
ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਵਿਰੋਧੀਆਂ 'ਤੇ ਕਾਰਵਾਈ ਤੇਜ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸੂਬਾ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ, ਸਗੋਂ ਉਨ੍ਹਾਂ ਭ੍ਰਿਸ਼ਟਾਚਾਰੀਆਂ 'ਤੇ ਸ਼ਿਕੰਜਾ ਕੱਸ ਰਹੀ ਹੈ, ਜਿਨ੍ਹਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ।
ਸ਼ੁੱਕਰਵਾਰ ਨੂੰ ਧੂਰੀ ਹਲਕੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾ ਕੇ ਸਿਸਟਮ ਨੂੰ ਸਾਫ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬੇਰਹਿਮੀ ਅਤੇ ਬੇਸ਼ਰਮੀ ਨਾਲ ਸੂਬੇ ਨੂੰ ਲੁੱਟਿਆ ਹੈ ਅਤੇ ਹੁਣ ਆਪਣੇ ਅਪਰਾਧਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ।
ਭਗਵੰਤ ਮਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਅਜਿਹੇ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਬਦਲੇ ਦੀ ਰਾਜਨੀਤੀ ਕਿਵੇਂ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਮੌਜੂਦਾ ਸਰਕਾਰ ਦਾ ਹੋਵੇ ਜਾਂ ਪਿਛਲੀ ਸਰਕਾਰ ਦਾ, ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਜੀਲੈਂਸ ਬਿਊਰੋ ਸੁਤੰਤਰ ਤੌਰ 'ਤੇ ਕੰਮ ਕਰ ਰਿਹਾ ਹੈ ਅਤੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਜਨਤਾ ਦਾ ਪੈਸਾ ਲੁੱਟਣ ਵਾਲਿਆਂ ਤੋਂ ਇੱਕ-ਇੱਕ ਪੈਸਾ ਵਸੂਲਣਾ ਹੈ। ਵਿਰੋਧੀ ਧਿਰ ਵੱਲੋਂ ਇਸ ਮੁੱਦੇ 'ਤੇ ਰੌਲਾ-ਰੱਪਾ ਪਾਉਣ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਖੁੱਲ੍ਹੀਆਂ ਕਿਤਾਬਾਂ ਦੱਸਣ ਵਾਲੇ ਇਨ੍ਹਾਂ ਆਗੂਆਂ ਦੇ ਜੀਵਨ ਦੇ ਕਈ ਪੰਨੇ ਪਾੜ ਦਿੱਤੇ ਗਏ ਹਨ, ਜਿਸ ਕਾਰਨ ਉਹ ਵਿਜੀਲੈਂਸ ਦੀ ਕਾਰਵਾਈ ਤੋਂ ਡਰਦੇ ਹਨ।
ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਦਾ ਧਿਆਨ ਇਸ ਦਿਸ਼ਾ ਵੱਲ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਇਨਸਾਫ਼ ਦੂਰ ਦੀ ਗੱਲ ਨਹੀਂ, ਕਿਉਂਕਿ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਚਲਾਨ ਪਹਿਲਾਂ ਹੀ ਪੇਸ਼ ਕੀਤੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।