ਮਹਿਬੂਬਾ ਮੁਫਤੀ ਨੇ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਨੂੰ ਕੀਤਾ ਸਲਾਮ

ਮਹਿਬੂਬਾ ਨੇ ਕਿਹਾ ਕਿ ਪਿਛਲੇ ਸੱਤ-ਅੱਠ ਸਾਲਾਂ ਵਿੱਚ ਭਾਰਤ ਵਿੱਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੀ ਨੀਂਹ ਹਿੱਲ ਗਈ ਹੈ।
ਮਹਿਬੂਬਾ ਮੁਫਤੀ ਨੇ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਨੂੰ ਕੀਤਾ ਸਲਾਮ

ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੀ ਹਰ ਤਰਫ਼ੋਂ ਪ੍ਰਸੰਸਾ ਹੋ ਰਹੀ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫਤੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ 'ਭਾਰਤ ਜੋੜੋ ਯਾਤਰਾ' ਸ਼ੁਰੂ ਕਰਨ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸਲਾਮ ਕਰਦੀ ਹੈ।

ਮਹਿਬੂਬਾ ਮੁਫਤੀ ਨੇ ਇਸਦੇ ਨਾਲ ਹੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸੀ ਆਗੂ ਦੀ ਤਾਰੀਫ਼ ਵੀ ਕੀਤੀ । ਮਹਿਬੂਬਾ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ 'ਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨੂੰ ਇਕਜੁੱਟ ਕਰਨ ਅਤੇ ਇਸ ਦੇਸ਼ ਵਿਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਅਤੇ ਵਿਕਸਿਤ ਕਰਨ ਲਈ 'ਭਾਰਤ ਜੋੜੋ ਯਾਤਰਾ' ਸ਼ੁਰੂ ਕਰਨ ਲਈ ਰਾਹੁਲ ਗਾਂਧੀ ਨੂੰ ਸਲਾਮ ਕਰਦੀ ਹਾਂ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਦੀ ਧਰਮ ਨਿਰਪੱਖ ਨੀਂਹ ਨੂੰ ਕਮਜ਼ੋਰ ਕਰਨ ਅਤੇ ਤੋੜਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ।

ਮਹਿਬੂਬਾ ਨੇ ਕਿਹਾ ਕਿ ਪਿਛਲੇ ਸੱਤ-ਅੱਠ ਸਾਲਾਂ ਵਿੱਚ ਭਾਰਤ ਵਿੱਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੀ ਨੀਂਹ ਹਿੱਲ ਗਈ ਹੈ। ਰਾਹੁਲ ਗਾਂਧੀ ਵੱਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਂਟ ਕਰਨ ਬਾਰੇ ਉਨ੍ਹਾਂ ਕਿਹਾ ਕਿ ਆਪਣੇ ਵਿਰੋਧੀਆਂ ਦਾ ਸਨਮਾਨ ਕਰਨਾ ਵੀ ਚੰਗਾ ਇਸ਼ਾਰਾ ਹੈ। ਇਹ ਇਸ ਦੇਸ਼ ਦੀ ਖ਼ੂਬਸੂਰਤੀ ਹੈ ਕਿ ਵਿਰੋਧੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ, ਭਾਵੇਂ ਉਹ ਮਰੇ ਹੋਣ ਜਾਂ ਜਿਉਂਦੇ। ਹਾਲਾਂਕਿ, ਇਹ ਹੁਣ ਗਾਇਬ ਹੈ। ਮਹਿਬੂਬਾ ਨੇ ਵੀ ਵਾਜਪਾਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਖਦੇ ਹਨ।

ਇਸ ਤੋਂ ਪਹਿਲਾਂ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ 'ਚ ਚੀਨ ਨਾਲ ਹੋਈ ਝੜਪ 'ਤੇ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਮੋਦੀ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਜਵਾਨਾਂ ਨੂੰ ਜਵਾਬੀ ਕਾਰਵਾਈ ਨਹੀਂ ਕਰਨ ਦੇ ਰਹੀ। ਜਵਾਨਾਂ ਨੂੰ ਜਵਾਬ ਦੇਣ ਤੋਂ ਰੋਕਿਆ ਜਾ ਰਿਹਾ ਹੈ। ਇਹ ਅਫਸੋਸਨਾਕ ਸਥਿਤੀ ਹੈ। ਮਹਿਬੂਬਾ ਮੁਫਤੀ ਨੇ ਕਿਹਾ ਕਿ ਸਾਡੀ ਜ਼ਮੀਨ ਹੜੱਪਣ ਵਾਲੇ ਚੀਨ ਨੂੰ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ, ਪਰ ਜੰਮੂ-ਕਸ਼ਮੀਰ 'ਚ ਲੋਕਾਂ ਨੂੰ ਲੀਜ਼ 'ਤੇ ਦਿੱਤੀ ਗਈ ਜ਼ਮੀਨ ਸਰਕਾਰ ਖੋਹ ਰਹੀ ਹੈ। ਕਸ਼ਮੀਰ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੋ ਰਿਹਾ ਹੈ। ਸਰਕਾਰ ਕਹਿੰਦੀ ਹੈ ਕਿ ਉਹ ਸਾਡੇ ਨਾਗਰਿਕ ਹਨ, ਅਸੀਂ ਉਨ੍ਹਾਂ ਨੂੰ ਆਪਣੇ ਤੋਂ ਵੱਖ ਨਹੀਂ ਕਰ ਸਕਦੇ, ਫਿਰ ਵੀ ਸਰਕਾਰ ਉਨ੍ਹਾਂ ਦੀ ਜ਼ਮੀਨ ਖੋਹ ਰਹੀ ਹੈ।

Related Stories

No stories found.
logo
Punjab Today
www.punjabtoday.com