ਬਰਗਾੜੀ ਬੇਅਦਬੀ ਮਾਮਲਾ: ਫਾਇਨਲ ਰਿਪੋਰਟ 'ਚ ਕਿਤੇ ਵੀ ਬਾਦਲਾਂ ਦਾ ਨਾਂ ਨਹੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ SIT ਦੀ ਅੰਤਿਮ ਜਾਂਚ ਰਿਪੋਰਟ ਸਿੱਖ ਭਾਈਚਾਰੇ ਦੇ ਆਗੂਆਂ ਨੂੰ ਸੌਂਪ ਦਿੱਤੀ ਹੈ।
ਬਰਗਾੜੀ ਬੇਅਦਬੀ ਮਾਮਲਾ: ਫਾਇਨਲ ਰਿਪੋਰਟ 'ਚ ਕਿਤੇ ਵੀ ਬਾਦਲਾਂ ਦਾ ਨਾਂ ਨਹੀ

2015 ਦੇ ਬਰਗਾੜੀ ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ ਦੀ SIT ਨੇ ਆਪਣੀ ਜਾਂਚ ਰਿਪੋਰਟ 'ਚ ਡੇਰਾਮੁਖੀ ਗੁਰਮੀਤ ਰਾਮ ਰਹੀਮ ਅਤੇ ਸੱਚਾ ਸੌਦਾ ਦੇ ਪੈਰੋਕਾਰਾਂ 'ਤੇ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸਿੱਖ ਆਗੂਆਂ ਨੂੰ ਸੌਂਪੀ। ਸਿੱਖ ਆਗੂਆਂ ਨਾਲ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਤੋਂ 90 ਦਿਨਾਂ ਦਾ ਸਮਾਂ ਮੰਗਿਆ ਹੈ। ਇਹ ਰਿਪੋਰਟ 29 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਣੀ ਹੈ।

IG ਐੱਸ.ਪੀ.ਐਸ ਪਰਮਾਰ ਦੀ ਅਗਵਾਈ ਵਿੱਚ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ ਨੇ ਆਪਣੀ ਅੰਤਿਮ ਰਿਪੋਰਟ ਵਿੱਚ ਕਿਸੇ ਸਿਆਸੀ ਸਾਜ਼ਿਸ਼ ਤੋਂ ਇਨਕਾਰ ਕੀਤਾ ਹੈ। ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਤੋਂ ਹੀ ਇਸ ਮਾਮਲੇ 'ਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਦੋਸ਼ ਲਗਾ ਰਹੇ ਹਨ। ਇਸ ਮਾਮਲੇ ਵਿੱਚ ਪਹਿਲਾਂ ਗਠਿਤ ਕੀਤੀ ਗਈ ਐਸ.ਆਈ.ਟੀ ਨੇ ਵੀ ਬਾਦਲਾਂ ਨੂੰ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਸੀ।

ਜ਼ਿਕਰਯੋਗ ਹੈ ਕਿ ਉਸ ਸਮੇਂ ਦੇ SIT ਮੈਂਬਰ IGP ਕੁੰਵਰ ਵਿਜੇ ਪ੍ਰਤਾਪ ਸਿੰਘ (ਹੁਣ ਸੇਵਾਮੁਕਤ), ਜੋ ਹੁਣ 'ਆਪ' ਵਿਧਾਇਕ ਹਨ, ਦੁਆਰਾ ਅਦਾਲਤ ਵਿੱਚ ਇੱਕ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਉਸਦੀ ਪੜਤਾਲ ਵਿੱਚ ਪਾਇਆ ਗਿਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸ਼ਾਸਨ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ “ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੀ ਪੂਰਵ-ਯੋਜਨਾਬੱਧ ਸੀ”। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਚਾਰਜਸ਼ੀਟ ਨੂੰ ਖਾਰਜ ਕਰ ਦਿੱਤਾ ਸੀ।

ਸਾਜ਼ਿਸ਼ ਰਚਣ ਦਾ ਪੂਰਾ ਦੋਸ਼ ਡੇਰਾਮੁਖੀ 'ਤੇ ਲੱਗਿਆ

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਤਿੰਨੋਂ ਕੇਸ ਆਪਸ ਵਿੱਚ ਜੁੜੇ ਹੋਏ ਸਨ ਅਤੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਦੁਆਰਾ ਸੋਚੀ-ਸਮਝੀ ਸਾਜ਼ਿਸ਼ ਤਹਿਤ ਅਪਰਾਧ ਨੂੰ ਅੰਜਾਮ ਦਿੱਤਾ ਗਿਆ ਸੀ।

ਐਸਆਈਟੀ ਨੇ ਦਾਅਵਾ ਕੀਤਾ ਕਿ ਇਹ ਰਾਮ ਰਹੀਮ ਹੀ ਸੀ ਜਿਸ ਨੇ ਸਿੱਖ ਪ੍ਰਚਾਰਕ ਦੁਆਰਾ ਸੰਪਰਦਾਵਾਂ ਦੇ ਅਪਮਾਨ ਦਾ ਬਦਲਾ ਲੈਣ ਲਈ ਬੇਅਦਬੀ ਕਰਨ ਦਾ ਹੁਕਮ ਦਿੱਤਾ ਸੀ। ਬੇਅਦਬੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਕੁਝ ਡੇਰਾ ਪੈਰੋਕਾਰਾਂ ਨੇ ਖੁਲਾਸਾ ਕੀਤਾ ਕਿ 2019 ਵਿੱਚ ਨਾਭਾ ਜੇਲ੍ਹ ਵਿੱਚ ਮਾਰੇ ਗਏ ਮਹਿੰਦਰਪਾਲ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਦੱਸਿਆ ਕਿ ਬੇਅਦਬੀ ਨੂੰ ਡੇਰਾ ਮੁਖੀ ਦੇ ਇਸ਼ਾਰੇ 'ਤੇ ਅੰਜਾਮ ਦਿੱਤਾ ਗਿਆ ਸੀ।

ਕੀ ਹੈ ਬਰਗਾੜੀ ਬੇਅਦਬੀ ਮਾਮਲਾ

12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਹੈ। ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ 1 ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸਰੂਪ ਚੋਰੀ ਹੋ ਗਿਆ ਸੀ ਅਤੇ 24 ਸਤੰਬਰ ਨੂੰ ਇੱਥੇ ਬੇਅਦਬੀ ਦੀਆਂ ਧਮਕੀਆਂ ਵਾਲੇ ਪੋਸਟਰ ਚਿਪਕਾਏ ਗਏ ਸਨ। 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖ਼ਮੀ ਹੋ ਗਏ ਸਨ।

ਮੰਨਿਆ ਜਾਂਦਾ ਹੈ ਕਿ ਇਹ ਸਭ ਡੇਰਾ ਮੁਖੀ ਨੇ ਸਿੱਖ ਪ੍ਰਚਾਰਕਾਂ ਤੋਂ ਬਦਲਾ ਲੈਣ ਲਈ ਕੀਤਾ ਸੀ। ਇੱਕ ਰਿਪੋਰਟ ਮੁਤਾਬਕ 22 ਮਾਰਚ, 2015 ਨੂੰ ਇੱਕ ਦੀਵਾਨ ਦੌਰਾਨ, ਹਰਜਿੰਦਰ ਸਿੰਘ ਮਾਂਝੀ, ਜੋਕਿ ਇੱਕ ਸਿੱਖ ਪ੍ਰਚਾਰਕ ਹਨ, ਨੇ ਉੱਥੇ ਮੌਜੂਦ ਕੁਝ ਡੇਰਾ ਪੈਰੋਕਾਰਾਂ ਨੂੰ ਆਪਣੇ ਲੋਕਟ ਉਤਾਰਨ ਲਈ ਕਿਹਾ ਸੀ। ਉਹਨਾਂ ਨੇ ਕਿਹਾ ਸੀ ਕਿ ਜਾਂ ਤਾਂ ਡੇਰੇ ਵਾਲੇ ਲੋਕਟ ਉਤਾਰ ਦਿਓ ਜਾਂ ਫਿਰ ਦੀਵਾਨ ਛੱਡ ਕੇ ਚਲੇ ਜਾਉ। ਇਸਤੋਂ ਬਾਅਦ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰਾਂ ਸੰਦੀਪ ਬਰੇਟਾ, ਪਰਦੀਪ ਕਲੇਰ ਅਤੇ ਹਰਸ਼ ਧੂਰੀ ਕੋਲ ਇਹ ਮੁੱਦਾ ਉਠਾਇਆ ਗਿਆ, ਜਿਨ੍ਹਾਂ ਨੇ ਇਸ ਨੂੰ ਡੇਰੇ ਦੀ ਬੇਅਦਬੀ ਵਜੋਂ ਦੇਖਿਆ ਅਤੇ ਬਦਲਾ ਲੈਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਹੀ ਬੇਅਦਬੀ ਦੀ ਸਾਜ਼ਿਸ਼ ਰਚੀ ਗਈ।

Related Stories

No stories found.
logo
Punjab Today
www.punjabtoday.com