ਬੱਚਿਆਂ ਨੂੰ ਕਿਤਾਬਾਂ ਨਾ ਮਿਲਣ 'ਤੇ ਸਿੱਖਿਆ ਮੰਤਰੀ ਨੂੰ ਆਇਆ ਗੁੱਸਾ

ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਸਿੱਖਿਆ ਮੰਤਰੀ ਨੇ ਤੁਰੰਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ।
ਬੱਚਿਆਂ ਨੂੰ ਕਿਤਾਬਾਂ ਨਾ ਮਿਲਣ 'ਤੇ ਸਿੱਖਿਆ ਮੰਤਰੀ ਨੂੰ ਆਇਆ ਗੁੱਸਾ
Updated on
2 min read

ਪੰਜਾਬ ਵਿਚ ਆਮ ਆਦਮੀ ਪਾਰਟੀ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਲੈ ਕੇ ਚੋਣਾਂ ਜਿਤੀ ਸੀ। ਪੰਜਾਬ ਦੇ ਸਕੂਲਾਂ 'ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ 'ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਗੁੱਸੇ 'ਚ ਆ ਗਏ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।

ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ।

ਇਸਤੋਂ ਬਾਅਦ ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ। ਜਿਸ ਕਾਰਨ ਡੇਰਾਬੱਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਕਿਤਾਬਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚੀਆਂ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਾਪਰਵਾਹੀ ਕਰਨ ਵਾਲਿਆਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।

ਇੰਨਾ ਹੀ ਨਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਡੀ.ਈ.ਓ. ਪ੍ਰਾਇਮਰੀ) ਅਤੇ ਬਲਾਕ ਸਿੱਖਿਆ ਅਫ਼ਸਰ (ਬੀ.ਈ.ਓ.) ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-69 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਬੱਚਿਆਂ ਨੂੰ ਪੜ੍ਹਾਈ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਪਹਿਲਾਂ ਸਕੂਲ 1.79 ਏਕੜ ਵਿੱਚ ਬਣਿਆ ਸੀ, ਪਰ ਹੁਣ ਸਕੂਲ ਕੋਲ 125 ਗਜ਼ ਜਗ੍ਹਾ ਬਚੀ ਹੈ। ਇਸ ਵਿੱਚ ਬਣੇ ਤਿੰਨ ਕਮਰਿਆਂ ਵਿੱਚ ਪੰਜ ਅਧਿਆਪਕ 147 ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਇਸ ਦੌਰਾਨ ਗਮਾਡਾ ਵੱਲੋਂ ਦਿੱਤੀ ਗਈ ਜਗ੍ਹਾ ਦਾ ਦੌਰਾ ਕਰਦਿਆਂ ਮੰਤਰੀ ਨੇ ਸਿੱਖਿਆ ਵਿਭਾਗ ਅਤੇ ਪੁੱਡਾ ਦੇ ਅਧਿਕਾਰੀਆਂ ਨੂੰ ਸਕੂਲ ਨੂੰ ਜਲਦੀ ਹੀ ਨਵੀਂ ਥਾਂ 'ਤੇ ਤਬਦੀਲ ਕਰਨ ਦੇ ਆਦੇਸ਼ ਦਿੱਤੇ।

Related Stories

No stories found.
logo
Punjab Today
www.punjabtoday.com