ਦਿੱਲੀ 'ਚ ਆਬਕਾਰੀ ਨੀਤੀ ਦੀ ਜਾਂਚ ਲਗਾਤਾਰ ਜਾਰੀ ਹੈ। ਦਿੱਲੀ ਆਬਕਾਰੀ ਨੀਤੀ ਵਿੱਚ ਹੋਏ ਘਪਲੇ ਦੀ ਜਾਂਚ ਪੰਜਾਬ ਵੱਲ ਵਧ ਸਕਦੀ ਹੈ। ਇਹ ਸੰਕੇਤ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ, ਜਿਨ੍ਹਾਂ ਨੇ ਮਨੀਸ਼ ਸਿਸੋਦੀਆ ਦੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਬਾਰੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸ਼ਿਕਾਇਤ ਕੀਤੀ ਸੀ।
ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਈਡੀ ਜਲਦ ਹੀ ਪੰਜਾਬ ਵੱਲ ਰੁਖ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੀ ਸ਼ਰਾਬ ਨੀਤੀ 'ਤੇ ਕਾਰਵਾਈ ਕਰਦੇ ਹੋਏ ਸੀਬੀਆਈ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹੀ ਨੀਤੀ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ ਹੈ। ਇਸ ਤੋਂ ਬਾਅਦ ਹੁਣ ਈਡੀ ਇਸ ਮਾਮਲੇ 'ਚ ਜਾਂਚ ਦਾ ਘੇਰਾ ਵਧਾਉਂਦੇ ਹੋਏ ਪੰਜਾਬ 'ਚ ਇਸ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੀ ਤਰਜ਼ 'ਤੇ ਪੰਜਾਬ 'ਚ ਲਾਗੂ ਕੀਤੀ ਆਬਕਾਰੀ ਨੀਤੀ ਬਾਰੇ ਟਵੀਟ ਕੀਤਾ ਹੈ। ਚੇਤੇ ਰਹੇ ਕਿ ਸਿਰਸਾ ਨੇ ਇਸ ਬਾਰੇ ਪਿਛਲੇ ਸਾਲ ਈਡੀ ਨੂੰ ਸ਼ਿਕਾਇਤ ਵੀ ਭੇਜੀ ਸੀ। ਮਨਜਿੰਦਰ ਸਿਰਸਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸ਼ਿਕਾਇਤ 'ਤੇ ਈਡੀ ਨੇ ਕਈ ਅਧਿਕਾਰੀਆਂ ਨੂੰ ਸੰਮਨ ਭੇਜੇ ਹਨ। ਉਸ ਨੇ ਅੰਦਾਜ਼ਾ ਲਗਾਇਆ ਕਿ ਜਲਦੀ ਹੀ ਈਡੀ ਇਸ 'ਤੇ ਕਾਰਵਾਈ ਕਰ ਸਕਦੀ ਹੈ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ 13 ਸਤੰਬਰ, 2022 ਨੂੰ ਦਿੱਲੀ ਵਿੱਚ ਸ਼ਰਾਬ ਨੀਤੀ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਸ਼ਿਕਾਇਤ ਸੀਬੀਆਈ ਅਤੇ ਈਡੀ ਨੂੰ ਭੇਜ ਦਿੱਤੀ ਸੀ। ਇਸ ਤੋਂ ਪਤਾ ਲੱਗਾ ਕਿ ਇਹ ਨੀਤੀ ਕਿਵੇਂ ਬਣਾਈ ਗਈ ਸੀ। ਇੰਨਾ ਹੀ ਨਹੀਂ ਸ਼ਿਕਾਇਤ 'ਚ ਸਪੱਸ਼ਟ ਲਿਖਿਆ ਹੈ ਕਿ ਇਹ ਨੀਤੀ ਬਣਾਉਂਦੇ ਸਮੇਂ ਮਨੀਸ਼ ਸਿਸੋਦੀਆ ਨੇ ਦਿੱਲੀ ਸਥਿਤ ਆਪਣੇ ਘਰ 'ਤੇ ਮੀਟਿੰਗ ਵੀ ਕੀਤੀ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੀ ਚੱਲ ਰਹੀ ਸੀਬੀਆਈ ਜਾਂਚ ਦਾ ਘੇਰਾ ਪੰਜਾਬ ਤੱਕ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਬਣਾਉਣ ਵਿੱਚ ਪੰਜਾਬ ਦੇ ਆਗੂਆਂ ਦਾ ਵੀ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਵੱਖਰੇ ਤੌਰ 'ਤੇ ਕੀਤੀ ਜਾਣੀ ਚਾਹੀਦੀ ਹੈ।