ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੋਵਿਡ -19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਬਾਰੇ ਆਪਣੇ ਪਹਿਲੇ ਆਦੇਸ਼ ਨੂੰ ਲਾਗੂ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਆਪਣੇ ਪਿਛਲੇ ਹੁਕਮਾਂ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ, ਜਿਸ ਨੂੰ ਲਾਗੂ ਕਰਨ ਦੀ ਲੋੜ ਹੈ।
ਇਸ ਚਿੱਠੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, 'ਮੈਨੂੰ ਲੱਗਦਾ ਹੈ ਕਿ 50,000 ਦਾ ਮੁਆਵਜ਼ਾ ਨਾਕਾਫ਼ੀ ਹੈ। ਸਾਡੀ ਸਰਕਾਰ ਇਸ ਸਕੀਮ ਤਹਿਤ ਪ੍ਰਾਪਤ ਕੁੱਲ ਰਕਮ ਦਾ 25% ਹਿੱਸਾ ਦੇਣ ਲਈ ਵੀ ਤਿਆਰ ਹੈ। ਇਸ ਪੱਤਰ ਵਿੱਚ ਚਰਨਜੀਤ ਸਿੰਘ ਚੰਨੀ ਨੇ ਲਿਖਿਆ ਕਿ ਕੋਰੋਨਾ ਵਾਇਰਸ ਨੇ ਦੇਸ਼ ਦੀ ਵੱਡੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਲੋਕਾਂ ਦੀ ਬੇਵਕਤੀ ਮੌਤਾਂ ਹੋਇਆ ਹਨ। ਲੋਕਾਂ ਦੇ ਕਾਰੋਬਾਰ ਬੰਦ ਹੋ ਗਏ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਾਰਨ ਲੋਕ ਬੇਘਰ ਹੋ ਗਏ ਹਨ ।
ਕਈ ਪਰਿਵਾਰਾਂ ਦੀ ਬੱਚਤ ਖਤਮ ਹੋ ਚੁੱਕੀ ਹੈ ਅਤੇ ਉਨ੍ਹਾਂ 'ਤੇ ਵੱਡਾ ਕਰਜ਼ਾ ਵੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇਸ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਔਖੀ ਘੜੀ ਵਿੱਚ 50,000 ਰੁਪਏ ਦੀ ਰਾਸ਼ੀ ਨਾਕਾਫ਼ੀ ਹੈ। ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਜੇਕਰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ, ਤਾਂ ਰਾਜਾਂ ਕੋਲ ਕੋਵਿਡ-19 ਨਾਲ ਲੜਨ ਲਈ ਫੰਡਾਂ ਦੀ ਕਮੀ ਹੋ ਜਾਵੇਗੀ।
ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰਦਿਆਂ ਸਰਕਾਰ ਨੇ ਲੋਕਾਂ ਤੋਂ ਲਗਾਤਾਰ ਟੈਕਸ ਵਸੂਲ ਕੇ ਕਾਰਪੋਰੇਟਾਂ ਨੂੰ ਰਾਹਤ ਦਿੱਤੀ ਹੈ ਪਰ ਆਮ ਨਾਗਰਿਕਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ।ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਉਸ ਦੇ ਪੁਰਾਣੇ ਵਾਅਦਿਆਂ ਦੀ ਯਾਦ ਦਿਵਾਉਂਦੇ ਹੋਏ ਲਿਖਿਆ ਹੈ, ਕਿ ਇੱਕ ਕਲਿਆਣਕਾਰੀ ਰਾਜ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਆਪਣੇ ਨਾਗਰਿਕਾਂ ਦੀ ਦੇਖਭਾਲ ਕਰੀਏ।
ਸਾਡੇ ਰਾਜ ਵਿੱਚ ਲੋਕਾਂ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਗ੍ਰਹਿ ਮੰਤਰਾਲੇ ਵੱਲੋਂ 14 ਮਾਰਚ 2020 ਨੂੰ ਦਿੱਤੇ ਆਪਣੇ ਹੁਕਮਾਂ ਨੂੰ ਲਾਗੂ ਕਰੇ। ਉਸ ਸਮੇਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਕੋਵਿਡ-19 ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।