ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾ ਕਈ ਰਾਜਨੀਤਿਕ ਪਾਰਟੀਆਂ ਨੇ ਇਸ ਸਮਾਗਮ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿਤਾ ਹੈ। ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲੀ ਗੱਲ ਹੈ ਅਤੇ ਇਸ ਮੌਕੇ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ। ਚੀਮਾ ਨੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੋਵਾਂ 'ਤੇ ਨਿਸ਼ਾਨਾ ਸਾਧਿਆ ਹੈ। ਆਪ ਨੇ ਉਦਘਾਟਨੀ ਸਮਾਰੋਹ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਚੀਮਾ ਨੇ ਕਿਹਾ ਕਿ ‘ਆਪ’ ਇਸ ਮੁੱਦੇ ਨੂੰ ਰਾਸ਼ਟਰਪਤੀ ਦੇ ਸਨਮਾਨ ਵਜੋਂ ਪੇਸ਼ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲੇ ਨਾਗਰਿਕ ਪ੍ਰਤੀ ਕਿੰਨਾ ਸਤਿਕਾਰ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ, ਕਿ ਜਦੋਂ ਉਹ ਸੂਬੇ ਦੇ ਦੌਰੇ 'ਤੇ ਆਏ ਤਾਂ ਉਨ੍ਹਾਂ ਦਾ ਸਵਾਗਤ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, "ਅਸੀਂ ਦੇਖਿਆ ਹੈ ਕਿ ਮੁੱਖ ਮੰਤਰੀ ਕਈ ਮੌਕਿਆਂ 'ਤੇ ਰਾਸ਼ਟਰਪਤੀ ਦੁਆਰਾ ਨਾਮਜ਼ਦ ਕੀਤੇ ਗਏ ਪੰਜਾਬ ਦੇ ਰਾਜਪਾਲ ਦਾ ਕਿੰਨਾ ਸਤਿਕਾਰ ਕਰਦੇ ਹਨ।"
ਡਾ.ਚੀਮਾ ਨੇ ਕਿਹਾ ਕਿ ਲੋਕ ਇਸ ਗੱਲ ਤੋਂ ਵੀ ਜਾਣੂ ਹਨ, ਕਿ ਕਾਂਗਰਸ ਪਾਰਟੀ ਨੇ ਸੰਵਿਧਾਨ ਲਈ ਕਿੰਨਾ ਸਤਿਕਾਰ ਕੀਤਾ ਸੀ, ਜਦੋਂ ਇਸਨੇ ਸਖ਼ਤ ਐਮਰਜੈਂਸੀ ਲਗਾ ਕੇ ਨਾਗਰਿਕ ਆਜ਼ਾਦੀਆਂ ਨੂੰ ਦਬਾਇਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿੱਚ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਟਵੀਟ ਕੀਤਾ ਕਿ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਦੁਆਰਾ ਕੀਤਾ ਜਾਣਾ ਚਾਹੀਦਾ ਸੀ, ਪਰ ਮੋਦੀ ਸਰਕਾਰ ਨੇ ਰਾਸ਼ਟਰਪਤੀ ਨੂੰ ਸਮਾਰੋਹ ਲਈ ਸੱਦਾ ਤੱਕ ਨਹੀਂ ਦਿੱਤਾ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਨਾ ਕਰਵਾਉਣ ਲਈ ਮਾਨਯੋਗ ਕਈ ਪਾਰਟੀਆਂ ਨੇ ਸਮਾਗਮ ਦਾ ਬਾਈਕਾਟ ਕੀਤਾ ਹੈ। ਇਸੇ ਆਧਾਰ 'ਤੇ ਦਿੱਲੀ ਦੀ 'ਆਪ' ਸਰਕਾਰ ਨੇ ਵੀ ਸਮਾਗਮ ਦਾ ਬਾਈਕਾਟ ਕੀਤਾ ਹੈ। ਅਕਾਲੀ ਦਲ ਨੇ ਕਿਹਾ ਕਿ ਇਸ ਮੁੱਦੇ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ।