ਕੇਜਰੀਵਾਲ ਤੇ ਲੱਗੇ ਇਲਜ਼ਾਮ ਤੇ ਅਮਿਤ ਸ਼ਾਹ ਅਤੇ CM ਚੰਨੀ ਹੋਏ ਇੱਕਜੁੱਟ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਨੀ ਨੂੰ SFJ ਨਾਲ AAP ਦੇ ਕਥਿਤ ਸਬੰਧਾਂ ਦੇ ਦੋਸ਼ਾਂ ਦੀ ਨਿੱਜੀ ਤੌਰ 'ਤੇ ਜਾਂਚ ਦਾ ਭਰੋਸਾ ਦਿੱਤਾ ਹੈ
ਕੇਜਰੀਵਾਲ ਤੇ ਲੱਗੇ ਇਲਜ਼ਾਮ ਤੇ ਅਮਿਤ ਸ਼ਾਹ ਅਤੇ CM ਚੰਨੀ ਹੋਏ ਇੱਕਜੁੱਟ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਨਾਲ ਆਮ ਆਦਮੀ ਪਾਰਟੀ ਦੇ ਕਥਿਤ ਸਬੰਧਾਂ ਦੇ ਦੋਸ਼ਾਂ ਦੀ ਨਿੱਜੀ ਤੌਰ 'ਤੇ ਜਾਂਚ ਕਰਨਗੇ।

ਚਰਨਜੀਤ ਸਿੰਘ ਚੰਨੀ ਨੂੰ ਲਿਖੇ ਪੱਤਰ 'ਚ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਲਿਖਿਆ, ''ਤੁਹਾਡੀ ਚਿੱਠੀ ਮੁਤਾਬਕ ਚੋਣਾਂ ਦੌਰਾਨ ਕਿਸੇ ਸਿਆਸੀ ਪਾਰਟੀ ਦਾ ਦੇਸ਼ ਵਿਰੋਧੀ, ਵੱਖਵਾਦੀ ਅਤੇ ਪਾਬੰਦੀਸ਼ੁਦਾ ਸੰਗਠਨ ਨਾਲ ਸੰਪਰਕ ਕਰਨਾ ਅਤੇ ਉਸ ਤੋਂ ਸਮਰਥਨ ਮੰਗਣਾ ਰਾਸ਼ਟਰੀ ਸੁਰੱਖਿਆ ਲਈ ਇੱਕ ਗੰਭੀਰ ਮਾਮਲਾ ਹੈ।"

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਏਜੰਡਾ ਦੇਸ਼ ਦੇ ਦੁਸ਼ਮਣਾਂ ਦੇ ਏਜੰਡੇ ਤੋਂ ਕੋਈ ਵੱਖਰਾ ਨਹੀਂ ਹੈ, ਇਹ ਨਿੰਦਣਯੋਗ ਹੈ ਕਿ ਕੁਝ ਲੋਕ ਸੱਤਾ ਪ੍ਰਾਪਤੀ ਲਈ ਵੱਖਵਾਦੀਆਂ ਨਾਲ ਮਿਲ ਕੇ ਪੰਜਾਬ ਅਤੇ ਦੇਸ਼ ਦੀ ਏਕਤਾ ਨੂੰ ਠੇਸ ਪਹੁੰਚਾਉਣ ਦੀ ਹੱਦ ਤੱਕ ਜਾ ਸਕਦੇ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਗੇ ਕਿਹਾ, "ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਕਿਸੇ ਨੂੰ ਵੀ ਦੇਸ਼ ਦੀ ਏਕਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਮੈਂ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਂਗਾ।"

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ‘ਆਪ’ ਅਤੇ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਦਰਮਿਆਨ ਕਥਿਤ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਹੈ।

SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦੁਆਰਾ ਇੱਕ ਕਥਿਤ ਪੱਤਰ ਦਾ ਹਵਾਲਾ ਦਿੰਦੇ ਹੋਏ, ਚੰਨੀ ਨੇ ਲਿਖਿਆ: "ਪੱਤਰ ਪੰਜਾਬੀ ਭਾਸ਼ਾ ਵਿੱਚ ਹੈ ਅਤੇ ਇਸ ਪੱਤਰ ਦੀ ਸਮੱਗਰੀ ਦਰਸਾਉਂਦੀ ਹੈ ਕਿ ਸਿੱਖਸ ਫਾਰ ਜਸਟਿਸ (SFJ), ਜੋ ਕਿ ਇੱਕ ਪਾਬੰਦੀਸ਼ੁਦਾ ਸੰਗਠਨ ਹੈ, ਲਗਾਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਪਰਕ ਵਿੱਚ ਹੈ। ਪੱਤਰ ਵਿੱਚ ਇਹ ਜ਼ਿਕਰ ਕੀਤਾ ਗਿਆ ਹੈ ਕਿ SFJ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਸਮਰਥਨ ਦਿੱਤਾ ਹੈ ਅਤੇ ਇਸੇ ਤਰ੍ਹਾਂ ਇਨ੍ਹਾਂ ਚੋਣਾਂ ਵਿੱਚ ਵੀ SFJ ਨੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਹੈ।"

ਚੰਨੀ ਨੇ ਅੱਗੇ ਕਿਹਾ ਕਿ ਇਹ ਇੱਕ "ਬਹੁਤ ਗੰਭੀਰ ਮੁੱਦਾ" ਹੈ ਅਤੇ ਇਸਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ। ਆਪਣੇ ਪੱਤਰ ਵਿੱਚ ਚਰਨਜੀਤ ਸਿੰਘ ਚੰਨੀ ਨੇ ‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ’ਤੇ ਲਾਏ ਗਏ ਦੋਸ਼ਾਂ ਦਾ ਵੀ ਜ਼ਿਕਰ ਕੀਤਾ ਹੈ। ਚੰਨੀ ਨੇ ਲਿਖਿਆ, "ਇਹ ਦੋਸ਼ ਵੀ ਵਿਆਪਕ ਤੌਰ 'ਤੇ ਜਾਂਚ ਕੀਤੇ ਜਾਣ ਅਤੇ ਉਸ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਏ।"

Related Stories

No stories found.
logo
Punjab Today
www.punjabtoday.com