ਅਮਿਤ ਸ਼ਾਹ ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਹੋਣਗੇ ਸ਼ਾਮਲ

ਅਮਿਤ ਸ਼ਾਹ ਅੱਜ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਹੋਣਗੇ ਸ਼ਾਮਲ

ਪਿੰਡ ਬਾਦਲ ਵਿੱਚ ਹੋਣ ਵਾਲੀ ਅੰਤਿਮ ਅਰਦਾਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੋਂ ਇਲਾਵਾ ਦੇਸ਼ ਦੀਆਂ ਨਾਮੀ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ।
Published on

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਪ੍ਰੋਗਰਾਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋਣ ਵਾਲੀ ਅੰਤਿਮ ਅਰਦਾਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੋਂ ਇਲਾਵਾ ਦੇਸ਼ ਦੀਆਂ ਨਾਮੀ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਅਰਦਾਸ ਪ੍ਰੋਗਰਾਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋਣ ਜਾ ਰਹੇ ਹਨ। ਕਈ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਪਿੰਡ ਬਾਦਲ ਪੁੱਜਣ ਵਾਲੇ ਹਨ। ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਕਿੰਗ ਲਈ 60 ਏਕੜ ਜਗ੍ਹਾ ਦਾ ਪ੍ਰਬੰਧ ਕੀਤਾ ਗਿਆ ਹੈ। ਫਿਲਹਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਕਰਨਾਟਕ ਚੋਣਾਂ 'ਚ ਰੁੱਝੀ ਹੋਈ ਹੈ। ਇਸ ਦੇ ਬਾਵਜੂਦ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਿੰਡ ਬਾਦਲ ਪਹੁੰਚ ਰਹੇ ਹਨ, ਤਾਂ ਜੋ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਅਰਦਾਸ ਵਿੱਚ ਸ਼ਰਧਾਂਜਲੀ ਭੇਟ ਕੀਤੀ ਜਾ ਸਕੇ।

ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਆਪਣੇ ਬਿਜ਼ੀ ਸ਼ਡਿਊਲ 'ਚ ਖੁਦ ਜਾਣ ਦੀ ਇੱਛਾ ਪ੍ਰਗਟਾਈ ਹੈ। ਦਰਅਸਲ, ਉਹ ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਸੰਸਕਾਰ ਅਤੇ ਉਸ ਤੋਂ ਪਹਿਲਾਂ ਅੰਤਿਮ ਦਰਸ਼ਨਾਂ ਲਈ ਵੀ ਨਹੀਂ ਪਹੁੰਚ ਸਕੇ ਸਨ। ਗ੍ਰਹਿ ਮੰਤਰੀ ਦੀ ਆਮਦ ਦੇ ਐਲਾਨ ਦੇ ਨਾਲ ਹੀ ਸੂਬਾ ਭਾਜਪਾ ਆਗੂ ਵੀ ਪਿੰਡ ਬਾਦਲ ਪਹੁੰਚ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਅਤੇ ਜਿੱਤੀ। ਫਿਰ ਉਹ ਸਭ ਤੋਂ ਛੋਟੀ ਉਮਰ 'ਚ ਸਰਪੰਚ ਬਣੇ। 1957 ਵਿੱਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ਵਿੱਚ ਫਿਰ ਜਿੱਤ ਗਏ । 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ।

ਕੇਂਦਰ ਤੋਂ ਦਿੱਗਜ ਨੇਤਾਵਾਂ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ ਚਾਰ ਹੈਲੀਪੈਡ ਬਣਾਏ ਗਏ ਹਨ। ਪਿੰਡ ਬਾਦਲ, ਲੂੰਗੀ ਖੇਡ ਸਟੇਡੀਅਮ ਅਤੇ ਪਿੰਡ ਕਾਲਝਰਾਣੀ ਵਿਖੇ ਅਸਥਾਈ ਹੈਲੀਪੈਡ ਬਣਾਏ ਗਏ ਹਨ, ਜਦਕਿ ਬਠਿੰਡਾ ਹਵਾਈ ਅੱਡੇ ਨੂੰ ਸਥਾਈ ਵਜੋਂ ਚੁਣਿਆ ਗਿਆ ਹੈ। ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਦੇ ਮੱਦੇਨਜ਼ਰ ਕਰੀਬ 10 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਰੱਖਣ ਲਈ ਵੱਖ-ਵੱਖ ਥਾਵਾਂ 'ਤੇ ਪਾਰਕਿੰਗ ਲਾਟ ਬਣਾਏ ਗਏ ਹਨ।

logo
Punjab Today
www.punjabtoday.com