ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੇ 'ਕਿਸਾਨ ਏਕਤਾ ਜ਼ਿੰਦਾਬਾਦ' ਦੇ ਨਾਅਰਿਆਂ ਨਾਲ ਜਸ਼ਨ ਮਨਾਇਆ। ਗੁਰੂ ਨਾਨਕ ਜਯੰਤੀ ਦੇ ਮੌਕੇ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੰਸਦ ਦੇ ਆਗਾਮੀ ਸੈਸ਼ਨ 'ਚ ਇਸ ਬਾਰੇ ਬਿੱਲ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨਾਲ ਜੁੜੇ ਮੁੱਦਿਆਂ 'ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਹੈ ।
ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ, ਇੱਕ ਦੂਜੇ ਨੂੰ ਮਠਿਆਈਆਂ ਖਿਲਾ ਕੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਇਸ ਦੌਰਾਨ ਸਿੰਘੂ ਬਾਰਡਰ ਵਿਖੇ ਸ਼ਬਦ ਕੀਰਤਨ ਵੀ ਕਰਵਾਇਆ ਗਿਆ। ਹਾਲਾਂਕਿ ਕਿਸਾਨ ਅਜੇ ਤੱਕ ਅੰਦੋਲਨ ਵਾਲੀਆਂ ਥਾਵਾਂ ਤੋਂ ਵਾਪਸ ਪਰਤਣ ਲਈ ਤਿਆਰ ਨਹੀਂ ਹਨ। ਕਿਸਾਨ ਇੱਕ ਸਾਲ ਤੋਂ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਨਵਾਂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਨੂੰਨੀ ਤੌਰ ਤੇ ਸੰਸਦ ਵਿੱਚ ਇਹਨਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਹ ਘਰ ਨਹੀਂ ਪਰਤਣਗੇ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ, ਸੰਯੁਕਤ ਕਿਸਾਨ ਮੋਰਚਾ (SKM) ਨੇ ਕਿਹਾ, ਕਿ ਉਹ ਢੁਕਵੀਂ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਘੋਸ਼ਣਾ ਦੇ ਲਾਗੂ ਹੋਣ ਦੀ ਉਡੀਕ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਵਿੱਚ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਇਹ ਸ਼ਹੀਦ ਹੋਏ ਕਿਸਾਨਾਂ ਦੀ ਜਿੱਤ ਹੈ।