
ਆਮ ਆਦਮੀ ਪਾਰਟੀ ਦੇ ਪੂਰੇ ਬਜਟ ਦੀ ਸਾਰੀਆਂ ਹੀ ਵਿਰੋਧੀ ਪਾਰਟੀਆਂ ਨੇ ਆਲੋਚਨਾ ਕੀਤੀ ਹੈ। ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਜਟ ਨੂੰ ਵਿਰੋਧੀ ਪਾਰਟੀਆਂ ਨੇ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਜਿੱਥੇ ‘ਆਪ’ ਆਗੂਆਂ ਨੇ ਬਜਟ ਨੂੰ ਸਰਵੋਤਮ ਕਰਾਰ ਦਿੱਤਾ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂਆਂ ਨੇ ਬਜਟ ਨੂੰ ਆਮ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ।
ਬਜਟ ਨੂੰ 'ਮੁੰਗੇਰੀ ਲਾਲ ਦਾ ਖ਼ੂਬਸੂਰਤ ਸੁਪਨਾ' ਦੱਸਦਿਆਂ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਕਿਹਾ ਹੈ ਕਿ ਬਜਟ ਤੋਂ ਹਰ ਵਰਗ ਨਿਰਾਸ਼ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਠੀਕ ਇੱਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਇਹ ਬਜਟ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ। ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਨਕਸ਼ਾ ਪੇਸ਼ ਕੀਤਾ ਗਿਆ ਹੈ। ਇਹ ਬਜਟ ਹਰ ਖੇਤਰ ਵਿੱਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 'ਆਪ' ਸਰਕਾਰ ਦਾ ਬਜਟ ਪੂਰੀ ਤਰ੍ਹਾਂ ਖੋਖਲਾ ਹੈ। ਇਸ ਨਾਲ ਆਮ ਲੋਕਾਂ ਨੂੰ ਕੁਝ ਵੀ ਹਾਸਲ ਨਹੀਂ ਹੋਇਆ ਹੈ। ਇਸ ਸਰਕਾਰ ਨੇ ਔਰਤਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ। ਸਰਕਾਰ ਬਣਨ ਤੋਂ ਪਹਿਲਾਂ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਜ਼ੋਰਦਾਰ ਵਾਅਦਾ ਕੀਤਾ ਸੀ। ਇੱਕ ਸਾਲ ਹੋ ਗਿਆ ਹੈ, ਪਰ ਇਸ ਸਕੀਮ ਬਾਰੇ ਕੁਝ ਪਤਾ ਨਹੀਂ ਲੱਗਾ। ਰੁਜ਼ਗਾਰ ਦੀ ਗੱਲ ਵੀ ਹਵਾ ਵਿਚ ਹੈ। ਪੰਜਾਬ ਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਾ ਰਿਹਾ ਹੈ।
ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਦੇ ਬਜਟ ਵਿੱਚ ਸਭ ਕੁਝ ਤੋੜ ਮਰੋੜ ਕੇ ਸਭ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੈਣਾਂ ਅਤੇ ਧੀਆਂ 1000 ਰੁਪਏ ਦੀ ਉਡੀਕ ਕਰ ਰਹੀਆਂ ਸਨ, ਜਿਸ 'ਤੇ ਸਰਕਾਰ ਨੇ ਪਾਣੀ ਫੇਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੀ ਗੱਲ ਕਰਕੇ 'ਆਪ' ਸਰਕਾਰ ਨੇ ਬਜਟ ਦੇ ਨਾਂ 'ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਦਾ ਇਹ ਦੂਜਾ ਬਜਟ ਹੈ, ਜਿਸ ਵਿੱਚ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਗਈਆਂ ਹਨ। ਸਰਕਾਰ ਨੂੰ ਪੂਰਾ ਸਾਲ ਹੋ ਗਿਆ, ਫਿਰ ਵੀ ਇਹ ਬਜਟ ਫਲਾਪ ਸ਼ੋਅ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਬਜਟ ਵਿੱਚ ਲੋਕਾਂ ਲਈ ਕੁਝ ਨਹੀਂ ਲਿਆ ਸਕੀ ਤਾਂ ਇਹ ਸਰਕਾਰ ਦੀ ਵੱਡੀ ਨਾਕਾਮੀ ਹੈ।