ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਜਿੱਤ ਤੋਂ ਬਾਅਦ ਹੋਂਸਲੇ ਕਾਫੀ ਬੁਲੰਦ ਹਨ। ਪੰਜਾਬ ਦੇ ਲੋਕਾਂ ਨੂੰ ਨਵੇਂ ਬਣੇ ਮੁਖ ਮੰਤਰੀ ਤੋਂ ਬਹੁਤ ਜ਼ਿਆਦਾ ਉਮੀਦ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਵਿੱਚ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਪੰਜਾਬ ਵਿੱਚ ਹੁਣ ਇਮਾਨਦਾਰ ਸਰਕਾਰ ਚਲਾਉਣਗੇ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਇੱਕ ਵਟਸਐਪ ਨੰਬਰ ਜਾਰੀ ਕਰਨ ਦੇ ਐਲਾਨ ਦਾ ਸਵਾਗਤ ਕੀਤਾ। ਮਾਨ ਨੇ ਐਲਾਨ ਕੀਤਾ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਰਿਸ਼ਵਤ ਮੰਗਦਾ ਹੈ ਤਾਂ ਲੋਕ ਇਸ ਨੰਬਰ ਤੇ ਗੱਲਬਾਤ ਦੀ ਰਿਕਾਰਡਿੰਗ ਸਾਂਝੀ ਕਰ ਸਕਦੇ ਹਨ।
ਕੇਜਰੀਵਾਲ ਨੇ ਆਨਲਾਈਨ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਅਗਲੀ ਵਾਰ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗੇ ਤਾਂ ਇਨਕਾਰ ਨਾ ਕਰੋ। ਆਪਣਾ ਮੋਬਾਈਲ ਫ਼ੋਨ ਕੱਢ ਕੇ ਰਿਕਾਰਡ ਕਰੋ ਅਤੇ ਉਸ ਨੰਬਰ ਤੇ ਭੇਜੋ ਜੋ ਜਾਰੀ ਕੀਤਾ ਜਾਵੇਗਾ। ਇਹ ਉਸਦਾ (ਮਾਨ ਦਾ) ਨਿੱਜੀ ਵਟਸਐਪ ਨੰਬਰ ਹੋਵੇਗਾ। ਅਸੀਂ ਉਸ ਅਧਿਕਾਰੀ ਖਿਲਾਫ ਸਖਤ ਕਾਰਵਾਈ ਕਰਾਂਗੇ।
ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਵਿੱਚ ਆਪਣੀ ਪਹਿਲੀ 49 ਦਿਨਾਂ ਦੀ ਸਰਕਾਰ ਦੌਰਾਨ ਅਜਿਹਾ ਹੀ ਕਦਮ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ ਸਰਕਾਰ ਬਣਾਈ ਸੀ ਤਾਂ ਮੈਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਸੀ ਅਤੇ ਉਨ੍ਹਾਂ 49 ਦਿਨਾਂ ਦੌਰਾਨ 30-32 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਸੀ।
ਦਿੱਲੀ ਵਿੱਚ ਭ੍ਰਿਸ਼ਟਾਚਾਰ ਦਾ ਸਫਾਇਆ ਹੋ ਗਿਆ ਅਤੇ ਫੋਨ ਆਮ ਆਦਮੀ ਨੂੰ ਤਾਕਤ ਦੇਣ ਦਾ ਸਭ ਤੋਂ ਵੱਡਾ ਸਾਧਨ ਬਣ ਗਿਆ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨੇ ਬਾਅਦ 'ਚ ਹੁਕਮ ਜਾਰੀ ਕਰਕੇ 'ਆਪ' ਸਰਕਾਰ ਤੋਂ ਭ੍ਰਿਸ਼ਟਾਚਾਰ ਵਿਰੋਧੀ ਵਿੰਗ ਖੋਹ ਲਿਆ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਸਾਨੂੰ ਅੱਜ ਤੱਕ ਰਿਸ਼ਵਤ ਦੇਣੀ ਪੈ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਆਮ ਆਦਮੀ ਪਾਰਟੀ ਪਹਿਲੀ ਅਜਿਹੀ ਪਾਰਟੀ ਹੈ, ਜੋ ਇਮਾਨਦਾਰ ਸਰਕਾਰ ਚਲਾ ਰਹੀ ਹੈ। ਮੈਂ ਅਤੇ ਮੇਰੇ ਮੰਤਰੀ, ਮਾਨ ਅਤੇ ਉਨ੍ਹਾਂ ਦੇ ਮੰਤਰੀ ਭ੍ਰਿਸ਼ਟ ਨਹੀਂ ਹਨ।
ਸਾਨੂੰ ਹਫ਼ਤੇ ਨਹੀਂ ਚਾਹੀਦੇ। ਜਿਸ ਤਰ੍ਹਾਂ ਅਸੀਂ ਦਿੱਲੀ 'ਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਹੈ, ਉਸੇ ਤਰ੍ਹਾਂ ਪੰਜਾਬ 'ਚ ਵੀ ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ। 'ਆਪ' ਆਗੂ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਸਨ।