
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ 'ਐਕਸ਼ਨ, ਨਸ਼ਾ ਛੁਡਾਊ ਅਤੇ ਰੋਕਥਾਮ' ਦੀ ਤਿੰਨ-ਪੱਖੀ ਰਣਨੀਤੀ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੁਲਿਸ ਸਟੇਸ਼ਨ/ਇਲਾਕੇ/ਪਿੰਡ ਅਨੁਸਾਰ ਕਾਨੂੰਨ ਤਹਿਤ ਠੋਸ ਕਾਰਵਾਈ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਨ ਵਾਲੇ ਪੁਲਿਸ ਅਤੇ ਸਰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਐਨਡੀਪੀਐਸ ਐਕਟ-1985 ਦੀਆਂ ਧਾਰਾਵਾਂ ਤਹਿਤ ਜ਼ਬਤ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ । ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਐਸਐਸਪੀ ਵਿਜੀਲੈਂਸ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ, ਕਿ ਭ੍ਰਿਸ਼ਟਾਂ ਨੂੰ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਦਿਵਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਕੋਈ ਗੈਰ-ਕਾਨੂੰਨੀ ਮਾਈਨਿੰਗ ਹੁੰਦੀ ਹੈ ਤਾਂ ਉਸ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਬੰਦੂਕ ਕਲਚਰ ਨੂੰ ਖਤਮ ਕਰਨ ਲਈ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 167 ਐਫ.ਆਈ.ਆਰ ਜਨਤਕ ਤੌਰ 'ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖਿਲਾਫ ਦਰਜ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਕੁੱਲ 4.38 ਲੱਖ ਵਿੱਚੋਂ 1.77 ਲੱਖ ਹਥਿਆਰਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 503 ਤੋਂ ਵੱਧ ਗੈਂਗਸਟਰਾਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ ਦੋ ਦਾ ਸਫਾਇਆ ਕੀਤਾ ਜਾ ਚੁੱਕਾ ਹੈ ਅਤੇ 138 ਤੋਂ ਵੱਧ ਅਪਰਾਧਿਕ ਗਰੋਹਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ। ਇਨ੍ਹਾਂ ਅਪਰਾਧੀਆਂ ਵੱਲੋਂ ਵਰਤੇ ਜਾਂਦੇ 481 ਹਥਿਆਰ ਅਤੇ 106 ਵਾਹਨ ਜ਼ਬਤ ਕੀਤੇ ਗਏ ਹਨ।