ਪੰਜਾਬ ਵਿਚ 2022 ਵਿਧਾਨਸਭਾ ਚੋਣਾਂ ਤੋਂ ਪਹਿਲਾ ਮੋਦੀ ਦੀ ਸੁਰੱਖਿਆ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰਾ ਪੈਦਾ ਕਰਨ ਦੀ ਗੱਲ ਦਾ ਮਕਸਦ ਸੂਬੇ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਹਟਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਉਨ੍ਹਾਂ ਤੋਂ ਇੱਕ ਕਿਲੋਮੀਟਰ ਤੋਂ ਵੱਧ ਦੂਰ ਸਨ ਤਾਂ ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰਾ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਰੁਕਿਆ, ਉੱਥੇ ਨਾ ਤਾਂ ਕੋਈ ਨਾਅਰੇਬਾਜ਼ੀ ਕੀਤੀ ਗਈ, ਨਾ ਕੋਈ ਪੱਥਰ ਸੁੱਟਿਆ ਗਿਆ ਅਤੇ ਨਾ ਹੀ ਕੋਈ ਉਸ ਤੱਕ ਪਹੁੰਚਿਆ, ਉਨ੍ਹਾਂ ਦੀ ਜਾਨ ਨੂੰ ਖ਼ਤਰਾ ਕਿਵੇਂ ਹੋ ਸਕਦਾ ਹੈ।
ਹੁਸ਼ਿਆਰਪੁਰ 'ਚ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕੱਲ੍ਹ ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੇ ਕਾਫਲੇ ਦੇ ਸਾਹਮਣੇ ਸੜਕ 'ਤੇ ਧਰਨਾ ਦੇ ਰਹੇ ਕਿਸਾਨਾਂ 'ਤੇ ਉਨ੍ਹਾਂ ਦੀ ਪੁਲਸ ਨੇ ਤਾਕਤ ਦੀ ਵਰਤੋਂ ਕੀਤੀ ਹੁੰਦੀ ਤਾਂ ਇਹ ਬਰਗਾੜੀ ਵਰਗੀ ਹੋਰ ਘਟਨਾ ਹੋਣੀ ਸੀ।ਕੇਂਦਰ ਸਾਡੇ ਤੋਂ ਤਾਕਤ ਦੀ ਵਰਤੋਂ ਕਰਨ ਦੀ ਉਮੀਦ ਕਿਉਂ ਰੱਖਦਾ ਹੈ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਮਨਾ ਕੇ ਅਤੇ ਭਰੋਸਾ ਦੇ ਕੇ ਹਟਾਇਆ ਜਾ ਸਕਦਾ ਹੈ।
ਚੰਨੀ ਨੇ ਕਿਹਾ ਕਿ ਜਦੋਂ ਤੱਕ ਉਹ ਪੰਜਾਬ ਦੇ ਮੁੱਖ ਮੰਤਰੀ ਹਨ, ਉਦੋਂ ਤੱਕ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਇਕ ਵੀ ਗੋਲੀ ਨਹੀਂ ਚਲਾਈ ਜਾਵੇਗੀ ਅਤੇ ਨਾ ਹੀ ਕੋਈ ਲਾਠੀ ਜਾਂ ਤਾਕਤ ਵਰਤੀ ਜਾਵੇਗੀ, ਸਗੋਂ ਗੱਲਬਾਤ ਰਾਹੀਂ ਮਨਾ ਲਿਆ ਜਾਵੇਗਾ। ਉਨ੍ਹਾਂ ਤਾਅਨਾ ਮਾਰਦਿਆਂ ਕਿਹਾ ਕਿ ਅੱਜ ਭਾਵੇਂ ਮੌਸਮ ਖ਼ਰਾਬ ਹੈ ਪਰ ਚੰਗਾ ਇਕੱਠ ਹੈ ਪਰ ਕੱਲ੍ਹ ਪ੍ਰਧਾਨ ਮੰਤਰੀ ਲਈ 70 ਹਜ਼ਾਰ ਕੁਰਸੀਆਂ ਲੱਗੀਆਂ ਸਨ ਪਰ ਉੱਥੇ ਸਿਰਫ਼ 700 ਲੋਕ ਹੀ ਪੁੱਜੇ ਸਨ।
ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਉਹ ਪ੍ਰਧਾਨ ਮੰਤਰੀ ਦੀ ਜਾਨ ਅਤੇ ਸੁਰੱਖਿਆ ਨੂੰ ਕਦੇ ਵੀ ਕੋਈ ਖਤਰਾ ਨਹੀਂ ਬਣ ਸਕਦੇ। ਉਹ ਇੱਥੇ ਨਵੀਂ ਅਨਾਜ ਮੰਡੀ ਵਿਖੇ 18 ਕਰੋੜ ਰੁਪਏ ਦੇ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ ਪਰ ਉਨ੍ਹਾਂ ਭਾਜਪਾ ਦੀ ਰੈਲੀ 'ਚ ਘੱਟ ਹਾਜ਼ਰੀ ਕਾਰਨ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨੂੰ ਖਾਲੀ ਕੁਰਸੀਆਂ ਬਾਰੇ ਪਤਾ ਲੱਗਾ ਤਾਂ ਉਹ ਸੁਰੱਖਿਆ ਖਤਰੇ ਦਾ ਹਵਾਲਾ ਦਿੰਦੇ ਹੋਏ ਰਾਸ਼ਟਰੀ ਰਾਜਧਾਨੀ ਵਾਪਸ ਚਲੇ ਗਏ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਸ ਬਹਾਨੇ ਪ੍ਰਧਾਨ ਮੰਤਰੀ ਨੇ ਆਪਣਾ ਦੌਰਾ ਰੱਦ ਕੀਤਾ, ਉਹ ਪੰਜਾਬ ਨੂੰ ਬਦਨਾਮ ਕਰਨ ਅਤੇ ਸੂਬੇ ਵਿੱਚ ਲੋਕਤੰਤਰ ਦਾ ਕਤਲ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ, ਜੋ ਪਹਿਲਾਂ ਜੰਮੂ-ਕਸ਼ਮੀਰ ਵਿੱਚ ਕੀਤਾ ਗਿਆ ਸੀ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ 'ਪੁਰਾਣਾ ਝੂਠਾ' ਕਿਹਾ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਸੂਬੇ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸੀਐਮ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦੀ ਆੜ ਵਿੱਚ ਨਹੀਂ ਆਉਣਗੇ।