ਨਵਜੋਤ ਸਿੱਧੂ ਡਰੱਗ ਮਾਮਲੇ ਨੂੰ ਲੈ ਕੇ ਆਪਣੀ ਹੀ ਸਰਕਾਰ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਇਸ ਮਾਮਲੇ ਵਿੱਚ ਧਿਰ ਬਣਨ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਖ਼ਲ ਕਰ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ ਨੋਟਿਸ ਲੈਂਦਿਆਂ ਡਰੱਗ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ ਸੀ। ਇਸ ਦੌਰਾਨ ਹਾਈ ਕੋਰਟ ਨੇ ਐਸ.ਆਈ.ਟੀ ਗਠਿਤ ਕੀਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਕਾਂਗਰਸੀ ਆਗੂਆਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਦੇ ਨਾਲ-ਨਾਲ ਸਿਆਸੀ ਲਾਹਾ ਲੈਣ ਲਈ ਉਨਾਂ ਦਾ ਨਾਂ ਲਗਾਤਾਰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਪਿਛਲੇ ਦਿਨਾਂ ਤੋਂ ਅਜਿਹਾ ਵਾਰ-ਵਾਰ ਕੀਤਾ ਜਾ ਰਿਹਾ ਹੈ। ਅਜਿਹੇ 'ਚ ਉਸ ਨੂੰ ਇਸ ਮਾਮਲੇ 'ਚ ਧਿਰ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਅਦਾਲਤ 'ਚ ਆਪਣੀਆਂ ਦਲੀਲਾਂ ਪੇਸ਼ ਕਰ ਸਕਣ।
ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਨਸ਼ਿਆਂ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਸਵਾਲ ਚੁੱਕੇ ਸਨ । ਉਨ੍ਹਾਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਵੱਡੀਆਂ ਮੱਛੀਆਂ ਨੂੰ ਫੜਨ ਲਈ ਕਦਮ ਚੁੱਕਣ ਦਾ ਸੱਦਾ ਦਿੱਤਾ ਹੈ। ਸਿੱਧੂ ਨੇ ਕੈਪਟਨ 'ਤੇ ਵਿਅੰਗ ਕੱਸਦੇ ਹੋਏ ਲਗਾਤਾਰ ਚਾਰ ਟਵੀਟ ਕੀਤੇ ਸਨ। ਉਨ੍ਹਾਂ ਕਿਹਾ ਕਿ 2017 ਵਿੱਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦੀ ਕਮਰ ਤੋੜ ਦਿਆਂਗੇ, ਪਰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ 2017 ਤੋਂ 2020 ਤੱਕ ਦੀ ਰਿਪੋਰਟ ਅਨੁਸਾਰ ਲਗਾਤਾਰ ਚਾਰ ਸਾਲਾਂ ਦੌਰਾਨ ਪੰਜਾਬ ਨੇ ਐਨ.ਡੀ.ਪੀ.ਐਸ. ਵਿੱਚ ਆਪਣਾ ਹਿੱਸਾ ਵਧਾਇਆ ਹੈ।