ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਅਕਾਲੀ ਦਲ ਨਾਲ ਕਿਸੇ ਵੀ ਪ੍ਰਕਾਰ ਦੇ ਗਠਜੋੜ ਤੋਂ ਮੰਨਾ ਕੀਤਾ ਹੈ।ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਦੀਆਂ ਗੱਲਾਂ ਸ਼ੁਰੂ ਹੋ ਗਈਆਂ ਹਨ। ਅਜਿਹੀਆਂ ਖਬਰਾਂ ਨੂੰ ਜਲੰਧਰ ਉਪ ਚੋਣ ਤੋਂ ਬਾਅਦ ਹੋਰ ਬਲ ਮਿਲਿਆ। ਪਰ ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਗਠਜੋੜ ਨੂੰ ਲੈ ਕੇ ਭਾਜਪਾ ਦਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਕੁਝ ਨਹੀਂ ਹੈ, ਜੇਕਰ ਉਨ੍ਹਾਂ ਦੇ ਚੰਗੇ ਆਗੂ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਉਹ ਕਮਲ ਨਾਲ ਜੁੜ ਸਕਦੇ ਹਨ।
ਅਕਾਲੀ ਦਲ ਨੇ ਪਿਛਲੇ 20-25 ਸਾਲਾਂ ਵਿਚ ਗਠਜੋੜ ਦੇ ਨਾਂ 'ਤੇ ਕੁਝ ਨਹੀਂ ਕੀਤਾ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਲਗਾਏ ਗਏ ਨੌਕਰੀ ਮੇਲੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਸੀ। ਅਸੀਂ ਸਮਝਦੇ ਸੀ ਕਿ ਉਹ ਪੰਜਾਬ ਦੇ ਹਿੱਤ ਵਿੱਚ ਕੰਮ ਕਰ ਰਿਹਾ ਹੈ, ਪਰ ਜਦੋਂ ਅਸੀਂ ਸਮਝਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਆਪ ਹੀ ਗਠਜੋੜ ਤੋੜ ਦਿੱਤਾ। ਹੁਣ ਜੇਕਰ ਗਠਜੋੜ ਦੀ ਗੱਲ ਕਰੀਏ ਤਾਂ ਸਾਡਾ ਜਵਾਬ ਹੈ ਕਿ ਉਨ੍ਹਾਂ ਕੋਲ ਕੁਝ ਨਹੀਂ ਹੈ, ਉਨ੍ਹਾਂ ਦੇ ਪਿਛਲੇ ਨਤੀਜੇ ਵੇਖੋ।
ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਕਰੀ ਮੇਲੇ ਵਿੱਚ 71,000 ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਲੋਕਾਂ ਨੂੰ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿਯੁਕਤੀ ਮਿਲੀ ਹੈ। ਇਹ ਪ੍ਰੋਗਰਾਮ ਦੇਸ਼ ਭਰ ਵਿਚ 45 ਥਾਵਾਂ 'ਤੇ ਆਯੋਜਿਤ ਕੀਤਾ ਗਿਆ ਸੀ। ਇਸੇ ਲੜੀ ਤਹਿਤ ਅੱਜ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਕਪੂਰਥਲਾ ਰੇਲ ਕੋਚ ਵਿਖੇ ਕਰਵਾਏ ਗਏ ਰੁਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ। ਇੱਥੇ ਉਨ੍ਹਾਂ ਨਵ-ਨਿਯੁਕਤ 190 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਗਮ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਉਣ ਦੇ ਮਹੱਤਵ ਉੱਤੇ ਜ਼ੋਰ ਦਿੱਤਾ ਗਿਆ।
ਉਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੁਨੀਆ ਨੂੰ ਦੇਖਣਾ ਚਾਹੀਦਾ ਹੈ ਕਿ ਕਿਵੇਂ ਭਾਰਤ ਦੀ ਅਰਥਵਿਵਸਥਾ ਆਪਣੇ ਖੰਭਾਂ 'ਤੇ ਉੱਚੀ ਉੱਡਦੀ ਹੈ। ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਦੇ ਕੇਂਦਰੀ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵੋਟਰਾਂ ਵਿੱਚ ਆਪਣੀ ਭਰੋਸੇਯੋਗਤਾ ਗੁਆ ਚੁੱਕਾ ਹੈ, ਜਿਵੇਂ ਕਿ ਹਾਲ ਹੀ ਵਿੱਚ ਜਲੰਧਰ ਉਪ ਚੋਣ ਦੇ ਨਤੀਜਿਆਂ ਵਿੱਚ ਦਿਖਾਇਆ ਗਿਆ ਹੈ ਅਤੇ ਪਾਰਟੀ ਨਾਲ ਕਿਸੇ ਵੀ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ।