ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ 'ਤੇ 'ਆਪ' 'ਤੇ ਅਕਾਲੀ ਦਲ ਭੜਕ ਗਿਆ ਹੈ। ਪੰਜਾਬ ਦਾ ਪਾਣੀ ਰਾਜਸਥਾਨ ਨੂੰ ਦੇਣ ਦਾ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਪਤ ਤੌਰ 'ਤੇ ਗੰਗ ਨਹਿਰ ਤੋਂ ਰਾਜਸਥਾਨ ਨੂੰ 900 ਕਿਊਸਿਕ ਦੀ ਮਨਜ਼ੂਰ ਸਮਰੱਥਾ ਦੇ ਮੁਕਾਬਲੇ 1850 ਕਿਊਸਿਕ ਵਾਧੂ ਪਾਣੀ ਛੱਡਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੀ ਸਰਹਿੰਦ ਫੀਡਰ ਤੋਂ ਰਾਜਸਥਾਨ ਦੇ ਪਾਣੀ ਦੀ ਵੰਡ ਵਧਾਉਣ ਦੀ ਤਿਆਰੀ ਕਰ ਰਹੇ ਹਨ। ਰੋਮਾਣਾ ਨੇ ਦੋਸ਼ ਲਾਇਆ ਕਿ 'ਆਪ' ਰਾਜਸਥਾਨ ਅਤੇ ਹਰਿਆਣਾ 'ਚ ਆਪਣੇ ਆਪ ਨੂੰ ਸਥਾਪਿਤ ਕਰਨ ਲਈ ਪੰਜਾਬ ਦੇ ਵਸੀਲਿਆਂ ਦੀ ਲੁੱਟ ਕਰ ਰਹੀ ਹੈ, ਜਿੱਥੇ ਜਲਦੀ ਹੀ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਮਾਮਲੇ ਵਿੱਚ ਵੀ ਅਜਿਹਾ ਕੀਤਾ ਗਿਆ ਸੀ, ਜਦੋਂ ਦੂਜੇ ਰਾਜਾਂ ਵਿੱਚ ਇਸ਼ਤਿਹਾਰਬਾਜ਼ੀ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ।
ਰੋਮਾਣਾ ਨੇ ਸਾਰੀਆਂ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਨੂੰ ਪੰਜਾਬ ਦੇ ਜਲ ਸਰੋਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 150 ਬਲਾਕਾਂ ਵਿੱਚੋਂ 109 ਬਲਾਕ ਪਹਿਲਾਂ ਹੀ ਡਾਰਕ ਜ਼ੋਨ ਵਿੱਚ ਹਨ ਅਤੇ ਜੇਕਰ ਧਰਤੀ ਹੇਠਲੇ ਪਾਣੀ ਦੇ ਸੋਮਿਆਂ ਦੀ ਕਮੀ ਇਸੇ ਰਫ਼ਤਾਰ ਨਾਲ ਜਾਰੀ ਰਹੀ ਤਾਂ ਸੂਬੇ ਦਾ ਵੱਡਾ ਹਿੱਸਾ ਰਾਜਸਥਾਨ ਬਣ ਜਾਣ ਦਾ ਖਦਸ਼ਾ ਹੈ।
ਇਸਤੋਂ ਪਹਿਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਤੋਂ ਰਾਜਸਥਾਨ ਨੂੰ 700 ਕਿਊਸਿਕ ਦੀ ਮੌਜੂਦਾ ਸੀਮਾ ਤੋਂ ਵੱਧ 1200 ਕਿਊਸਿਕ ਦਰਿਆਈ ਪਾਣੀ ਦੀ ਸਪਲਾਈ ਛੱਡਣ ਦੀ ਵਚਨਬੱਧਤਾ 'ਤੇ ਚਿੰਤਾ ਜ਼ਾਹਰ ਕੀਤੀ ਸੀ । ਮਹੱਤਵਪੂਰਨ ਗੱਲ ਇਹ ਹੈ ਕਿ ਰਾਜਸਥਾਨ ਦੇ ਆਗੂ ਹਨੂੰਮਾਨ ਬੈਨੀਵਾਲ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਮਾਨ ਨੇ ਬਠਿੰਡਾ ਵਿੱਚ ਉਨ੍ਹਾਂ ਦੀ ਮੀਟਿੰਗ ਦੌਰਾਨ ਇਸ ਸਬੰਧੀ ਵਚਨਬੱਧਤਾ ਜਤਾਈ ਸੀ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਥ ਅਤੇ ਪੰਜਾਬ ਦੇ ਰਖਵਾਲੇ ਹੋਣ ਦੇ ਨਾਤੇ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੀ 'ਗੁਪਤ ਅਤੇ ਮਨਮਾਨੀ ਵਿਕਰੀ' ਰਾਹੀਂ ਕੀਤੀ ਜਾ ਰਹੀ ਲੁੱਟ ਅੱਗੇ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ।