ਪੰਜਾਬ 'ਚ ਕਾਨੂੰਨ ਵਿਵਸਥਾ ਖ਼ਰਾਬ,ਸੀਐੱਮ ਗੁਜਰਾਤ ਦੌਰੇ 'ਚ ਰੁੱਝੇ:ਵਿਰੋਧੀ ਧਿਰ

ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟਵੀਟ ਕੀਤਾ- ਨਿੱਤ ਦਿਨ ਕਤਲ, ਦਿਨ-ਦਿਹਾੜੇ ਗੋਲੀਬਾਰੀ, ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਅਰਾਜਕਤਾ ਵੱਲ ਵਧ ਰਿਹਾ ਹੈ।
ਪੰਜਾਬ 'ਚ ਕਾਨੂੰਨ ਵਿਵਸਥਾ ਖ਼ਰਾਬ,ਸੀਐੱਮ ਗੁਜਰਾਤ ਦੌਰੇ 'ਚ ਰੁੱਝੇ:ਵਿਰੋਧੀ ਧਿਰ

ਪੰਜਾਬ 'ਚ ਖ਼ਰਾਬ ਕਾਨੂੰਨ ਵਿਵਸਥਾ 'ਤੇ ਵਿਰੋਧੀ ਧਿਰ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿਤੇ ਹਨ। ਪੰਜਾਬ 'ਚ ਪੁਲਿਸ ਦੀ ਮੌਜੂਦਗੀ 'ਚ ਹੋਏ ਦੋ ਕਤਲਾਂ ਤੋਂ ਬਾਅਦ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆ ਗਈ ਹੈ। 'ਆਪ' ਸਰਕਾਰ ਦੇ ਸੱਤ ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਅਚਾਨਕ ਵਿਗੜਦੀ ਕਾਨੂੰਨ ਵਿਵਸਥਾ ਤੋਂ ਵੀ 'ਆਪ' ਸਰਕਾਰ ਖੁਦ ਵੀ ਚਿੰਤਤ ਹੈ।

ਦੂਜੇ ਪਾਸੇ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਰਕਾਰ ਨੂੰ ਨਿਕੰਮੇ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ। ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟਵੀਟ ਕੀਤਾ- ਨਿੱਤ ਦਿਨ ਕਤਲ, ਦਿਨ-ਦਿਹਾੜੇ ਗੋਲੀਬਾਰੀ, ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਅਰਾਜਕਤਾ ਵੱਲ ਵਧ ਰਿਹਾ ਹੈ। ਇਸ ਸਭ ਨੂੰ ਰੋਕਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੁਝ ਨਹੀਂ ਕਰ ਸਕੀ। ਮੈਂ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਅਸੀਂ 80 ਦੇ ਦਹਾਕੇ ਦੇ ਕਾਲੇ ਦੌਰ ਵੱਲ ਵਧਣ ਤੋਂ ਪਹਿਲਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਦੇਣਾ ਸ਼ੁਰੂ ਕਰ ਦਿਓ।

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪੰਜਾਬ ਵਿੱਚ ਗੈਂਗਸਟਰਵਾਦ ਵੱਧ ਰਿਹਾ ਹੈ, ਜਿਸ ਨੂੰ ਰੋਕਣ ਵਿੱਚ ਮੌਜੂਦਾ ਸਰਕਾਰ ਨਾਕਾਮ ਰਹੀ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਦੋਂ ਵੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਮੁੱਖ ਮੰਤਰੀ ਦਾ ਟਵੀਟ ਸਾਹਮਣੇ ਆਉਂਦਾ ਹੈ ਕਿ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ, ਪਰ ਕਤਲੇਆਮ ਜਾਰੀ ਹੈ।

ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੋਟਕਪੂਰਾ ਵਿੱਚ ਦਿਨ ਦਿਹਾੜੇ ਪ੍ਰਦੀਪ ਸ਼ਰਮਾ ਦਾ ਕਤਲ ਅਤੇ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਸੁਰੱਖਿਆ ਘੇਰੇ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਪਰਦਾਫਾਸ਼ ਕਰ ਰਿਹਾ ਹੈ। ਮੁੱਖ ਮੰਤਰੀ ਕੋਲ ਗ੍ਰਹਿ ਵਿਭਾਗ ਵੀ ਹੈ, ਪਰ ਸ਼ਾਂਤੀ ਪਸੰਦ ਲੋਕਾਂ ਨੂੰ ਹਿਲਾ ਦੇਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਬਾਵਜੂਦ ਉਹ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕਰਨ ਨੂੰ ਪਹਿਲ ਦੇ ਰਹੇ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ ਅਤੇ ਪੰਜਾਬ ਵਿੱਚ ਅਰਾਜਕਤਾ ਫੈਲ ਗਈ ਹੈ। ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਕਤਲ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਸੂਬੇ ਲਈ ਖ਼ਤਰੇ ਦੀ ਘੰਟੀ ਹੈ। ਵੜਿੰਗ ਨੇ ਕੋਟਕਪੂਰਾ ਵਿੱਚ ਇੱਕ ਡੇਰਾ ਪ੍ਰੇਮੀ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਕਤਲ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕੋਟਕਪੂਰਾ ਕਤਲੇਆਮ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। 1980 ਵਿੱਚ ਵੀ ਇਸੇ ਤਰਾਂ ਪੰਜਾਬ ਨੂੰ ਵੰਡਣ ਅਤੇ ਹਿੰਦੂ-ਸਿੱਖ ਏਕਤਾ ਨੂੰ ਤੋੜਨ ਦੀ ਸਾਜ਼ਿਸ਼ ਰਚੀ ਗਈ ਸੀ, ਇਸ ਲਈ ਹੁਣ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Related Stories

No stories found.
logo
Punjab Today
www.punjabtoday.com