਨੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਅਤੇ ਇਸਨੂੰ ਇੱਕ ਵਿਦੇਸ਼ੀ ਸੰਸਥਾ ਵੱਲੋਂ ਭਾਰਤ ਬਾਰੇ ਕੀਤੀ ਗਈ ਬੇਲੋੜੀ ਟਿੱਪਣੀ ਕਰਾਰ ਦਿੱਤਾ। ਇਹ ਉਸਦੀ ਰਾਸ਼ਟਰਵਾਦੀ ਸੋਚ ਨੂੰ ਦਰਸਾਉਂਦਾ ਹੈ, ਜਿਸ ਬਾਰੇ ਭਾਜਪਾ ਹਮੇਸ਼ਾ ਗੱਲ ਕਰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਾਰਜਕਾਲ ਦੌਰਾਨ ਭਾਜਪਾ ਆਪਣੀ ਬੇਮਿਸਾਲ ਪਹੁੰਚ ਵਧਾਉਣ ਵਿੱਚ ਕਾਮਯਾਬ ਹੋਈ ਹੈ। ਪਰ ਕੇਰਲ ਦੇ ਕਿਲੇ ਨੂੰ ਅਜੇ ਵੀ ਖੱਬੇ ਪੱਖੀ ਗੜ੍ਹ ਮੰਨਿਆ ਜਾਂਦਾ ਹੈ। ਭਾਜਪਾ ਆਪਣੀਆਂ ਵੱਡੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਇੱਥੇ ਆਪਣੀ ਮੌਜੂਦਗੀ ਵਧਾਉਣ ਵਿੱਚ ਅਸਫਲ ਰਹੀ ਸੀ।