ਡੇਰਾ ਪ੍ਰੇਮੀ ਕੱਤਲ : ਪਰਿਵਾਰ ਨੇ ਅੰਤਿਮ ਸੰਸਕਾਰ ਤੋਂ ਕੀਤਾ ਇਨਕਾਰ

ਪਰਿਵਾਰ ਨੇ ਮ੍ਰਿਤਕ ਦੇਹ ਨੂੰ ਸਥਾਨਕ ਨਾਮਚਰਚਾ ਘਰ ਵਿੱਚ ਰੱਖ ਦਿੱਤਾ ਹੈ ਅਤੇ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਾ ਕਰਣ ਦੀ ਗੱਲ ਆਖੀ ਹੈ।
ਡੇਰਾ ਪ੍ਰੇਮੀ ਕੱਤਲ : ਪਰਿਵਾਰ ਨੇ ਅੰਤਿਮ ਸੰਸਕਾਰ ਤੋਂ ਕੀਤਾ ਇਨਕਾਰ

ਪੰਜਾਬ ਵਿਚ ਪਿੱਛਲੇ ਇਕ ਹਫਤੇ ਦੌਰਾਨ ਦੋ ਵੱਡੀਆਂ ਵਾਰਦਾਤਾਂ ਹੋ ਚੁੱਕਿਆ ਹਨ। ਪੰਜਾਬ ਦੇ ਫਰੀਦਕੋਟ 'ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ 4 ਸ਼ੂਟਰ ਹਰਿਆਣਾ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ 'ਤੇ ਪੋਸਟ ਅਪਲੋਡ ਕੀਤੀ ਹੈ। ਫਿਲਹਾਲ ਪੰਜਾਬ ਪੁਲਿਸ ਦੇ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪੰਜਾਬ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ।

ਪੁਲਿਸ ਟੀਮਾਂ ਨੇ ਫਰੀਦਕੋਟ, ਖਰੜ, ਬਲੌਂਗੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਰਿਕਾਰਡ ਸਮੇਤ ਜ਼ਮਾਨਤ ’ਤੇ ਰਿਹਾਅ ਹੋਏ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਕਾਤਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਦੂਜੇ ਪਾਸੇ ਪਰਿਵਾਰ ਨੇ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸੰਸਕਾਰ ਨਾ ਕਰਨ ਦੀ ਗੱਲ ਕਹੀ ਹੈ। ਜਿੱਥੇ ਪੁਲਿਸ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਡੇਰਾ ਕਮੇਟੀ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਪੀੜਤ ਪਰਿਵਾਰ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਪ੍ਰਤੀ ਭਾਰੀ ਰੋਸ ਹੈ।

ਪ੍ਰਦੀਪ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਪਰਿਵਾਰ ਨੇ ਇਹ ਵੀ ਕਿਹਾ ਹੈ ਕਿ ਜੇਕਰ ਇਨਸਾਫ਼ ਵਿੱਚ ਦੇਰੀ ਹੋਈ ਤਾਂ ਉਹ ਪ੍ਰਦੀਪ ਦੀ ਲਾਸ਼ ਨੂੰ ਚੋਰਾਹੇ 'ਤੇ ਰੱਖਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਡੇਰੇ ਦੇ ਸਮਰਥਕ ਹਰਚਰਨ ਸਿੰਘ ਨੇ ਕਿਹਾ ਕਿ ਡੇਰਾ ਹਮੇਸ਼ਾ ਪੈਰੋਕਾਰਾਂ ਦੇ ਨਾਲ ਹੈ ਅਤੇ ਸਥਾਨਕ ਕਮੇਟੀ ਵੀ ਪਰਿਵਾਰ ਦੇ ਫੈਸਲੇ ਦੇ ਨਾਲ ਹੈ। ਪੰਜਾਬ ਪੁਲਿਸ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪ੍ਰਦੀਪ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਸਥਾਨਕ ਨਾਮਚਰਚਾ ਘਰ ਵਿੱਚ ਰੱਖ ਦਿੱਤਾ ਅਤੇ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਾ ਕਰਨ ਦੀ ਗੱਲ ਆਖੀ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਅਤੇ ਹੋਰਨਾਂ ਨੂੰ ਹਮਲਾਵਰਾਂ ਨੂੰ ਜਲਦੀ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ, ਪਰ ਪੰਜਾਬ ਪੁਲਿਸ ਵਿਭਾਗ ਦੇ ਸੀਆਈਡੀ ਵਿੰਗ ਅਤੇ ਮੁਖਬਰ ਤੰਤਰ ਨੂੰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈ ਕੇ ਕਤਲ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਕਿ ਪੰਜਾਬ ਲਈ ਖ਼ਤਰੇ ਦੀ ਨਿਸ਼ਾਨੀ ਹੈ। ਉਨ੍ਹਾਂ ਲੋਕਾਂ ਨੂੰ ਹਰ ਕੀਮਤ 'ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਨੇ ਵੀ ਇਸ ਸਥਿਤੀ ਨੂੰ ਪੰਜਾਬ ਲਈ ਖ਼ਤਰਾ ਕਰਾਰ ਦਿੱਤਾ ਹੈ।

Related Stories

No stories found.
logo
Punjab Today
www.punjabtoday.com