
ਦੇਸ਼ ਦੇ ਜ਼ਿਆਦਾਤਰ ਸਕੂਲਾਂ ਵਿਚ ਹੁਣ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਦੇਸ਼ ਦੇ ਸਾਰੇ ਸਕੂਲਾਂ 'ਚ ਹੁਣ ਲਾਇਬ੍ਰੇਰੀ ਵਿੱਚ 'ਐਗਜ਼ਾਮ ਵਾਰੀਅਰਜ਼' ਨਾਮ ਦੀ ਕਿਤਾਬ ਰੱਖੀ ਜਾਵੇਗੀ, ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਲਿਖੀ ਗਈ ਹੈ।
ਸਿੱਖਿਆ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਿਤਾਬ ਨੂੰ ਲਾਇਬ੍ਰੇਰੀ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਸ ਸਬੰਧ ਵਿੱਚ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਸਾਰਿਆਂ ਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਕਿਤਾਬਾਂ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ।
ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਕਹਿਣਾ ਹੈ ਕਿ ਕਿਤਾਬ ਐਗਜ਼ਾਮ ਵਾਰੀਅਰਜ਼ ਲਾਇਬ੍ਰੇਰੀ ਵਿੱਚ ਰੱਖਣ ਨਾਲ ਵੱਧ ਤੋਂ ਵੱਧ ਲੋਕ ਪ੍ਰਧਾਨ ਮੰਤਰੀ ਦੇ ਗਿਆਨ ਅਤੇ ਪ੍ਰੀਖਿਆ ਪ੍ਰਤੀ ਉਨ੍ਹਾਂ ਦੇ ਰਵੱਈਏ ਨੂੰ ਪੜ੍ਹ ਸਕਣਗੇ। ਇਸ ਦਾ ਵੱਧ ਤੋਂ ਵੱਧ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਫਾਇਦਾ ਹੋਵੇਗਾ। ਕਿਤਾਬ ਐਗਜ਼ਾਮ ਵਾਰੀਅਰਜ਼ ਵਿੱਚ, ਪੀਐਮ ਮੋਦੀ ਪ੍ਰੀਖਿਆ ਤਣਾਅ ਨੂੰ ਦੂਰ ਕਰਨ ਦੇ ਤਰੀਕਿਆਂ ਬਾਰੇ ਗੱਲ ਕਰਦੇ ਹਨ।
ਨੈਸ਼ਨਲ ਬੁੱਕ ਟਰੱਸਟ ਨੇ 11 ਭਾਰਤੀ ਭਾਸ਼ਾਵਾਂ ਵਿੱਚ ਐਗਜ਼ਾਮ ਵਾਰੀਅਰਜ਼ ਪ੍ਰਕਾਸ਼ਿਤ ਕੀਤੀ ਹੈ । ਇਹ ਕਿਤਾਬ ਅਸਾਮੀ, ਬੰਗਾਲੀ, ਗੁਜਰਾਤੀ, ਕੰਨੜ, ਮਲਿਆਲਮ, ਮਰਾਠੀ, ਉੜੀਆ, ਪੰਜਾਬੀ, ਤਾਮਿਲ, ਤੇਲਗੂ ਅਤੇ ਉਰਦੂ ਵਿੱਚ ਹੈ। ਇਸ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ 'ਪਰੀਕਸ਼ਾ ਪੇ ਚਰਚਾ 2023' ਪ੍ਰੋਗਰਾਮ ਅਤੇ ਪ੍ਰੀਖਿਆ ਦੇਣ ਵਾਲੇ ਬੋਰਡ ਦੇ ਵਿਦਿਆਰਥੀਆਂ ਦੇ ਉਤਸ਼ਾਹ ਬਾਰੇ ਚਰਚਾ ਕੀਤੀ ਗਈ ਹੈ।
ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ 'ਪਰੀਕਸ਼ਾ ਪੇ ਚਰਚਾ' 'ਚ ਹਰ ਸਾਲ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵਧੀ ਹੈ। ਜਦੋਂ ਇਹ ਸ਼ੁਰੂ ਹੋਇਆ ਸੀ ਤਾਂ ਇਹ 13 ਲੱਖ ਤੋਂ ਸ਼ੁਰੂ ਹੋਇਆ ਸੀ, ਜੋ ਹੁਣ ਵਧ ਕੇ ਲਗਭਗ ਤਿੰਨ ਗੁਣਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਦੋ ਘੰਟੇ ਚੱਲੇ ਇਸ ਪ੍ਰੋਗਰਾਮ ਵਿੱਚ ਮੋਦੀ ਨੇ ਇਮਤਿਹਾਨਾਂ ਅਤੇ ਜ਼ਿੰਦਗੀ ਵਿੱਚ ਤਣਾਅ ਬਾਰੇ ਬੱਚਿਆਂ ਦੇ ਸਵਾਲਾਂ ਦੇ ਜਵਾਬ ਦਿੱਤੇ। 'ਪ੍ਰੀਖਿਆਵਾਂ ਵਿਚ ਨਿਰਾਸ਼ਾ ਨਾਲ ਕਿਵੇਂ ਨਜਿੱਠਣਾ ਹੈ' ਬਾਰੇ ਵਿਦਿਆਰਥੀਆਂ ਨੂੰ ਸੁਝਾਅ ਦਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਬੱਚਿਆਂ ਨਾਲ ਗੱਲਬਾਤ ਕੀਤੀ। ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਵੀ ਮੌਜੂਦ ਸਨ।