ਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ 'ਤੇ ਸਿਆਸਤ ਗਰਮਾਈ

ਚੰਡੀਗੜ੍ਹ 'ਚ ਵਿਧਾਨ ਸਭਾ ਲਈ ਹਰਿਆਣਾ ਨੂੰ ਵੱਖਰੀ ਜ਼ਮੀਨ ਦਿੱਤੇ ਜਾਣ ਦੇ ਮੁੱਦੇ 'ਤੇ 'ਆਪ' ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਹਰਿਆਣਾ ਪੰਚਕੂਲਾ ਜਾਂ ਕਰਨਾਲ ਵਿੱਚ ਆਪਣੀ ਵਿਧਾਨ ਸਭਾ ਬਣਾ ਸਕਦਾ ਹੈ।
ਚੰਡੀਗੜ੍ਹ 'ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ 'ਤੇ ਸਿਆਸਤ ਗਰਮਾਈ

ਹਰਿਆਣਾ ਕਾਫੀ ਸਮੇਂ ਤੋਂ ਆਪਣੀ ਅਲਗ ਵਿਧਾਨਸਭਾ ਦੀ ਮੰਗ ਕਰ ਰਿਹਾ ਹੈ। ਪਿਛਲੇ ਦਿਨੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।

ਇਸ ਮੀਟਿੰਗ ਵਿੱਚ ਗਿਆਨ ਚੰਦ ਗੁਪਤਾ ਨੇ ਰਾਜਪਾਲ ਨਾਲ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਜ਼ਮੀਨ ਦੇ ਅਦਲਾ-ਬਦਲੀ ਦੇ ਪ੍ਰਸਤਾਵ 'ਤੇ ਚਰਚਾ ਕੀਤੀ। ਇਸ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਹਰਿਆਣਾ ਨੂੰ ਵੱਖਰੀ ਜ਼ਮੀਨ ਦਿੱਤੇ ਜਾਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਕਹਿਣਾ ਹੈ ਕਿ ਹਰਿਆਣਾ ਪੰਚਕੂਲਾ ਜਾਂ ਕਰਨਾਲ ਵਿੱਚ ਆਪਣੀ ਵਿਧਾਨ ਸਭਾ ਬਣਾ ਸਕਦਾ ਹੈ।

ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ। ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਬਨਵਾਰੀਲਾਲ ਪੁਰੋਹਿਤ ਨੂੰ ਇਸ ਪ੍ਰਸਤਾਵ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪ੍ਰਸਤਾਵ ਸੰਵਿਧਾਨਕ ਮਰਿਆਦਾ ਦੇ ਖਿਲਾਫ ਹੈ।

ਦੂਜੇ ਪਾਸੇ ਭਾਜਪਾ ਆਗੂ ਸੁਨੀਲ ਜਾਖੜ ਨੇ ਇਸ ਮੰਗ ਨੂੰ ਤਰਕਹੀਣ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਹੈ ਅਤੇ ਹਰਿਆਣਾ ਸਰਕਾਰ ਮੂਲ ਰਾਜ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਦੀ ਅਦਲਾ-ਬਦਲੀ ਲਈ ਅਰਜ਼ੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ 'ਜੇਕਰ ਅਜਿਹੀਆਂ ਬੇਨਤੀਆਂ 'ਤੇ ਵਿਚਾਰ ਕੀਤਾ ਜਾਂਦਾ ਹੈ, ਤਾਂ ਇਸ ਨਾਲ ਅਰਾਜਕਤਾ ਪੈਦਾ ਹੋਵੇਗੀ।

ਅਕਾਲੀ ਆਗੂ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜੋ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਕੇਸ ਵਾਂਗ ਭੜਕ ਸਕਦਾ ਹੈ। ਪੰਜਾਬ ਸੰਘਰਸ਼ ਦੇ ਦੌਰ ਵਿੱਚੋਂ ਲੰਘਿਆ ਹੈ ਅਤੇ ਇਸ ਖੇਤਰ ਵਿੱਚ ਮਾਹੌਲ ਖ਼ਰਾਬ ਕਰਨ ਲਈ ਕੁਝ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਰਿਆਣਾ ਸਮਝਦਾ ਹੈ ਕਿ ਵੱਖਰੀ ਵਿਧਾਨ ਸਭਾ ਬਣਾ ਕੇ ਚੰਡੀਗੜ੍ਹ ਵਿਚ ਆਪਣੀ ਸਥਿਤੀ ਮਜ਼ਬੂਤ ​​ਕਰ ਲਵੇਗਾ, ਪਰ ਉਹ ਅੱਗ ਨਾਲ ਖੇਡ ਰਿਹਾ ਹੈ। ਅਕਾਲੀ ਦਲ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਝੂਠੇ ਏਜੰਡੇ ਦਾ ਡਟ ਕੇ ਵਿਰੋਧ ਕਰਨ ਲਈ ਦ੍ਰਿੜ ਹੈ, ਜਿਨ੍ਹਾਂ ਨੂੰ ਇਹ ਪ੍ਰਸਤਾਵ ਅਸਹਿਣਯੋਗ ਅਤੇ ਅਸਵੀਕਾਰਨਯੋਗ ਲੱਗਦਾ ਹੈ।

Related Stories

No stories found.
logo
Punjab Today
www.punjabtoday.com