ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਅਰੋਪੀ ਨੂੰ ਕੁੱਟ-ਕੁੱਟ ਕੇ ਮਾਰਿਆ

ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਦੇ ਪਾਵਨ ਅਸਥਾਨ 'ਚ, ਬੇਅਦਬੀ ਦੀ ਕੋਸ਼ਿਸ਼ ਕਰਨ 'ਤੇ ਗੁੱਸੇ 'ਚ ਆਈ ਸੰਗਤ ਨੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ।
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਅਰੋਪੀ ਨੂੰ ਕੁੱਟ-ਕੁੱਟ ਕੇ ਮਾਰਿਆ

ਕਥਿਤ ਬੇਅਦਬੀ ਦੀ ਘਟਨਾ ਸ਼ਾਮ 5.45 ਵਜੇ ਵਾਪਰੀ ਜਦੋਂ ਰਹਿਰਾਸ ਪਾਠ ਚੱਲ ਰਿਹਾ ਸੀ। ਕੱਟੇ ਵਾਲਾਂ ਵਾਲਾ ਵਿਅਕਤੀ, ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੇ ਆਲੇ ਦੁਆਲੇ ਲੱਗੀ ਗਰਿਲ ਉੱਤੋਂ ਅਚਾਨਕ ਛਾਲ ਮਾਰ ਕੇ ਟੱਪ ਗਿਆ ਅਤੇ ਕਿਰਪਾਨ ਚੁੱਕਣ ਦੀ ਕੋਸ਼ਿਸ਼ ਕੀਤੀ ਅਤੇ ਰੁਮਾਲਾ ਸਾਹਿਬ ਉੱਤੇ ਪੈਰ ਰੱਖੇ।

ਇਸ ਤੋਂ ਪਹਿਲਾਂ ਕਿ ਉਹ ਆਪਣੀ ਕੋਸ਼ਿਸ਼ ਵਿਚ ਕਾਮਯਾਬ ਹੁੰਦਾ, ਉਸ ਨੂੰ ਡਿਊਟੀ 'ਤੇ ਮੌਜੂਦ ਐਸਜੀਪੀਸੀ ਕਰਮਚਾਰੀਆਂ ਨੇ ਕਾਬੂ ਕਰ ਲਿਆ।

ਸੂਤਰਾਂ ਨੇ ਦੱਸਿਆ ਕਿ ਐਸਜੀਪੀਸੀ ਕਰਮਚਾਰੀ ਉਸ ਨੂੰ ਪਰਕਰਮਾ ਦੇ ਨਾਲ ਸਥਿਤ ਇੱਕ ਕਮਰੇ ਵਿੱਚ ਲੈ ਗਏ, ਜਿੱਥੇ ਪੁੱਛਗਿੱਛ ਦੌਰਾਨ ਉਸ ਦੀ ਕੁੱਟਮਾਰ ਕੀਤੀ ਗਈ।

ਇਸ ਦੌਰਾਨ, ਬੇਅਦਬੀ ਕਰਨ ਦੀ ਕਥਿਤ ਕੋਸ਼ਿਸ਼ ਲਾਈਵ ਟੀਵੀ 'ਤੇ ਦੇਖੀ ਗਈ ਕਿਉਂਕਿ ਇੱਕ ਚੈਨਲ 'ਤੇ 'ਪਾਠ' ਲਾਈਵ ਪ੍ਰਸਾਰਿਤ ਕੀਤਾ ਜਾ ਰਿਹਾ ਸੀ। ਇਹ ਕਲਿੱਪ ਜਲਦੀ ਹੀ ਸੋਸ਼ਲ ਮੀਡੀਆ 'ਤੇ ਅੱਗ ਵਾਂਗ' ਫੈਲ ਗਈ ਅਤੇ ਨਿਹੰਗ ਸਿੰਘਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਸਮੇਤ ਲੋਕ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਲੱਗੇ।

ਬਾਅਦ ਵਿੱਚ, ਇੱਕ ਹੋਰ ਵੀਡਿਓ ਕਲਿੱਪ ਸਾਹਮਣੇ ਆਈ ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਫਰਸ਼ 'ਤੇ ਲਾਸ਼ ਪਈ ਦਿਖਾਈ ਦਿੱਤੀ ਅਤੇ ਲੋਕ ਧਾਰਮਿਕ ਨਾਅਰੇਬਾਜ਼ੀ ਕਰਦੇ ਹੋਏ ਇਸ ਦੇ ਆਲੇ-ਦੁਆਲੇ ਇਕੱਠੇ ਹੋ ਗਏ।

ਪਿਛਲੇ ਦੋ ਦਿਨਾਂ ਵਿੱਚ ਹਰਿਮੰਦਰ ਸਾਹਿਬ ਵਿੱਚ ਇਸ ਤਰ੍ਹਾਂ ਦੀ ਦੂਜੀ ਅਤੇ ਪੰਜਾਬ ਚ ਤੀਜੀ ਘਟਨਾ ਹੈ। ਬੁੱਧਵਾਰ ਨੂੰ, ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਨੇ ਹਰਿਮੰਦਰ ਸਾਹਿਬ ਦੇ ਸਰੋਵਰ (ਪਵਿੱਤਰ ਸਰੋਵਰ) ਵਿੱਚ ਪਵਿੱਤਰ ਗੁਟਕਾ (ਗੁਰਬਾਣੀ ਦੀ ਇੱਕ ਪੁਸਤਕ) ਸੁੱਟਣ ਦੇ ਦੋਸ਼ ਵਿੱਚ ਇੱਕ ਰਣਬੀਰ ਸਿੰਘ ਨੂੰ ਪੁਲਿਸ ਨੂੰ ਸੌਂਪ ਦਿੱਤਾ ਸੀ।

ਅਤੇ ਤੀਜੀ ਘਟਨਾ ਅੱਜ ਸਵੇਰ ਦੀ ਹੈ, ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰੇ ਵਿੱਚ ਇੱਕ ਵਿਅਕਤੀ ਵੱਲੋਂ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਗਈ। ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪਿੰਡ ਵਾਸੀਆਂ ਨੇ ਇਸ ਦੀ ਵੀਡੀਓ ਵੀ ਬਣਾਈ।

ਮੁੱਖ ਮੰਤਰੀ ਚਰਨਜੀਤ ਸਿੰਘ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਘਿਨੌਣੇ ਕਾਰੇ ਪਿੱਛੇ ਮੂਲ ਮੰਤਵਾਂ ਅਤੇ ਅਸਲ ਸਾਜ਼ਿਸ਼ਕਰਤਾਵਾਂ ਨੂੰ ਲੱਭਣ ਲਈ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਐਸਜੀਪੀਸੀ ਦੇ ਪ੍ਰਧਾਨ ਨੂੰ ਵੀ ਫੋਨ ਕੀਤਾ ਅਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਉਨ੍ਹਾਂ ਦੀ ਸਰਕਾਰ ਦੁਆਰਾ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਅਕਾਲੀ ਦਲ ਸੰਯੁਕਤ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹੋਰ ਸਿੱਖ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਸਦਭਾਵਨਾ ਅਤੇ ਸ਼ਾਂਤੀਪੂਰਨ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਹੈ।

ਪੰਜ ਵਾਰ ਪੰਜਾਬ ਦੇ ਮੁੱਖ-ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਇਸਨੂੰ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਦਰਦਨਾਕ ਘਟਨਾ ਕਿਹਾ ਹੈ। ਬਾਦਲ ਨੇ ਕਿਹਾ ਕਿ ਇਹ ਅਪਰਾਧ ਨਿੰਦਣਯੋਗ ਹੈ ਅਤੇ ਇਸ ਨਾਲ "ਦੁਨੀਆਂ ਭਰ ਦੇ ਸਿੱਖਾਂ ਦੇ ਮਨਾਂ ਵਿੱਚ ਡੂੰਘੀ ਬੇਚੈਨੀ ਅਤੇ ਰੋਸ ਹੈ।" ਉਹਨਾਂ ਅੱਗੇ ਕਿਹਾ ਕਿ ਇਹ ਅਵਿਸ਼ਵਾਸ਼ਯੋਗ ਹੈ ਕਿ "ਮਨੁੱਖਤਾ ਦੇ ਸਭ ਤੋਂ ਪਵਿੱਤਰ ਅਸਥਾਨ 'ਤੇ ਅਜਿਹਾ ਦਰਦਨਾਕ ਅਤੇ ਬੇਰਹਿਮ ਅਪਰਾਧ ਇੱਕ ਇਕੱਲੇ ਵਿਅਕਤੀ ਦੁਆਰਾ ਕੀਤਾ ਜਾ ਸਕਦਾ ਹੈ"।

ਉਹਨਾਂ ਕਿਹਾ ਕਿ ਇਸ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਇਸ ਸਾਰੀ ਸਾਜ਼ਿਸ਼ ਦੀ ਜਾਂਚ ਕਰਕੇ ਪਰਦਾਫਾਸ਼ ਕੀਤਾ ਜਾਵੇ ਅਤੇ ਇਸ ਦੇ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਹੈ।

ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ, ਇਸ ਘਟਨਾ ਨਾਲ ਦੁਨੀਆਂ ਭਰ ਦੇ ਸਿੱਖਾਂ ਦੇ ਮਨਾਂ ਚ ਗੁੱਸੇ ਅਤੇ ਸ਼ੋਕ ਦੀ ਲਹਿਰ ਦੌੜ ਗਈ ਹੈ। ਦਰਬਾਰ ਸਾਹਿਬ ਦੇ ਇਤਿਹਾਸ ਚ ਇਸ ਤਰ੍ਹਾਂ ਦੀ ਘਟਨਾ ਕਦੇ ਨਹੀਂ ਵਾਪਰੀ।

ਮਨਜਿੰਦਰ ਸਿੰਘ ਸਿਰਸਾ ਨੇ ਗਹਿ੍ ਮੰਤਰੀ ਅਮਿਤ ਸ਼ਾਹ ਨੂੰ, ਇਸ ਮਾਮਲੇ ਦੀ ਵਿਸਤਰਿਤ ਜਾਂਚ ਲਈ ਹੁਕਮ ਜਾਰੀ ਕਰਨ ਨੂੰ ਕਿਹਾ ਹੈ।

ਇਸ ਮਾਮਲੇ ਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਮੈ ਇਸ ਘਿਨਾਉਣੀ ਘਟਨਾ ਦੀ ਸਖਤ ਸ਼ਬਦਾਂ ਚ ਨਿੰਦਾਂ ਕਰਦੀ ਹਾਂ। ਇਹ ਬਰਦਾਸ਼ਤ ਤੋਂ ਬਾਹਰ ਹੈ, ਜਿਹੜੇ ਲੋਕਾਂ ਨੇ ਇਹ ਸਾਜ਼ਿਸ਼ ਰਚੀ ਹੈ ਉਹ ਕਿਸੇ ਵੀ ਹਾਲਤ ਵਿੱਚ ਬਚਣੇ ਨਹੀਂ ਚਾਹੀਦੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ 24 ਘੰਟਿਆਂ ਦੇ ਅੰਦਰ-ਅੰਦਰ ਇਸ ਮਾਮਲੇ ਦੀ ਤਹਿ ਤੱਕ ਪਹੁੰਚੇ, ਇਸ ਆਦਮੀਂ ਕੋਲ ਨਾ ਹੀ ਪਹਿਚਾਣ ਪੱਤਰ ਸੀ ਅਤੇ ਨਾਂ ਹੀ ਕੁਝ ਮਿਲਿਆ। ਇਥੋਂ ਇਹ ਗੱਲ ਤਾਂ ਸਪਸ਼ਟ ਹੁੰਦੀ ਹੈ ਕਿ ਬਹੁਤ ਸੋਚ ਸਮਝ ਕੇ ਇਕ ਸਾਜ਼ਿਸ਼ ਰਚੀ ਜਾ ਰਹੀ ਹੈ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਗਵੰਤ ਮਾਨ ਜਿਹੀਆਂ ਹਸਤੀਆਂ ਨੇ ਟਵੀਟ ਕਰਕੇ ਇਸ ਘਟਨਾ ਤੇ ਦੁੱਖ ਪ੍ਰਗਟਾਇਆ ਹੈ।

Related Stories

No stories found.
logo
Punjab Today
www.punjabtoday.com