ਕਿਸਾਨਾਂ ਨੇ ਮੋਦੀ ਨੂੰ ਲਿਖੀ ਚਿੱਠੀ,ਕਿਹਾ ਅੰਦੋਲਨ ਹਜੇ ਖਤਮ ਨਹੀਂ ਹੋਵੇਗਾ

ਕਿਸਾਨਾਂ ਨੇ ਅੱਜ ਪ੍ਰਧਾਨ ਮੰਤਰੀ ਨੂੰ ਈ-ਮੇਲ ਰਾਹੀਂ ਇੱਕ ਚਿੱਠੀ ਲਿਖੀ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਨਾਂ ਦੇਰ ਕੀਤੇ ਪੈਂਡਿੰਗ 6 ਮੁੱਦਿਆਂ ਤੇ ਗੱਲਬਾਤ ਸ਼ੁਰੂ ਕਰੇ ਨਹੀਂ ਤਾਂ ਅੰਦੋਲਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ।
ਕਿਸਾਨਾਂ ਨੇ ਮੋਦੀ ਨੂੰ ਲਿਖੀ ਚਿੱਠੀ,ਕਿਹਾ ਅੰਦੋਲਨ ਹਜੇ ਖਤਮ ਨਹੀਂ ਹੋਵੇਗਾ

ਇਸ ਪੱਤਰ ਦੀ ਸ਼ੁਰੂਆਤ ਵਿੱਚ ਲਿਖਿਆ ਗਿਆ ਹੈ ਕਿ ਦੇਸ਼ ਦੇ ਕਰੋੜਾਂ ਕਿਸਾਨਾਂ ਨੇ 19 ਨਵੰਬਰ 2021 ਦੀ ਸਵੇਰ ਨੂੰ ਦੇਸ਼ ਦੇ ਨਾਮ ਤੁਹਾਡਾ ਸੰਦੇਸ਼ ਸੁਣਿਆ। ਅਸੀਂ ਵੇਖਿਆ ਕਿ 11 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਤੁਸੀਂ ਦੁਪਾਸੇ ਹੱਲ ਦੀ ਬਜਾਏ ਇਕਪਾਸੜ ਘੋਸ਼ਣਾ ਨੂੰ ਚੁਣਿਆ ਹੈ, ਪਰ ਸਾਨੂੰ ਖੁਸ਼ੀ ਹੈ ਕਿ ਤੁਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਅਸੀਂ ਇਸਦਾ ਸਵਾਗਤ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਤੁਹਾਡੀ ਸਰਕਾਰ ਇਸ ਵਾਅਦੇ ਨੂੰ ਜਲਦੀ ਪੂਰਾ ਕਰੇਗੀ।

ਤੁਸੀਂ ਭਲੀਭਾਂਤ ਜਾਣਦੇ ਹੋ ਕਿ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਇਸ ਅੰਦੋਲਨ ਦੀ ਮੰਗ ਨਹੀਂ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸ਼ੁਰੂ ਤੋਂ ਹੀ ਤਿੰਨ ਹੋਰ ਮੰਗਾਂ ਰੱਖੀਆਂ ਸਨ।

1. ਖੇਤੀ ਦੀ ਪੂਰੀ ਲਾਗਤ 'ਤੇ ਆਧਾਰਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਸਾਰੀਆਂ ਫ਼ਸਲਾਂ ਲਈ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ, ਤਾਂ ਜੋ ਦੇਸ਼ ਦੇ ਹਰ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਤੇ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਿੱਤੀ ਜਾ ਸਕੇ। (ਤੁਹਾਡੀ ਪ੍ਰਧਾਨਗੀ ਹੇਠ ਬਣੀ ਕਮੇਟੀ ਨੇ ਇਹ ਸਿਫ਼ਾਰਸ਼ 2011 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਨੂੰ ਦਿੱਤੀ ਸੀ ਅਤੇ ਤੁਹਾਡੀ ਸਰਕਾਰ ਨੇ ਇਸ ਬਾਰੇ ਸੰਸਦ ਵਿੱਚ ਐਲਾਨ ਵੀ ਕੀਤਾ ਸੀ)

2. ਸਰਕਾਰ ਵੱਲੋਂ ਪ੍ਰਸਤਾਵਿਤ 'ਬਿਜਲੀ ਐਕਟ ਸੋਧ ਬਿੱਲ 2020/2021' ਦਾ ਡਰਾਫਟ ਵਾਪਸ ਲਿਆ ਜਾਵੇ। (ਗੱਲਬਾਤ ਦੌਰਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ, ਪਰ ਫਿਰ ਵਾਅਦੇ ਤੋਂ ਮੁਨਕਰ ਹੋ ਕੇ ਇਸ ਨੂੰ ਸੰਸਦ ਦੇ ਕਾਰਜਕ੍ਰਮ ਵਿਚ ਸ਼ਾਮਲ ਕਰ ਲਿਆ ਗਿਆ)

3. ਨੈਸ਼ਨਲ ਕੈਪੀਟਲ ਰੀਜਨ (ਐਨ.ਸੀ.ਆਰ.) ਅਤੇ ਇਸ ਨਾਲ ਜੁੜੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ, ਐਕਟ, 2021 'ਚ, ਕਿਸਾਨਾਂ ਨੂੰ ਸਜ਼ਾ ਦੀ ਵਿਵਸਥਾ ਨੂੰ ਹਟਾਇਆ ਜਾਵੇ (ਇਸ ਸਾਲ ਸਰਕਾਰ ਨੇ ਕੁਝ ਕਿਸਾਨ ਵਿਰੋਧੀ ਨੂੰ ਹਟਾ ਦਿੱਤਾ ਸੀ, ਪਰ ਦੁਬਾਰਾ ਧਾਰਾ-15 ਰਾਹੀਂ ਕਿਸਾਨਾਂ ਨੂੰ ਸਜ਼ਾ ਦੇਣ ਦੀ ਵਿਵਸਥਾ ਕਰ ਦਿੱਤੀ ਹੈ)

ਤੁਹਾਡੇ ਸੰਬੋਧਨ 'ਚ ਇਨ੍ਹਾਂ ਵੱਡੀਆਂ ਮੰਗਾਂ 'ਤੇ ਕੋਈ ਠੋਸ ਐਲਾਨ ਨਾ ਹੋਣ ਕਾਰਨ ਕਿਸਾਨਾਂ ਨੂੰ ਨਿਰਾਸ਼ਾ ਹੋਈ ਹੈ। ਕਿਸਾਨਾਂ ਨੂੰ ਆਸ ਸੀ ਕਿ ਇਹ ਇਤਿਹਾਸਕ ਅੰਦੋਲਨ ਨਾ ਸਿਰਫ਼ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਾਵਾਏਗਾ, ਸਗੋਂ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦੇ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਦੇਵੇਗਾ। ਪ੍ਰਧਾਨ ਮੰਤਰੀ ਜੀ, ਪਿਛਲੇ ਇੱਕ ਸਾਲ ਵਿੱਚ ਇਸ ਇਤਿਹਾਸਕ ਅੰਦੋਲਨ ਦੌਰਾਨ ਕਈ ਹੋਰ ਮੁੱਦੇ ਵੀ ਉਠਾਏ ਗਏ ਹਨ, ਜਿਨ੍ਹਾਂ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ।

1. ਇਸ ਅੰਦੋਲਨ ਦੌਰਾਨ (ਜੂਨ 2020 ਤੋਂ ਹੁਣ ਤੱਕ) ਦਿੱਲੀ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹਜ਼ਾਰਾਂ ਕਿਸਾਨਾਂ ਨੂੰ ਸੈਂਕੜੇ ਕੇਸਾਂ ਵਿੱਚ ਫਸਾਇਆ ਗਿਆ ਹੈ। ਇਹ ਕੇਸ ਤੁਰੰਤ ਵਾਪਸ ਲਏ ਜਾਣ।

2. ਲਖੀਮਪੁਰ ਖੇੜੀ ਕਤਲ ਕਾਂਡ ਦਾ ਮਾਸਟਰਮਾਈਂਡ ਅਤੇ ਧਾਰਾ 120 ਬੀ ਦਾ ਦੋਸ਼ੀ ਅਜੇ ਮਿਸ਼ਰਾ ਟੈਣੀ ਅਜੇ ਵੀ ਸ਼ਰੇਆਮ ਘੁੰਮ ਰਿਹਾ ਹੈ ਅਤੇ ਤੁਹਾਡੀ ਕੈਬਨਿਟ ਵਿੱਚ ਮੰਤਰੀ ਬਣਿਆ ਹੋਇਆ ਹੈ। ਉਹ ਤੁਹਾਡੇ ਅਤੇ ਹੋਰ ਸੀਨੀਅਰ ਮੰਤਰੀਆਂ ਨਾਲ ਵੀ ਸਟੇਜ ਸਾਂਝੀ ਕਰ ਰਿਹਾ ਹੈ। ਉਹਨਾਂ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ।

3. ਇਸ ਅੰਦੋਲਨ ਦੌਰਾਨ ਹੁਣ ਤੱਕ 700 ਦੇ ਕਰੀਬ ਕਿਸਾਨ ਸ਼ਹੀਦੀ ਦੇ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਾਂ ਦੇ ਮੁਆਵਜ਼ੇ ਅਤੇ ਮੁੜ ਵਸੇਬੇ ਦੀ ਵਿਵਸਥਾ ਹੋਣੀ ਚਾਹੀਦੀ ਹੈ। ਸਿੰਘੂ ਬਾਰਡਰ 'ਤੇ ਸ਼ਹੀਦ ਕਿਸਾਨਾਂ ਦੀ ਯਾਦ 'ਚ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਦਿੱਤੀ ਜਾਵੇ।

ਪ੍ਰਧਾਨ ਮੰਤਰੀ ਜੀ, ਤੁਸੀਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਾਨੂੰ ਘਰ ਵਾਪਸ ਜਾਣਾ ਚਾਹੀਦਾ ਹੈ। ਅਸੀਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਸੜਕ 'ਤੇ ਬੈਠਣ ਦੇ ਸ਼ੌਕੀਨ ਨਹੀਂ ਹਾਂ। ਅਸੀਂ ਵੀ ਇਹੀ ਚਾਹੁੰਦੇ ਹਾਂ ਕਿ ਇਨ੍ਹਾਂ ਹੋਰ ਮਸਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਤੋਂ ਬਾਅਦ ਅਸੀਂ ਆਪਣੇ ਘਰ-ਪਰਿਵਾਰ ਅਤੇ ਖੇਤੀ ਵੱਲ ਪਰਤੀਏ। ਜੇਕਰ ਤੁਸੀਂ ਵੀ ਇਹੀ ਚਾਹੁੰਦੇ ਹੋ ਤਾਂ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਇਨ੍ਹਾਂ 6 ਮੁੱਦਿਆਂ 'ਤੇ ਸੰਯੁਕਤ ਕਿਸਾਨ ਮੋਰਚਾ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਉਦੋਂ ਤੱਕ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਅੰਦੋਲਨ ਜਾਰੀ ਰੱਖੇਗਾ।

Related Stories

No stories found.
logo
Punjab Today
www.punjabtoday.com