
ਕ੍ਰਿਕਟਰ ਅਤੇ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਵਿਖੇ ਮੱਥਾ ਟੇਕਣ ਪਹੁੰਚੇ। ਉਨ੍ਹਾਂ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਰਾਜਨੀਤੀ ਨਾਲ ਸਬੰਧਤ ਵੱਡਾ ਐਲਾਨ ਵੀ ਕੀਤਾ।
ਯੋਗਰਾਜ ਸਿੰਘ ਇੱਕ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ 'ਚ ਅਰਜੁਨ ਤੇਂਦੁਲਕਰ ਨੂੰ ਟ੍ਰੇਨਿੰਗ ਵੀ ਦਿੱਤੀ ਸੀ। ਅਭਿਨੇਤਾ ਯੋਗਰਾਜ ਸਿੰਘ ਨੇ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ਨੂੰ ਮੰਨਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਵਾਰ ਹੋਣ ਵਾਲੀ ਲੋਕ ਸਭਾ ਚੋਣ ਸ੍ਰੀ ਅਨੰਦਪੁਰ ਸਾਹਿਬ ਤੋਂ ਹੀ ਲੜਨਗੇ ਅਤੇ ਲੋਕ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।
ਦੱਸ ਦੇਈਏ ਕਿ ਕਾਂਗਰਸ ਨੇਤਾ ਮਨੀਸ਼ ਤਿਵਾੜੀ ਇਸ ਸਮੇਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਯੋਗਰਾਜ ਸਿੰਘ ਨੇ ਕਿਹਾ ਕਿ ਮੈਂ ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲੇ ਨੂੰ ਆਪਣਾ ਮਾਤਾ ਪਿਤਾ ਮੰਨ ਲਿਆ ਹੈ। ਉਨ੍ਹਾਂ ਨੇ ਮੈਨੂੰ ਨਾਮ ਜਪਣ ਲਈ ਮਾਲਾ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਮੇਰਾ ਜੀਵਨ ਹੁਣ ਸੱਚ ਦੇ ਮਾਰਗ 'ਤੇ ਚੱਲ ਕੇ ਸੰਪੂਰਨ ਹੋ ਗਿਆ ਹੈ। ਉਸ ਨੇ ਕਿਹਾ ਕਿ ਮੈਨੂੰ ਕ੍ਰਿਕਟ ਦਾ ਵੀ ਬਹੁਤ ਸ਼ੌਕ ਸੀ, ਪਰ ਕੁਝ ਕਾਰਨਾਂ ਕਰਕੇ ਅੱਗੇ ਨਹੀਂ ਵਧ ਸਕਿਆ।
ਯੋਗਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਉਨ੍ਹਾਂ ਦਾ ਬੇਟਾ ਯੁਵਰਾਜ ਸਿੰਘ ਕ੍ਰਿਕਟ 'ਚ ਮੇਰਾ ਨਾਂ ਰੋਸ਼ਨ ਕਰੇ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਕਿਰਪਾ ਅਤੇ ਬਾਬਾ ਦੀਪ ਸਿੰਘ ਜੀ ਦੀ ਅਸ਼ੀਰਵਾਦ ਸਦਕਾ ਇਸ ਲੜਕੇ ਨੇ ਦੇਸ਼-ਵਿਦੇਸ਼ 'ਚ ਮੇਰਾ ਨਾਮ ਰੌਸ਼ਨ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ ਨੇ ਪ੍ਰਸਿੱਧ ਪੰਜਾਬੀ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਪ੍ਰੈੱਸ ਕਾਨਫਰੰਸ 'ਚ ਯੋਗਰਾਜ ਸਿੰਘ ਭਾਵੁਕ ਹੋ ਗਏ ਅਤੇ ਕਿਹਾ ਕਿ ਮੈਂ ਆਪਣੀ ਜ਼ਿੰਦਗੀ 'ਚ ਕਈ ਗਲਤੀਆਂ ਕੀਤੀਆਂ ਹਨ। ਜਦੋਂ ਤੋਂ ਉਨ੍ਹਾਂ ਨੇ ਬਾਬਾ ਬਲਬੀਰ ਸਿੰਘ ਨੂੰ ਆਪਣਾ ਗੁਰੂ ਬਣਾਇਆ ਹੈ, ਉਸ ਦਿਨ ਤੋਂ ਉਨ੍ਹਾਂ ਦਾ ਜੀਵਨ ਸਫਲ ਹੋ ਗਿਆ ਹੈ।