
ਭਗਵੰਤ ਮਾਨ ਪੰਜਾਬ ਵਿਚ ਵਪਾਰ ਨੂੰ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀਐਸਈ) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ।
ਇੱਥੇ (ਬੀ.ਐਸ.ਈ.) ਵਿਖੇ ਘੰਟੀ ਵਜਾਉਣ (ਮਾਰਕੀਟ ਖੁਲਣ ਦੀ ਰਸਮ) ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਵਪਾਰਕ ਮੌਕਿਆਂ ਦੀ ਵਿਸ਼ਾਲ ਧਰਤੀ ਵਜੋਂ ਪੇਸ਼ ਕੀਤਾ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਬਣੀ ਹੋਈ ਹੈ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।
ਸਨਅਤਕਾਰਾਂ ਨੂੰ ਅਗਲੇ ਮਹੀਨੇ ਮੋਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲੀ ਇਹ ਕਾਨਫਰੰਸ ਇੱਕ ਮੀਲ ਪੱਥਰ ਸਾਬਤ ਹੋਵੇਗੀ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਰਾਜ ਸੂਬਾ ਸਰਕਾਰ ਨੇ ਇਸ ਵੱਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ।
ਸੂਬੇ ਵਿੱਚ ਸਨਅਤੀਕਰਨ ਨੂੰ ਬੜ੍ਹਾਵਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਇਸ ਮੌਕੇ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸੂਬੇ ਲਈ ਨਿਵੇਸ਼ ਆਕਰਸ਼ਿਤ ਕਰਨ ਲਈ ਮੁੰਬਈ ਦੇ ਦੋ ਦਿਨਾਂ ਦੌਰੇ 'ਤੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪੰਜਾਬ ਵਿੱਚ ਫਿਲਮ ਸਿਟੀ ਖੋਲ੍ਹਣ ਦੀ ਯੋਜਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਿਲਮ ਇੰਡਸਟਰੀ ਦੇ ਉਨ੍ਹਾਂ ਦੇ ਬਹੁਤ ਸਾਰੇ ਦੋਸਤ ਹਨ ਜੋ ਮੁੰਬਈ ਵਿੱਚ ਸੈਟਲ ਹਨ ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਬੇਨਤੀ ਕਰਨਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਕਿੰਨੀ ਵੱਡੀ ਹੈ ਅਤੇ ਫਿਲਮ ਸਿਟੀ ਇਸ ਦੇ ਹੋਰ ਵਿਸਤਾਰ ਨੂੰ ਲੈ ਕੇ ਜਾਵੇਗੀ।