ਜਲੰਧਰ ਉਪ ਚੋਣ ਲਈ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਕਮਰ ਕਸ ਲਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਦਲਜੀਤ ਚੀਮਾ ਅਤੇ ਡਾ. ਸੁੱਖੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਪੰਜਾਬ ਵਿੱਚ ਅਮਨ-ਕਾਨੂੰਨ ਖ਼ਰਾਬ ਨਾ ਹੋਇਆ ਹੋਵੇ । ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੌਜੂਦ ਨਹੀਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਇੱਕ ਸਾਲ ਨੇ ਪੰਜਾਬੀਆਂ ਨੂੰ 1984 ਦੇ ਉਸ ਦੌਰ ਦੀ ਯਾਦ ਦਿਵਾ ਦਿੱਤੀ ਹੈ, ਜਦੋਂ ਲੁੱਟਾਂ-ਖੋਹਾਂ ਅਤੇ ਮੌਤਾਂ ਦੀਆਂ ਘਟਨਾਵਾਂ ਆਮ ਹੁੰਦੀਆਂ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਪੰਥਕ ਪਾਰਟੀ ਅਕਾਲੀ ਦਲ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਬੇਅਦਬੀ ਦੇ ਮਾਮਲਿਆਂ 'ਚ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਨਸ਼ਾਖੋਰੀ ਨੂੰ ਖਤਮ ਕੀਤਾ ਜਾਵੇਗਾ। ਪਰ ਇੱਕ ਸਾਲ ਬੀਤ ਗਿਆ ਹੈ, ਨਾ ਤਾਂ ਨਸ਼ਾ ਖਤਮ ਹੋਇਆ ਹੈ ਅਤੇ ਨਾ ਹੀ ਬੇਅਦਬੀ ਦੇ ਮਾਮਲਿਆਂ ਵਿੱਚ ਲੋਕਾਂ ਨੂੰ ਇਨਸਾਫ ਮਿਲਿਆ ਹੈ।
ਪਿਛਲੇ ਇੱਕ ਸਾਲ ਵਿੱਚ ਨਾ ਤਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਕੋਈ ਵਿਕਾਸ ਕਾਰਜ ਕਰਵਾਇਆ ਅਤੇ ਨਾ ਹੀ 5 ਸਾਲ ਸੱਤਾ ਦਾ ਸੁੱਖ ਭੋਗਣ ਵਾਲੇ ਕਾਂਗਰਸੀਆਂ ਨੇ ਕੁਝ ਕੰਮ ਕੀਤਾ ਸੀ। ਪੰਜਾਬ ਦੀਆਂ ਸੜਕਾਂ, ਵਿਕਾਸ ਅਤੇ ਲੋਕ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਦੀ ਦੇਣ ਹਨ ਅਤੇ ਇੱਕ ਵਾਰ ਫਿਰ ਅਕਾਲੀ ਦਲ ਦਾ ਸਾਥ ਦੇ ਕੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ।
ਇਸਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨੇ ਮੰਗਲਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ। ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬੁੱਧਵਾਰ ਰਾਤ ਭਾਜਪਾ ਵੱਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਸੀ। ਇਸ ਤੋਂ ਤਿੰਨ ਦਿਨ ਪਹਿਲਾਂ ਹੀ ਅਟਵਾਲ ਭਾਜਪਾ ਵਿਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ।