ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਦੁਸ਼ਮਣੀ ਜਗ ਜਾਹਿਰ ਹੈ ਅਤੇ ਇਹ ਦੋਂਵੇ ਕਿਸੇ ਤੇ ਵੀ ਹਮਲਾ ਕਰਨ ਦਾ ਕੋਈ ਵੀ ਮੌਕਾ ਨਹੀਂ ਛੜਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਰੇਤ ਮਾਫੀਆ ਵਿਰੁੱਧ ਲੜਾਈ ਲੜਨ ਦੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ।
ਕੈਪਟਨ ਨੇ ਕਿਹਾ ਕਿ ਇਹ ਸਿੱਧੂ ਸੀ, ਜਿਸ ਨੇ ਮਾਫੀਆ ਨਾਲ ਜੁੜੇ ਵਿਧਾਇਕਾਂ ਨਾਲ ਮਿਲ ਕੇ ਸਤੰਬਰ 'ਚ ਮੇਰੇ ਖਿਲਾਫ ਬਗਾਵਤ ਕੀਤੀ ਸੀ। ਇਸ ਤੋਂ ਸਾਫ਼ ਹੈ ਕਿ ਉਹ ਉਨ੍ਹਾਂ ਨੂੰ ਸੁਰੱਖਿਆ ਦੇ ਰਹੇ ਹਨ ਅਤੇ ਉਨ੍ਹਾਂ ਦੇ ਹਿੱਤ ਵੀ ਇਨ੍ਹਾਂ ਲੋਕਾਂ ਨਾਲ ਜੁੜੇ ਹੋਏ ਹਨ।
ਕੈਪਟਨ ਨੇ ਕਿਹਾ ਕਿ ਸਿੱਧੂ ਦੇ ਜਿਨ੍ਹਾਂ ਵਿਧਾਇਕਾਂ ਨੇ ਮੇਰੇ ਖ਼ਿਲਾਫ਼ ਬਗਾਵਤ ਕੀਤੀ ਸੀ, ਉਨ੍ਹਾਂ ਵਿੱਚੋਂ ਕਈਆਂ ਦੇ ਰੇਤ ਮਾਫ਼ੀਆ ਨਾਲ ਸਿੱਧੇ ਜਾਂ ਅਸਿੱਧੇ ਸਬੰਧ ਸਨ ਅਤੇ ਉਨ੍ਹਾਂ ਦੀ ਹਿੱਸੇਦਾਰੀ ਸੀ। ਉਨ੍ਹਾਂ ਕਿਹਾ ਕਿ ਮਸਲਾ ਇੱਥੇ ਹੀ ਖਤਮ ਨਹੀਂ ਹੁੰਦਾ। ਇਹ ਵੀ ਇੱਕ ਹਕੀਕਤ ਹੈ ਕਿ ਸਿੱਧੂ ਦਾ ਆਪਣੇ ਪਾਕਿਸਤਾਨੀ ਦੋਸਤਾਂ ਸਮੇਤ ਦੇਸ਼ ਵਿਰੋਧੀ ਤਾਕਤਾਂ ਨਾਲ ਕਾਫੀ ਸਾਂਝ ਹੈ।
ਸਿੱਧੂ ਦੇ ਪਾਕਿਸਤਾਨੀ ਦੋਸਤਾਂ ਨੇ ਉਨ੍ਹਾਂ ਨੂੰ ਸੂਬਾ ਮੰਤਰੀ ਮੰਡਲ 'ਚ ਸ਼ਾਮਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ, ਜਿਸ ਤੋਂ ਸਪੱਸ਼ਟ ਹੋ ਗਿਆ ਕਿ ਜਿੱਥੇ ਸਿੱਧੂ ਦੀ ਵਫਾਦਾਰੀ ਹੈ, ਉਥੇ ਉਨ੍ਹਾਂ ਦਾ ਸਵਾਰਥ ਕੀ ਹੈ ਅਤੇ ਉਨ੍ਹਾਂ ਦਾ ਪੰਜਾਬ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਪੀਐੱਲਸੀ ਪ੍ਰਧਾਨ ਨੇ ਕਿਹਾ ਕਿ ਜੇਕਰ ਸਿੱਧੂ ਮਾਫੀਆ ਵਿਰੁੱਧ ਕਾਰਵਾਈ ਕਰਨ ਲਈ ਸੱਚਮੁੱਚ ਗੰਭੀਰ ਹਨ ਤਾਂ ਉਨ੍ਹਾਂ ਨੂੰ ਆਪਣੀ ਕਾਂਗਰਸ ਲੀਡਰਸ਼ਿਪ ਕੋਲ ਜਾ ਕੇ ਜਵਾਬ ਮੰਗਣਾ ਚਾਹੀਦਾ ਹੈ, ਕਿ ਜਦੋਂ ਉਨ੍ਹਾਂ (ਕੈਪਟਨ) ਨੇ ਸਪੱਸ਼ਟ ਅਤੇ ਜ਼ਰੂਰੀ ਹਦਾਇਤਾਂ ਮੰਗੀਆਂ ਸਨ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਦਿਤੀਆਂ ਗਈਆਂ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਜਿਹੜੇ ਕਾਂਗਰਸੀ ਵਿਧਾਇਕ ਮਾਫੀਆ ਨਾਲ ਸਿੱਧੇ ਸਬੰਧ ਰੱਖਦੇ ਹਨ ਅਤੇ ਜਿਨ੍ਹਾਂ ਬਾਰੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਸੀ, ਉਨ੍ਹਾਂ ਨੂੰ ਹਟਾਉਣ ਸਮੇਂ ਕਾਂਗਰਸ ਲੀਡਰਸ਼ਿਪ ਦੇ ਸਿੱਧੇ ਸੰਪਰਕ ਵਿੱਚ ਸਨ। ਕਾਂਗਰਸ ਹਾਈਕਮਾਂਡ ਨੇ ਸਿੱਧੂ ਦੇ ਸਮਰਥਨ ਵਾਲੇ ਇਨ੍ਹਾਂ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ।
ਕੈਪਟਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ, ਜਿਸ ਬੇਰਹਿਮੀ ਨਾਲ ਸਿੱਧੂ ਉਨ੍ਹਾਂ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਉਹ ਸਾਬਤ ਕਰਦਾ ਹੈ ਕਿ ਉਹ ਕਿੰਨੇ ਅਸੁਰੱਖਿਅਤ ਮਹਿਸੂਸ ਕਰਦੇ ਹਨ। ਆਪਸੀ ਫੁੱਟ ਕਾਰਨ ਕਾਂਗਰਸ ਦਾ ਬੁਰਾ ਹਾਲ ਹੋ ਗਿਆ ਹੈ। ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਆਪਸੀ ਲੜਾਈ ਰਾਹੀਂ ਇਹ ਯਕੀਨੀ ਬਣਾ ਰਹੇ ਹਨ ਕਿ ਪਾਰਟੀ ਦਾ ਸੂਬੇ ਵਿੱਚੋਂ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।