ਪੰਜਾਬ ਵਿਚ ਚੋਣਾਂ ਜਿੱਤਣ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਵਿਚ ਰੈਲੀਆਂ ਕਰ ਰਹੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ 24 ਘੰਟੇ ਦੇ ਅੰਦਰ ਹੀ ਸਾਬਕਾ ਮੇਅਰ ਅਤੇ ਰੀਅਲ ਅਸਟੇਟ ਕਾਰੋਬਾਰੀ ਕੁਲਵੰਤ ਸਿੰਘ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਗਈ ਹੈ।
ਪਾਰਟੀ ਨੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਹਲਕੇ ਦੀ ਸਿਆਸਤ ਗਰਮਾ ਗਈ ਹੈ। ਇਹ ਪਹਿਲੀ ਵਾਰ ਹੈ ਜਦੋਂ ਉਹ ਮੁਹਾਲੀ ਤੋਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇੰਨਾ ਹੀ ਨਹੀਂ ਪੂਰੇ ਸ਼ਹਿਰ ਵਿਚ ਕੁਲਵੰਤ ਸਿੰਘ ਦੇ ਹੋਰਡਿੰਗ ਵੀ ਲਗਾ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਉਨ੍ਹਾਂ ਵਿਕਾਸ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਬਲਬੀਰ ਸਿੰਘ ਸਿੱਧੂ 'ਤੇ ਸ਼ਬਦੀ ਹਮਲਾ ਕੀਤਾ ਹੈ।ਜਾਣਕਾਰੀ ਅਨੁਸਾਰ ਅੱਜ ਸਵੇਰੇ ਸਾਢੇ 10 ਵਜੇ ਦੇ ਕਰੀਬ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ। ਜਦੋਂਕਿ ਸਵੇਰ ਤੋਂ ਹੀ ਉਨ੍ਹਾਂ ਦੇ ਹੋਰਡਿੰਗ ਪੂਰੇ ਸ਼ਹਿਰ ਵਿੱਚ ਲਗਾਏ ਗਏ ਸਨ। ਇਸ ਦੇ ਨਾਲ ਹੀ ਕੁਲਵੰਤ ਵੀ ਮੋਹਾਲੀ ਵਿਚ ਚੋਣਾਂ ਨੂੰ ਲੈ ਕੇ ਸਰਗਰਮ ਹੋ ਗਿਆ ਹੈ।
ਉਨ੍ਹਾਂ ਨੇ ਮੁਹਾਲੀ ਦੇ ਦਫ਼ਤਰ ਵਿਖੇ ‘ਆਪ’ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ 'ਚ 'ਆਪ' ਦੀ ਵੱਡੀ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਵਿਚ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ ਅਤੇ ਪੰਜਾਬ 'ਚੋਂ ਭ੍ਰਿਸ਼ਟ ਰਾਜ ਦਾ ਖਾਤਮਾ ਹੋਵੇਗਾ। ਕੁਲਵੰਤ ਸਿੰਘ ਰੀਅਲ ਅਸਟੇਟ ਦਾ ਕਾਰੋਬਾਰੀ ਹੈ।
ਉਨ੍ਹਾਂ ਦਾ ਸਿਆਸੀ ਕੈਰੀਅਰ ਮੁਹਾਲੀ ਨਗਰ ਕੌਂਸਲ ਵਿੱਚ ਕੌਂਸਲਰ ਵਜੋਂ ਸ਼ੁਰੂ ਹੋਇਆ ਸੀ । ਉਹ 1995 ਵਿੱਚ ਕੌਂਸਲਰ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਨਗਰ ਕੌਂਸਲ ਦੇ ਮੀਤ ਪ੍ਰਧਾਨ ਬਣੇ। ਉਹ 2000 ਤੋਂ 2005 ਤੱਕ ਨਗਰ ਕੌਂਸਲ ਮੁਹਾਲੀ ਦੇ ਪ੍ਰਧਾਨ ਰਹੇ। ਇਸ ਤੋਂ ਬਾਅਦ ਉਨ੍ਹਾਂ ਨੇ 2014 'ਚ ਅਕਾਲੀ ਦਲ ਦੀ ਟਿਕਟ 'ਤੇ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਚੋਣ ਲੜੀ ਸੀ। ਪਰ ਕਿਸਮਤ ਨੇ ਉਸ ਦਾ ਸਾਥ ਨਹੀਂ ਦਿੱਤਾ ਅਤੇ ਉਹ ਚੋਣ ਹਾਰ ਗਏ ਸਨ ।