ਪੰਜਾਬ 'ਚ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਧਾਲੀਵਾਲ

ਇਸ ਦੇ ਨਾਲ ਹੀ ਵੱਖ-ਵੱਖ ਘੁਟਾਲਿਆਂ ਬਾਰੇ ਪੁੱਛੇ ਜਾਣ 'ਤੇ ਧਾਲੀਵਾਲ ਨੇ ਕਿਹਾ ਕਿ ਹਰ ਘੁਟਾਲੇ ਦੀ ਜਾਂਚ ਕੀਤੀ ਜਾਵੇਗੀ। ਦੋਸ਼ੀਆਂ ਖਿਲਾਫ ਹਰ ਹਾਲਤ 'ਚ ਕਾਰਵਾਈ ਕੀਤੀ ਜਾਵੇਗੀ।
ਪੰਜਾਬ 'ਚ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ : ਧਾਲੀਵਾਲ
Updated on
2 min read

ਪੰਜਾਬ 'ਚ ਝੋਨੇ ਦੀ ਫ਼ਸਲ ਨੂੰ ਤਿਆਰ ਹੋਣ ਵਿੱਚ ਥੋੜ੍ਹਾ ਹੀ ਸਮਾਂ ਬਚਿਆ ਹੈ। ਇਸ ਕਾਰਨ ਸਰਕਾਰ ਦੀ ਕੋਸ਼ਿਸ਼ ਹੈ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਉਨ੍ਹਾਂ ਦਾ ਜ਼ਿਲ੍ਹੇ ਦਾ ਦੌਰਾ ਕਰਨ ਦਾ ਇੱਕੋ ਇੱਕ ਏਜੰਡਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ 'ਤੇ ਲਿਆਉਣਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਘੁਟਾਲਿਆਂ ਬਾਰੇ ਪੁੱਛੇ ਜਾਣ 'ਤੇ ਧਾਲੀਵਾਲ ਨੇ ਕਿਹਾ ਕਿ ਹਰ ਘੁਟਾਲੇ ਦੀ ਜਾਂਚ ਕੀਤੀ ਜਾਵੇਗੀ। ਦੋਸ਼ੀਆਂ ਖਿਲਾਫ ਹਰ ਹਾਲਤ 'ਚ ਕਾਰਵਾਈ ਕੀਤੀ ਜਾਵੇਗੀ।

ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੌਰਾਨ ਵੀ ਪਰਾਲੀ ਸਾੜਨ ਦੀਆਂ ਕੁਝ ਹੀ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਵਾਰ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਬਹੁਤ ਨੁਕਸਾਨ ਹੁੰਦਾ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਪਠਾਨਕੋਟ ਤੋਂ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦੌਰਾਨ ਆਪਰੇਸ਼ਨ ਲੋਟਸ ਅਤੇ ਹੋਰ ਮੁੱਦਿਆਂ ਸਬੰਧੀ ਪੁੱਛੇ ਗਏ ਸਵਾਲਾਂ ਦਾ ਕੋਈ ਸਿੱਧਾ ਜਵਾਬ ਨਹੀਂ ਦਿੱਤਾ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਵਿੱਤ ਮੰਤਰੀ ਆਪਰੇਸ਼ਨ ਲੋਟਸ 'ਤੇ ਸਥਿਤੀ ਸਪੱਸ਼ਟ ਕਰ ਚੁੱਕੇ ਹਨ। ਉਹ ਸਿਰਫ ਮਿਸ਼ਨ ਪਰਾਲੀ 'ਤੇ ਗੱਲ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵਿਧਾਇਕਾਂ ਵਲੋਂ ਹੋਰਸ ਟ੍ਰੇਡਿੰਗ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਭਾਜਪਾ ਨੂੰ ਕੁਝ ਨਹੀਂ ਮਿਲੇਗਾ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ 'ਆਪ' ਦੇ ਸਾਰੇ ਵਿਧਾਇਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚਟਾਨ ਵਾਂਗ ਖੜ੍ਹੇ ਹਨ। ਧਾਲੀਵਾਲ ਨੇ ਤਾਅਨਾ ਮਾਰਦਿਆਂ ਕਿਹਾ ਕਿ ਆਪਰੇਸ਼ਨ ਲੋਟਸ ਨੂੰ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਧੋਖਾਧੜੀ ਕਿਹਾ ਗਿਆ ਸੀ ਅਤੇ ਇਸ ਦੀ ਸਕ੍ਰਿਪਟ ਸਰਕਾਰ ਵੱਲੋਂ ਲਿਖੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਸ ਨੂੰ ਰਾਜਾ ਨਾ ਕਿਹਾ ਜਾਵੇ, ਨਾਂ ਤਾਂ ਵੜਿੰਗ ਕੋਈ ਰਾਜਾ ਹੈ ਅਤੇ ਨਾਂ ਹੀ ਉਸਦੀ ਕੋਈ ਪਰਜਾ ਹੈ।

ਇਸ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਵੜਿੰਗ ਬਹੁਤ ਚੰਗੇ ਇਨਸਾਨ ਹਨ, ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਨਾ ਲਓ। ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਵੇਂ ਵਾਇਰਸ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਲੈ ਕੇ ਸਰਕਾਰ ਗੰਭੀਰ ਹੈ। ਸਰਕਾਰ ਵੱਲੋਂ ਖਰਾਬ ਹੋਈ ਝੋਨੇ ਦੀ ਫਸਲ ਦਾ ਸਰਵੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਵੇਖਣ ਚੱਲ ਰਿਹਾ ਹੈ, ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਹਿਸਾਬ ਨਾਲ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ।

Related Stories

No stories found.
logo
Punjab Today
www.punjabtoday.com