ਜਲੰਧਰ ਉਪ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਕਮਰ ਕਸ ਲਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜੋ ਜਲੰਧਰ ਉਪ ਚੋਣ ਲਈ ਪਾਰਟੀ ਲਈ ਪ੍ਰਚਾਰ ਕਰਨਗੇ। ਇਸ ਸੂਚੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਦਿੱਗਜ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਮਈ ਨੂੰ ਆਉਣਗੇ। ਇਹ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ।
ਚਰਨਜੀਤ ਸਿੰਘ ਅਟਵਾਲ ਨੇ ਆਪਣੇ ਪੁੱਤਰ ਦੀ ਨਾਮਜ਼ਦਗੀ ਭਰਨ ਤੋਂ ਅਗਲੇ ਹੀ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। 86 ਸਾਲਾ ਚਰਨਜੀਤ ਸਿੰਘ ਅਟਵਾਲ 2004-09 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਜਲੰਧਰ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇਸ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਲੈ ਕੇ ਮੰਤਰੀ ਤੱਕ, ਜੋ ਕਾਂਗਰਸ ਦਾ ਹੱਥ ਛੱਡ ਕੇ ਭਗਵੇਂ ਦੀ ਸ਼ਰਨ ਵਿੱਚ ਚਲੇ ਗਏ ਹਨ। ਪਰ ਜਿਸ ਤਰ੍ਹਾਂ ਕਾਂਗਰਸ ਤੋਂ ਭਾਜਪਾ ਵਿਚ ਆਏ ਵੱਡੇ-ਵੱਡੇ ਲੋਕਾਂ ਨੂੰ ਸੂਚੀ ਵਿਚ ਸਭ ਤੋਂ ਹੇਠਾਂ ਰੱਖਿਆ ਗਿਆ ਹੈ, ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਅੱਜ ਵੀ ਭਾਜਪਾ ਨੂੰ ਦੂਜਿਆਂ ਨਾਲੋਂ ਆਪਣੇ ਲੋਕਾਂ ਵਿਚ ਜ਼ਿਆਦਾ ਵਿਸ਼ਵਾਸ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਕਾਂਗਰਸ 'ਚ ਸਨ ਤਾਂ ਉਹ ਸੂਬੇ 'ਚ ਹੀ ਨਹੀਂ, ਸਗੋਂ ਰਾਸ਼ਟਰੀ ਪੱਧਰ 'ਤੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਸਿਖਰਲੀ ਕਤਾਰ 'ਚ ਹੁੰਦੇ ਸਨ। ਪਰ ਭਾਜਪਾ ਨੇ ਪ੍ਰਚਾਰਕਾਂ ਦੀ ਸੂਚੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਤੀਜੇ ਨੰਬਰ 'ਤੇ ਰੱਖਿਆ ਹੈ। ਉਨ੍ਹਾਂ ਦੇ ਉੱਪਰ ਪਾਰਟੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਜੋ ਕਦੇ ਸੂਬੇ ਵਿੱਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਿਖਰ 'ਤੇ ਸ਼ਾਮਲ ਹੁੰਦੇ ਸਨ, ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਤਰੁਣ ਚੁੱਘ ਤੋਂ ਵੀ ਹੇਠਾਂ ਹਨ।