ਪ੍ਰਵਾਸੀ ਪੰਜਾਬੀਆਂ ਦੀ ਮਦਦ ਲਈ ਤਿਆਰ ਮਾਨ ਸਰਕਾਰ, ਵਟਸਐਪ ਨੰਬਰ ਜਾਰੀ

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਸੂਬੇ ਵਿੱਚ ਜਲਦੀ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।
ਪ੍ਰਵਾਸੀ ਪੰਜਾਬੀਆਂ ਦੀ ਮਦਦ ਲਈ ਤਿਆਰ ਮਾਨ ਸਰਕਾਰ, ਵਟਸਐਪ ਨੰਬਰ ਜਾਰੀ

ਪੰਜਾਬ ਸਰਕਾਰ ਲਗਾਤਾਰ ਪ੍ਰਵਾਸੀ ਪੰਜਾਬੀਆਂ ਨੂੰ ਸਹੂਲਤਾਂ ਦੇ ਰਹੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਸੂਬੇ ਵਿੱਚ ਜਲਦੀ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ।

ਧਾਲੀਵਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਆਯੋਜਿਤ 5ਵੀਂ ਐਨ.ਆਰ.ਆਈ ਮੀਟ ਦੌਰਾਨ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦੀ ਇਸ ਕੋਸ਼ਿਸ਼ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਦੂਜੇ ਪਾਸੇ ਪ੍ਰਵਾਸੀ ਭਾਰਤੀਆਂ ਨੂੰ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਧਾਲੀਵਾਲ ਨੇ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ ਦੇ ਸਿਵਲ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਵਿਦੇਸ਼ੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਸਥਾਪਤ ਕਰਨ ਲਈ ਜਲਦੀ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਦੀ ਕੀਮਤੀ ਊਰਜਾ, ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।

ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਭਾਰਤੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਬਿਨਾਂ ਕਿਸੇ ਦੇਰੀ ਦੇ ਪ੍ਰਵਾਸੀ ਭਾਰਤੀਆਂ ਦੇ ਮਸਲੇ ਦਾ ਜਲਦੀ ਨਿਪਟਾਰਾ ਕਰਨਗੇ। ਇਸ ਦੌਰਾਨ ਵਿਧਾਇਕ ਅਮਰਪਾਲ ਸਿੰਘ, ਵਿਧਾਇਕ ਕਸ਼ਮੀਰ ਸਿੰਘ ਸੋਹਲ, ਵਿਧਾਇਕ ਸਵਰਨ ਸਿੰਘ ਧੁੰਨ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ ਹਾਜ਼ਰ ਸਨ।

ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਨਵੀਂ ਪਹਿਲ ਕਰਦਿਆਂ ਪ੍ਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦਾ ਸਥਾਈ ਹੱਲ ਦਿੰਦਿਆਂ ਇੱਕ ਵਟਸਐਪ ਨੰਬਰ 9056009884 ਜਾਰੀ ਕੀਤਾ। ਇਸ ਨੰਬਰ 'ਤੇ ਪ੍ਰਾਪਤ ਹੋਈ ਸ਼ਿਕਾਇਤ ਨੂੰ ਸਬੰਧਤ ਅਧਿਕਾਰੀ ਨੂੰ ਭੇਜ ਦਿੱਤਾ ਜਾਵੇਗਾ। ਇਸ ਸ਼ਿਕਾਇਤ ਦੀ ਅਪਡੇਟ ਸਬੰਧਤ ਪ੍ਰਵਾਸੀ ਪੰਜਾਬੀ ਨੂੰ ਵੀ ਦਿੱਤੀ ਜਾਵੇਗੀ। ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕਾਊਂਟਰ ਲਗਾਏ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਸਮਾਗਮ ਦੌਰਾਨ ਕੁੱਲ 103 ਕੇਸਾਂ ਦੀ ਸੁਣਵਾਈ ਹੋਈ।

Related Stories

No stories found.
logo
Punjab Today
www.punjabtoday.com