
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਪੂਰੇ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ 10 ਤੋਂ 12 ਵਜੇ ਤੱਕ ਲੋਕ ਜੱਦੀ ਨਿਵਾਸ ਵਿਖੇ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਕੇ ਮੱਥਾ ਟੇਕਣਗੇ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚਣਗੇ। ਅੰਤਿਮ ਸੰਸਕਾਰ ਮੌਕੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 28 ਸਥਿਤ ਅਕਾਲੀ ਦਲ ਦੇ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਤਿਮ ਦਰਸ਼ਨ ਅਤੇ ਸ਼ਰਧਾਂਜਲੀ ਦੇਣ ਪਹੁੰਚੇ। ਇਸ ਦੌਰਾਨ ਉਨ੍ਹਾਂ ਸੁਖਬੀਰ ਬਾਦਲ ਨੂੰ ਕਿਹਾ ਕਿ ਆਪਣੇ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਨਾ ਉਨ੍ਹਾਂ ਦਾ ਫਰਜ਼ ਹੈ। ਪੀਐਮ ਮੋਦੀ ਤੋਂ ਇਲਾਵਾ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ, ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ, ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ, ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ, ਸੁਨੀਲ ਜਾਖੜ, ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਕਈ ਰਾਜਨੀਤਿਕ ਦਿੱਗਜ ਇੱਥੇ ਪਹੁੰਚੇ।
ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਪ੍ਰਕਾਸ਼ ਸਿੰਘ ਬਾਦਲ ਦਾ ਸੰਸਕਾਰ ਕੀਤਾ ਜਾ ਰਿਹਾ ਹੈ, ਉਥੇ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਵੀ ਬਣਾਈ ਜਾਵੇਗੀ। ਇਹ ਯਾਦਗਾਰ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀ ਆਉਣ ਵਾਲੀ ਪੀੜ੍ਹੀ ਲਈ ਬਣਾਈ ਜਾ ਰਹੀ ਹੈ, ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੀਆਂ ਅੰਤਿਮ ਰਸਮਾਂ ਲਈ 2 ਏਕੜ ਜ਼ਮੀਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ ਤੋਂ ਅਕਾਲੀ ਵਰਕਰ ਤੇ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ। ਉਨ੍ਹਾਂ ‘ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ’ ਦੇ ਨਾਅਰੇ ਲਾਉਂਦਿਆਂ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਹੱਥ ਜੋੜ ਕੇ ਲੋਕਾਂ ਦਾ ਧੰਨਵਾਦ ਕਰਦੇ ਰਹੇ।