ਜੌੜਾਮਾਜਰਾ ਵਲੋਂ ਸਿਹਤ ਵਿਭਾਗ ਦੀਆਂ ਖਸਤਾਹਾਲ ਇਮਾਰਤਾਂ ਢਾਹੁਣ ਦੇ ਨਿਰਦੇਸ਼

ਮੀਟਿੰਗ ਨੂੰ ਸੰਬੋਧਨ ਕਰਦਿਆਂ ਜੌੜਾ ਮਾਜਰਾ ਨੇ ਅਧਿਕਾਰੀਆਂ ਨੂੰ ਕਾਰਜਸ਼ੀਲ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਹੈ।
ਜੌੜਾਮਾਜਰਾ ਵਲੋਂ ਸਿਹਤ ਵਿਭਾਗ ਦੀਆਂ ਖਸਤਾਹਾਲ ਇਮਾਰਤਾਂ ਢਾਹੁਣ ਦੇ ਨਿਰਦੇਸ਼

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਸਿਹਤ ਵਿਭਾਗ ਦੇ ਅਧੀਨ ਆਉਂਦੀਆਂ ਖਸਤਾਹਾਲ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹੁਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬੇ ਵਿੱਚ 14 ਨਵੇਂ ਜਨ ਔਸ਼ਧੀ ਸਟੋਰ ਵੀ ਖੋਲ੍ਹੇ ਜਾਣਗੇ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਨੇ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜੌੜਾ ਮਾਜਰਾ ਨੇ ਅਧਿਕਾਰੀਆਂ ਨੂੰ ਕਾਰਜਸ਼ੀਲ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੋੜੇਮਾਜਰਾ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਉਹ ਪੰਜਾਬ ਦੀਆਂ ਸਮੂਹ ਸਿਹਤ ਸੰਸਥਾਵਾਂ ਨੂੰ ਹਦਾਇਤਾਂ ਦੇਣ ਕਿ ਉਹ ਆਪਣੇ ਮੈਡੀਕਲ ਉਪਕਰਨਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਜਾਂ ਮੁਰੰਮਤ ਦੀ ਲੋੜ ਬਾਰੇ ਜਾਣੂ ਕਰਵਾਉਣ।

ਇਸ ਸਬੰਧੀ ਬਜਟ ਵਿੱਚ ਵਿਵਸਥਾ ਕੀਤੀ ਗਈ ਹੈ। ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ ਨੂੰ ਖ਼ਰਾਬ ਜਾਂ ਅਣਵਰਤੇ ਉਪਕਰਨਾਂ ਦੇ ਨਿਪਟਾਰੇ ਲਈ ਕਾਰਵਾਈ ਕਰਨ ਲਈ ਆਖਿਆ ਤਾਂ ਜੋ ਹਸਪਤਾਲਾਂ ਵਿੱਚ ਖਾਲੀ ਪਈ ਥਾਂ ਨੂੰ ਖਾਲੀ ਕਰਵਾਇਆ ਜਾ ਸਕੇ। ਮੰਤਰੀ ਨੇ ਹਸਪਤਾਲਾਂ ਵਿੱਚ ਸਫਾਈ ਦੇ ਰੱਖ-ਰਖਾਅ ਲਈ ਠੇਕੇ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਸਪਤਾਲਾਂ ਦੀ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਸਤਾ ਹਾਲਤ ਵਿਚ ਪਈਆਂ ਪੁਰਾਣੀਆਂ ਇਮਾਰਤਾਂ ਨੂੰ ਢੁੱਕਵੀਂ ਪ੍ਰਕਿਰਿਆ ਅਪਣਾ ਕੇ ਢਾਹਿਆ ਜਾਵੇ। ਪਹਿਲਾਂ ਹੀ 25 ਜਨ ਔਸ਼ਧੀ ਸਟੋਰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਸਤੀਆਂ ਦਰਾਂ 'ਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ।

ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਹੈ। ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਸ਼ਿਕਾਇਤਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਸਮੱਸਿਆ ਨੂੰ ਦੂਰ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਮਿਸ਼ਨ ਡਾਇਰੈਕਟਰ ਐਨਐਚਐਮ ਅਭਿਨਵ ਤ੍ਰਿਖਾ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਟੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯੁਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Related Stories

No stories found.
Punjab Today
www.punjabtoday.com