
ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ 'ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਲਗਾਤਾਰ ਗਰਮਾ ਰਿਹਾ ਹੈ। ਚੰਡੀਗੜ੍ਹ-ਪੰਜਾਬ ਸਰਹੱਦ 'ਤੇ ਮੋਹਾਲੀ ਗੁਰਦੁਆਰਾ ਅੰਬ ਸਾਹਿਬ ਨੇੜੇ ਬੀਤੀ 7 ਜਨਵਰੀ ਤੋਂ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਕੌਮੀ ਇਨਸਾਫ਼ ਮੋਰਚੇ ਤਹਿਤ ਧਰਨਾ ਅਤੇ ਅਰਥੀ ਫੂਕ ਮਾਰਚ ਕਰ ਰਹੇ ਹਨ।
ਚੰਡੀਗੜ੍ਹ 'ਚ ਦਾਖਲ ਹੋਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਵੀ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਰਤੀ ਕਿਸਾਨ (ਬੀਕੇਯੂ) ਉਗਰਾਹਾਂ ਦਾ ਵੀ ਇਸ ਮੋਰਚੇ ਨੂੰ ਸਮਰਥਨ ਮਿਲਿਆ ਹੈ। ਦੱਸ ਦੇਈਏ ਕਿ ਉਗਰਾਹਾਂ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਹੈ। ਪਿਛਲੇ ਮੰਗਲਵਾਰ ਨੂੰ ਕਿਸਾਨ ਯੂਨੀਅਨ ਨੇ ਬਠਿੰਡਾ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਹੁਣ 13 ਫਰਵਰੀ ਨੂੰ ਜ਼ਿਲ੍ਹਿਆਂ ਵਿੱਚ ਧਰਨੇ ਸ਼ੁਰੂ ਕਰਨ ਦੀ ਗੱਲ ਹੋ ਰਹੀ ਹੈ।
ਦੱਸ ਦਈਏ ਕਿ ਕੁਝ ਹੋਰ ਕਿਸਾਨ ਯੂਨੀਅਨਾਂ ਪਹਿਲਾਂ ਹੀ ਕੌਮੀ ਇਨਸਾਫ ਮੋਰਚਾ ਨੂੰ ਸਮਰਥਨ ਦੇ ਚੁੱਕੀਆਂ ਹਨ। ਜਿਸ ਤਰ੍ਹਾਂ 'ਪੱਕਾ ਮੋਰਚਾ' ਲਗਾ ਕੇ ਪ੍ਰਦਰਸ਼ਨਕਾਰੀ ਵਾਈਪੀਐਸ ਚੌਕ ਨੇੜੇ ਇਕੱਠੇ ਹੋ ਰਹੇ ਹਨ, ਉਸ ਨੂੰ ਦੇਖਦੇ ਹੋਏ ਇਸ ਨੂੰ ਸਿੰਘੂ ਸਰਹੱਦ ਦੀ ਤਰਜ਼ 'ਤੇ ਅੱਗੇ ਲਿਜਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਪਿੱਛੇ ਨਹੀਂ ਹਟਣਗੇ। ਧਰਨਾਕਾਰੀ ਇੱਥੇ ਆਪਣੇ ਟੈਂਟ, ਭਾਂਡੇ, ਰਾਸ਼ਨ, ਸਿਲੰਡਰ, ਟਰੈਕਟਰ-ਟਰਾਲੀਆਂ ਲੈ ਕੇ ਖੜ੍ਹੇ ਹਨ।
ਪ੍ਰਦਰਸ਼ਨਕਾਰੀ ਜ਼ਿਆਦਾਤਰ ਮੋਹਾਲੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੇ ਹਨ। ਕੌਮੀ ਇਨਸਾਫ਼ ਮੋਰਚਾ ਨੇ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਮੋਹਾਲੀ ਵਿਖੇ ਅਰਥੀ ਫੂਕ ਮਾਰਚ ਵੀ ਕੱਢਿਆ ਸੀ। ਅਜਿਹੇ 'ਚ ਪੁਲਸ ਵੀ ਚੌਕਸ ਹੋ ਗਈ। ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ, ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ, ਸਜ਼ਾ ਪੂਰੀ ਹੋਣ ਦੇ ਬਾਵਜੂਦ ਗੋਲੀਕਾਂਡ ਵਿੱਚ ਇਨਸਾਫ਼ ਦੇਣਾ ਸ਼ਾਮਲ ਹਨ।
ਇਸ ਤੋਂ ਇਲਾਵਾ ਮੰਗ ਕੀਤੀ ਗਈ ਕਿ ਬੇਅਦਬੀ ਦੀਆਂ ਘਟਨਾਵਾਂ 'ਤੇ ਸਖ਼ਤ ਕਾਨੂੰਨ ਬਣਾਇਆ ਜਾਵੇ। ਇਸ ਤੋਂ ਪਹਿਲਾ ਕਈ ਸਿੱਖ ਆਗੂਆਂ ਨੇ ਕਿਹਾ ਸੀ ਕਿ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾਂਦੀ। ਜੇਕਰ ਦਿੱਤੀ ਜਾਂਦੀ ਹੈ, ਸ਼ਰਤਾਂ ਨਾਲ ਦਿਤੀ ਜਾਂਦੀ ਹੈ । ਜਦੋਂ ਕਿ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਅਤੇ ਜੇਲ੍ਹ ਤੋਂ ਬਾਹਰ ਆਉਣ 'ਤੇ ਉਸ ਨੂੰ ਜ਼ੈੱਡ ਪਲੱਸ ਸੁਰੱਖਿਆ, ਸਤਿਸੰਗ ਕਰਨ ਅਤੇ ਵੀਡੀਓ ਬਣਾਉਣ ਦੀ ਇਜਾਜ਼ਤ ਆਦਿ ਦਿੱਤੀ ਜਾਂਦੀ ਹੈ।