
ਪੰਜਾਬ ਵਿਧਾਨਸਭਾ ਚੋਣਾਂ 2022 ਵਿਚ ਕਾਂਗਰਸ ਪਾਰਟੀ ਦੀ ਆਪਸੀ ਧੜੇਬੰਦੀ ਹਾਰ ਦਾ ਇਕ ਮੁੱਖ ਕਾਰਨ ਸੀ। ਪੰਜਾਬ ਕਾਂਗਰਸ 'ਚ ਧੜੇਬੰਦੀ ਉਸ ਸਮੇਂ ਸਾਹਮਣੇ ਆਈ ਜਦੋਂ ਨਵਜੋਤ ਸਿੰਘ ਸਿੱਧੂ ਪਟਿਆਲਾ 'ਚ ਕਾਂਗਰਸ ਦੇ ਰੋਸ਼ ਮਾਰਚ 'ਚੋਂ ਗੈਰ-ਹਾਜ਼ਰ ਰਹੇ। ਦਰਅਸਲ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਪਟਿਆਲਾ ਵਿੱਚ ਰੋਸ਼ ਮਾਰਚ ਕੱਢਿਆ।
ਇਸ ਰੋਸ਼ ਮਾਰਚ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਤੋਂ ਇਲਾਵਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਹਾਜ਼ਰ ਸਨ। ਇਸ ਸਬੰਧੀ ਜਦੋਂ ਵੜਿੰਗ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੂਬਾ ਪੱਧਰ ਦੇ ਕਈ ਆਗੂ ਜ਼ਿਲ੍ਹਾ ਪੱਧਰ 'ਤੇ ਇਸ ਰੋਸ਼ ਮਾਰਚ ਵਿੱਚ ਨਹੀਂ ਪੁੱਜੇ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਹੁਣ ਤੱਕ ਸਿੱਧੂ ਨਾਲ ਮੁਲਾਕਾਤ ਨਾ ਕਰਨ 'ਤੇ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਵੱਡੇ ਭਰਾ ਹਨ। ਉਸ ਨਾਲ ਕੋਈ ਗੁੱਸਾ ਨਹੀਂ ਹੈ। ਜੇਕਰ ਸਮਾਂ ਮਿਲਿਆ ਤਾਂ ਜਲਦੀ ਹੀ ਸਿੱਧੂ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਅਤੇ ਲੋਕ ਹਿੱਤ ਵਿਚ ਜ਼ੋਰਦਾਰ ਆਵਾਜ਼ ਬੁਲੰਦ ਕਰੇਗੀ।
ਸਿੱਧੂ ਪਾਰਟੀ ਦੇ ਸਤਿਕਾਰਤ ਆਗੂ ਹਨ। ਵਾਹਿਗੁਰੂ ਜੀ ਚੜ੍ਹਦੀ ਕਲਾ ਵਿੱਚ ਰੱਖਣ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਖੁਦ ਟਵੀਟ ਕਰਕੇ ਸਿੱਧੂ ਦਾ ਸਵਾਗਤ ਕੀਤਾ। ਅੰਮ੍ਰਿਤਪਾਲ ਸਿੰਘ ਦੇ ਘਟਨਾਕ੍ਰਮ 'ਤੇ ਵੜਿੰਗ ਨੇ ਕਿਹਾ ਕਿ ਇਹ ਸਭ ਇਕ ਸਕ੍ਰਿਪਟਡ ਕਹਾਣੀ ਦੀ ਤਰ੍ਹਾਂ ਲੱਗਦਾ ਹੈ। ਕਈ ਵਾਰ ਅੰਮ੍ਰਿਤਪਾਲ ਸਿੰਘ ਦੇ ਇੱਥੇ ਹੀ ਹੋਣ ਦੀ ਗੱਲ ਕਹੀ ਜਾਂਦੀ ਹੈ, ਅਤੇ ਅਗਲੇ ਹੀ ਦਿਨ ਉਹ ਕਿਤੇ ਹੋਰ ਲੁਕਿਆ ਹੋਇਆ ਦੱਸਿਆ ਜਾਂਦਾ ਹੈ।
ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ। ਮੀਂਹ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ਾ ਨਾ ਮਿਲਣ ਦੇ ਮੁੱਦੇ 'ਤੇ ਵੜਿੰਗ ਨੇ ਕਿਹਾ ਕਿ ਕਾਂਗਰਸ ਮੰਗ ਕਰਦੀ ਹੈ ਕਿ ਪੀੜਤ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਜੇਕਰ ਲੋੜ ਪਈ ਤਾਂ ਇਸ ਮੁੱਦੇ 'ਤੇ ਕਿਸਾਨਾਂ ਦੇ ਨਾਲ-ਨਾਲ ਸਰਕਾਰ ਵਿਰੁੱਧ ਅੰਦੋਲਨ ਵੀ ਕੀਤਾ ਜਾਵੇਗਾ। ਪੰਜਾਬ 'ਚ 'ਸੀਐਮ ਦੀ ਯੋਗਸ਼ਾਲਾ' ਖੋਲ੍ਹਣ 'ਤੇ ਵੜਿੰਗ ਨੇ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਰਕਾਰ ਆਪਣੀਆਂ ਗਲਤ ਨੀਤੀਆਂ ਕਾਰਨ ਪਿਛਲੇ ਇਕ ਸਾਲ ਤੋਂ ਪੰਜਾਬ ਦੇ ਲੋਕਾਂ ਨੂੰ ਯੋਗਾ ਕਰਨ ਲਈ ਮਜਬੂਰ ਕਰ ਰਹੀ ਹੈ। ਲੋਕ ਸਦੀਆਂ ਤੋਂ ਯੋਗਾ ਕਰਦੇ ਆ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕਦਮ ਚੁੱਕੇ।