ਭਗਵੰਤ ਮਾਨ ਸਿਖਿਆ ਅਤੇ ਸਿਹਤ ਤੋਂ ਬਾਅਦ ਖੇਡਾਂ ਦੇ ਖੇਤਰ ਦਾ ਵਿਕਾਸ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਵਿੱਚ ਲੱਗੀ ਹੋਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਅਤੇ ਉਲੰਪਿਕ ਵਿੱਚ ਚੁਣੇ ਗਏ ਸੂਬੇ ਦੇ ਰਾਸ਼ਟਰੀ ਖਿਡਾਰੀਆਂ ਨੂੰ ਦਿੱਤੀ ਜਾਣ ਵਾਲੀ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਰਾਸ਼ੀ ਦੁੱਗਣੀ ਕਰਨ ਦਾ ਐਲਾਨ ਕੀਤਾ ਹੈ।
ਨਵੇਂ ਫੈਸਲੇ ਤਹਿਤ ਹੁਣ ਰਾਸ਼ਟਰੀ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 16000 ਰੁਪਏ ਮਹੀਨਾ ਵਜ਼ੀਫਾ ਮਿਲੇਗਾ। ਮੁੱਖ ਮੰਤਰੀ ਮਾਨ ਨੇ ਇਹ ਐਲਾਨ ਪੰਜਾਬ ਦੇ ਕੌਮੀ ਖੇਡਾਂ ਦੇ 147 ਮੈਡਲ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਦੇਣ ਮੌਕੇ ਕੀਤਾ। ਮੁੱਖ ਮੰਤਰੀ ਨੇ ਮਿਉਂਸਪਲ ਭਵਨ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ 147 ਮੈਡਲ ਜੇਤੂ ਖਿਡਾਰੀਆਂ ਨੂੰ 5.43 ਕਰੋੜ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਕੌਮੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਹੈ। ਰਾਸ਼ਟਰੀ ਖੇਡਾਂ ਦੇ ਸੋਨ ਮੈਡਲ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦਾ ਮੈਡਲ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਮੈਡਲ ਜੇਤੂਆਂ ਨੂੰ 2-2 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਇੱਕ ਰੋਡਮੈਪ ਤਿਆਰ ਕੀਤਾ ਹੈ।
ਰਾਜ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕਰਨ ਦਾ ਮੁੱਖ ਮੰਤਵ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਚਲਾਉਣਾ ਹੈ, ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਇਸ 'ਚ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਵੱਧ ਤੋਂ ਵੱਧ ਮੈਡਲ ਜਿੱਤਣ 'ਤੇ ਜ਼ੋਰ ਦਿੱਤਾ ਜਾਵੇਗਾ।
ਇਸ ਨੀਤੀ ਦਾ ਖਰੜਾ ਸਾਰੀਆਂ ਧਿਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਖੇਡਾਂ ਅਤੇ ਖਿਡਾਰੀਆਂ ਵਿੱਚ ਉਤਸ਼ਾਹ ਪੈਦਾ ਹੋ ਸਕੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਵਿਭਾਗ ਪੰਜਾਬ ਦੀ ਖੇਡ ਨੀਤੀ ਨੂੰ ਇਕ ਵੱਖਰਾ ਦਸਤਾਵੇਜ਼ ਬਣਾਉਣ ਲਈ ਸਖ਼ਤ ਮਿਹਨਤ ਕਰ ਰਿਹਾ ਹੈ, ਜਿਸ ਨਾਲ ਖਿਡਾਰੀਆਂ ਨੂੰ ਵਧੀਆ ਮਾਹੌਲ ਮਿਲੇਗਾ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਰਾਜ ਸਰਕਾਰ ਵੱਲੋਂ ਸੈਨਾ, ਜਲ ਸੈਨਾ ਅਤੇ ਹੋਰ ਸੇਵਾਵਾਂ ਦੇ ਰਾਸ਼ਟਰੀ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਹੈ।