ਦੇਸ਼ ਵਿਚ ਪੰਜ ਰਾਜਾਂ ਵਿਚ ਚੋਣਾਂ ਹੋਣੀਆਂ ਹਨ ਅਤੇ ਦੂਜੇ ਪਾਸੇ ਕੋਰੋਨਾ ਦੇ ਨਵੇਂ ਰੂਪ ਓਮਿਕਰੋਂਨ ਨੇ ਵੀ ਦਸਤਕ ਦੇ ਦਿਤੀ ਹੈ, ਜਿਸਤੋ ਬਾਅਦ ਚੋਣ ਅਯੋਗ ਦੀ ਜਿੰਮੇਵਾਰੀ ਵੱਧ ਗਈ ਹੈ। ਪੱਛਮੀ ਬੰਗਾਲ 'ਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਨਿਯਮਾਂ 'ਚ ਢਿੱਲ-ਮੱਠ ਕਾਰਨ ਆਲੋਚਨਾ ਦੇ ਘੇਰੇ 'ਚ ਆਇਆ ਚੋਣ ਕਮਿਸ਼ਨ ਇਸ ਵਾਰ ਕੋਈ ਢਿੱਲ ਵਰਤਣ ਦੇ ਮੂਡ 'ਚ ਨਹੀਂ ਹੈ।
ਚੋਣ ਕਮਿਸ਼ਨ ਨੇ ਇਸ ਵਾਰ ਇਹ ਤਿਆਰੀ ਕੀਤੀ ਹੈ ਕਿ ਜੇਕਰ ਕਿਸੇ ਰੈਲੀ ਵਿੱਚ ਕੋਰੋਨਾ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ । ਇਸ ਤੋਂ ਇਲਾਵਾ ਲਾਪਰਵਾਹੀ ਦੇ ਦੋਸ਼ ਹੇਠ ਸਬੰਧਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।ਯੂਪੀ, ਪੰਜਾਬ ਸਮੇਤ 5 ਰਾਜਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਕਿਹਾ ਕਿ ਜੇਕਰ ਰੈਲੀਆਂ ਵਿੱਚ ਕਿਤੇ ਵੀ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਰਾਸ਼ਟਰੀ ਅਤੇ ਰਾਜ ਆਫ਼ਤ ਪ੍ਰਬੰਧਨ ਐਕਟ ਤਹਿਤ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਇਸ ਦੌਰਾਨ ਸਿਹਤ ਮੰਤਰਾਲੇ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਯੂਪੀ ਸਮੇਤ ਸਾਰੇ ਚੋਣ ਰਾਜਾਂ 'ਚ ਕੋਰੋਨਾ ਦੀ ਸਥਿਤੀ ਕੰਟਰੋਲ 'ਚ ਹੈ, ਪਰ ਕੋਰੋਨਾ ਦੇ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ।ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਰੈਲੀਆਂ ਵਿੱਚ ਦਿਸ਼ਾ-ਨਿਰਦੇਸ਼ ਸਖ਼ਤ ਹੋਣਗੇ। ਨਾਮਜ਼ਦਗੀਆਂ ਭਰਨ, ਘਰ-ਘਰ ਜਾ ਕੇ ਪ੍ਰਚਾਰ ਕਰਨ ਤੋਂ ਲੈ ਕੇ ਵੱਡੀਆਂ ਰੈਲੀਆਂ ਤੱਕ, ਕੋਰੋਨਾ ਦੇ ਸਖ਼ਤ ਨਿਯਮ ਲਾਗੂ ਹੋਣਗੇ। ਇੰਨਾ ਹੀ ਨਹੀਂ ਵੋਟਾਂ ਦੀ ਗਿਣਤੀ ਦੌਰਾਨ ਵੀ ਨਿਯਮ ਸਖ਼ਤ ਹੋਣਗੇ।
ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਰੈਲੀਆਂ ਵਿੱਚ ਨਿਯਮਾਂ ਦੀ ਉਲੰਘਣਾ ਹੋਈ ਤਾਂ ਉਨ੍ਹਾਂ ਨੂੰ ਰੱਦ ਕਰਨ ਵਿੱਚ ਕੋਈ ਝਿਜਕ ਨਹੀਂ ਹੋਵੇਗੀ। ਅਜਿਹੀ ਸਖ਼ਤੀ ਪੱਛਮੀ ਬੰਗਾਲ ਵਿੱਚ ਘੱਟ ਹੀ ਦੇਖਣ ਨੂੰ ਮਿਲੀ ਹੈ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਪਾਰਟੀਆਂ ਨੂੰ ਵੱਧ ਤੋਂ ਵੱਧ ਵਰਚੁਅਲ ਮੋਡ ਵਿੱਚ ਰੈਲੀਆਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਕਮਿਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੀੜ ਇਕੱਠੀ ਨਾ ਹੋਣ ਦੇਣ ਦੇ ਨਿਰਦੇਸ਼ ਦੇਣ ਦਾ ਵੀ ਫੈਸਲਾ ਕੀਤਾ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਿਰਫ ਛੋਟੀਆਂ ਰੈਲੀਆਂ ਕਰਨ ਦਾ ਸੁਝਾਅ ਦਿੱਤਾ ਹੈ। ਸਿਹਤ ਸਕੱਤਰ ਰਾਜੇਸ਼ ਭੂਸ਼ਣ, ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਅਤੇ ਆਈਸੀਐਮਆਰ ਦੇ ਬਲਰਾਮ ਭਾਰਗਵ ਨੇ ਵੀ ਚੋਣ ਕਮਿਸ਼ਨ ਨਾਲ ਮੀਟਿੰਗ ਵਿੱਚ ਹਿੱਸਾ ਲਿਆ।