
ਉੜੀਸਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਆਪਸ ਵਿੱਚ ਟਕਰਾ ਗਈਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੜੀਸਾ ਦੇ ਬਾਲਾਸੋਰ 'ਚ ਹੋਏ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਮੰਦਭਾਗੇ ਹਾਦਸੇ ਦੀ ਖ਼ਬਰ ਨਾਲ ਆਪਣੇ ਆਪ ਨੂੰ ਦੁਖੀ ਦੱਸਿਆ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧ 'ਚ ਆਪਣਾ ਦੁੱਖ ਵੀ ਸਾਂਝਾ ਕੀਤਾ ਹੈ।
ਸੀਐਮ ਮਾਨ ਨੇ ਲਿਖਿਆ ਕਿ ਇਸ ਰੇਲ ਹਾਦਸੇ ਵਿੱਚ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਨ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਇਸ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਰਅਸਲ, ਕੋਰੋਮੰਡਲ ਐਕਸਪ੍ਰੈਸ (12841) ਅਤੇ ਮਾਲ ਗੱਡੀ ਓਡੀਸ਼ਾ ਦੇ ਬਾਲਾਸੋਰ ਵਿੱਚ 2 ਜੂਨ (ਸ਼ੁੱਕਰਵਾਰ) ਦੀ ਸ਼ਾਮ ਕਰੀਬ 6:51 ਵਜੇ ਬਹਿਨਾਗਾ ਸਟੇਸ਼ਨ ਦੇ ਨੇੜੇ ਟਕਰਾ ਗਈ। ਟੱਕਰ ਤੋਂ ਬਾਅਦ ਦੋਵੇਂ ਟਰੇਨਾਂ ਪਲਟ ਗਈਆਂ। ਇਸ ਭਿਆਨਕ ਹਾਦਸੇ 'ਚ ਹੁਣ ਤੱਕ 237 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 900 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸਥਾਨਕ ਪੁਲਿਸ, ਰੇਲਵੇ ਪੁਲਿਸ ਸਮੇਤ ਐਨਡੀਆਰਐਫ ਦੀਆਂ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ ਬਚਾਅ ਕਾਰਜ ਲਈ ਮੌਕੇ 'ਤੇ ਮੌਜੂਦ ਹਨ।
ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਦੱਸਿਆ ਕਿ ਲੋਕਾਂ ਨੂੰ ਲਿਜਾਣ ਲਈ ਲਗਭਗ 50 ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪਰ ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਪਹੁੰਚਾਉਣ ਲਈ ਬੱਸਾਂ ਵੀ ਚਲਾਈਆਂ ਜਾ ਰਹੀਆਂ ਹਨ। ਓਡੀਸ਼ਾ ਦੇ ਬਾਲਾਸੋਰ 'ਚ ਤਿੰਨ ਟਰੇਨਾਂ ਦੀ ਟੱਕਰ ਤੋਂ ਬਾਅਦ ਭਿਆਨਕ ਹਾਦਸਾ ਵਾਪਰਿਆ ਹੈ, ਜਿਸ 'ਚ ਹੁਣ ਤੱਕ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 900 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਰੇਲ ਮੰਤਰੀ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਹਾਦਸੇ ਕਾਰਨ ਅੱਜ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਬੈਠੇ ਲੋਕਾਂ ਨੇ ਵੀ ਇਸ ਦਰਦਨਾਕ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਦੁੱਖ ਦਾ ਪ੍ਰਗਟਾਵਾ ਕੀਤਾ ਹੈ।