ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਨੂੰ ਵੱਡੀ ਖ਼ੁਸ਼ਖ਼ਬਰੀ ਦੱਸਦੇ ਕਿਹਾ ਕਿ ਆਖਿਰਕਾਰ ਕੇਂਦਰ ਨੂੰ ਜਨਤਾ ਸਾਹਮਣੇ ਝੁਕਣਾ ਪਿਆ। ਜਨਤਾ ਦੀ ਜਿੱਤ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਤੋਂ ਜਨਤਾ ਦੀ ਮਰਜੀ ਚਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਜਗ੍ਹਾ ਤੋਂ ਕਿਸਾਨਾਂ ਦਾ ਹੋਂਸਲਾ ਤੋੜਨ ਦੀ ਕੋਸ਼ਿਸ਼ ਕੀਤੀ ਸਾਡੇ ਕਿਸਾਨਾਂ ਨੂੰ ਅੱਤਵਾਦੀ ਕਿਹਾ, ਖਾਲੀਸਤਾਨੀ ਕਿਹਾ ਗਿਆ ਪਰ ਕਿਸਾਨ ਡਟੇ ਰਹੇ ਤੇ ਕਿਹਾ ਕਿ ਅੰਦੋਲਨ ਦੌਰਾਨ ਜਾਨ ਦੇਣ ਵਾਲੇ ਕਿਸਾਨਾਂ ਦੀ ਜਾਨ ਬਚਾਈ ਜਾ ਸਕਦੀ ਸੀ ਜੇਕਰ ਸਰਕਾਰ ਇਹ ਕਾਨੂੰਨ ਪਹਿਲਾਂ ਵਾਪਿਸ ਲੈ ਲੈਂਦੀ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,‘‘ਅੱਜ ਗੁਰਪੁਰਬ ਮੌਕੇ ਕਿੰਨੀ ਵੱਡੀ ਖ਼ੁਸ਼ਖ਼ਬਰੀ ਮਿਲੀ। ਤਿੰਨੋਂ ਕਾਨੂੰਨ ਰੱਦ ਹੋ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਸ ਤਰ੍ਹਾਂ ਇਸ ਦੇਸ਼ ਦੇ ਕਿਸਾਨਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਕਿਸਾਨੀ ਅਤੇ ਕਿਸਾਨਾਂ ਨੂੰ ਬਚਾਇਆ ਸੀ। ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਨਮਨ।’’
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਦੇ ਨਾਮ ਸੰਬੋਧਨ ’ਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਆਖ਼ੀਰ ਚ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ’ਚ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਹੋਵੇਗੀ।