ਸਰਕਾਰ ਅੱਜ ਮੋਗਾ 'ਚ NRI ਪੰਜਾਬੀਆਂ ਦੀਆਂ ਮੁਸ਼ਕਲਾਂ ਕਰੇਗੀ ਹੱਲ

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ 'ਮਿਲਨੀ' ਪ੍ਰੋਗਰਾਮ ਵਿੱਚ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸ ਸੁਣੇ ਜਾਣਗੇ।
ਸਰਕਾਰ ਅੱਜ ਮੋਗਾ 'ਚ NRI ਪੰਜਾਬੀਆਂ ਦੀਆਂ ਮੁਸ਼ਕਲਾਂ ਕਰੇਗੀ ਹੱਲ

ਪੰਜਾਬ ਦੀ 'ਆਪ' ਸਰਕਾਰ ਲਗਾਤਾਰ NRI ਪੰਜਾਬੀਆਂ ਦੀਆਂ ਮੁਸ਼ਕਿਲਾਂ ਹਲ ਕਰ ਰਹੀ ਹੈ। ਹੁਣ ਇਕ ਵਾਰ ਫੇਰ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਜ ਇੱਕ ਮੀਟਿੰਗ ਦਾ ਆਯੋਜਨ ਕਰ ਰਹੀ ਹੈ। ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਕਰਕੇ ਪੰਜਾਬ ਸਰਕਾਰ ਵਿਦੇਸ਼ੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਤੇਜ਼ੀ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਦਾ ਦਾਅਵਾ ਕਰਦੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ 'ਮਿਲਨੀ' ਪ੍ਰੋਗਰਾਮ ਵਿੱਚ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਕੇਸ ਸੁਣੇ ਜਾਣਗੇ, ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੇ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ 'ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਸਾਲ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਦੋ ਮੀਟਿੰਗਾਂ ਦਾ ਆਯੋਜਨ ਕਰੇਗੀ। ਇਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫ਼ਤਰਾਂ, ਸਕੱਤਰੇਤ ਅਤੇ ਮੰਤਰੀਆਂ ਦੇ ਦਫ਼ਤਰਾਂ ਵਿੱਚ ਪ੍ਰੇਸ਼ਾਨ ਹੋਣ ਤੋਂ ਬਚਣ ਵਿੱਚ ਮਦਦ ਮਿਲੇਗੀ। ਇਸ ਲਈ ਸਰਕਾਰ ਖੁਦ ਪਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਕੇਸ ਹੱਲ ਕਰੇਗੀ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ 160, ਐਸਏਐਸ ਨਗਰ (ਮੁਹਾਲੀ) ਵਿੱਚ 19 ਦਸੰਬਰ ਨੂੰ 74 ਅਤੇ ਲੁਧਿਆਣਾ ਵਿੱਚ 23 ਦਸੰਬਰ ਨੂੰ 170 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਈ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਅਤੇ ਅਪ੍ਰੈਲ ਦੇ ਮਹੀਨੇ ਦੋ ਵਾਰ ਐਨ.ਆਰ.ਆਈ ਮੀਟਿੰਗਾਂ ਦਾ ਆਯੋਜਨ ਕਰਵਾਇਆ ਕਰੇਗੀ।

Related Stories

No stories found.
Punjab Today
www.punjabtoday.com