ਪਰਮਿੰਦਰ ਸਿੰਘ ਪਿੰਕੀ ਦੀ ਗਿਣਤੀ ਪੰਜਾਬ ਦੇ ਜੁਝਾਰੂ ਨੇਤਾਵਾਂ ਵਿਚ ਹੁੰਦੀ ਹੈ। ਪੰਜਾਬ ਦੇ ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਪਰਮਿੰਦਰ ਸਿੰਘ ਪਿੰਕੀ ਤੋਂ ਵਾਈ ਪਲੱਸ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹੁਣ ਉਸ ਨੂੰ ਸਿਰਫ਼ 7 ਸੁਰੱਖਿਆ ਮੁਲਾਜ਼ਮ ਦਿੱਤੇ ਗਏ ਹਨ। ਪਰ ਪਰਮਿੰਦਰ ਸਿੰਘ ਪਿੰਕੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਕਿਹਾ ਹੈ, ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਦੇ ਪ੍ਰਬੰਧ ਨਾਕਾਫ਼ੀ ਹਨ।
ਪਿੰਕੀ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ, ਕਿ ਇੰਟੈਲੀਜੈਂਸ ਬਿਊਰੋ ਵੱਲੋਂ ਜਾਰੀ ਕੀਤੇ ਗਏ ਲੋਕਾਂ ਦੀ ਸੂਚੀ ਵਿੱਚ ਉਸ ਦਾ ਨਾਂ ਵੀ ਸ਼ਾਮਲ ਹੈ। ਇਸ ਆਧਾਰ 'ਤੇ ਉਸ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਮਈ 2022 'ਚ ਹਾਈ ਕੋਰਟ ਨੇ ਪਰਮਿੰਦਰ ਸਿੰਘ ਪਿੰਕੀ ਦੀ ਸੁਰੱਖਿਆ 'ਚ ਲੱਗੇ 27 ਸੁਰੱਖਿਆ ਮੁਲਾਜ਼ਮਾਂ ਨੂੰ ਹਟਾ ਕੇ 2 ਸੁਰੱਖਿਆ ਮੁਲਾਜ਼ਮ ਦੇਣ ਦੇ ਹੁਕਮ ਸਰਕਾਰ ਨੂੰ ਦਿੱਤੇ ਸਨ।
ਇਸ ਤੋਂ ਪਹਿਲਾਂ ਵੀ 'ਆਪ' ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਜਾਂ ਘੱਟ ਕਰਨ 'ਤੇ ਕਈ ਆਗੂ ਹਾਈਕੋਰਟ ਪੁੱਜੇ ਸਨ। ਉਸ ਦੌਰਾਨ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਪਿੰਕੀ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ, ਜੋ ਸਰਕਾਰ 'ਤੇ ਵਿੱਤੀ ਬੋਝ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਕਈ ਵੀਆਈਪੀ ਸਿਰਫ਼ ਸ਼ਾਨ ਅਤੇ ਰੌਬ ਲਈ ਸੁਰੱਖਿਆ ਦੀ ਵਰਤੋਂ ਕਰ ਰਹੇ ਸਨ। ਜਿਸ ਕਾਰਨ ਸੁਰੱਖਿਆ ਸਮੀਖਿਆ ਤੋਂ ਬਾਅਦ ਸੁਰੱਖਿਆ ਵਾਪਸ ਲੈਣ ਅਤੇ ਘੱਟ ਕਰਨ ਦੀ ਕਾਰਵਾਈ ਕੀਤੀ ਗਈ।
ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਪਰਮਿੰਦਰ ਸਿੰਘ ਪਿੰਕੀ ਨੂੰ ਵਾਈ ਪਲੱਸ ਸੁਰੱਖਿਆ ਮਿਲੀ ਹੋਈ ਹੈ। 28 ਪੁਲਿਸ ਮੁਲਾਜ਼ਮ ਅਤੇ ਕਈ ਵਾਹਨ ਇਸ ਵਿੱਚ ਲੱਗੇ ਹੋਏ ਸਨ, ਪਰ ਉਨ੍ਹਾਂ ਦੀ ਲੋੜ ਨਹੀਂ ਹੈ। ਜਦਕਿ ਪਿੰਕੀ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਿਸ ਵਿਅਕਤੀ ਨੂੰ ਲੰਬੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ, ਅੱਤਵਾਦੀ ਮਾਰਨ 'ਤੇ ਤੁਲੇ ਹੋਏ ਹਨ, ਪਿਛਲੀਆਂ ਸਰਕਾਰਾਂ ਨੇ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ, ਸਰਕਾਰ ਬਦਲਣ ਤੇ ਸੁਰੱਖਿਆ ਘਟ ਕਰਨਾ ਸਮਝ ਤੋਂ ਬਾਹਰ ਹੈ।
ਸਾਬਕਾ ਵਿਧਾਇਕ ਪਿੰਕੀ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਪਰਮਿੰਦਰ ਸਿੰਘ ਪਿੰਕੀ ਫਿਰੋਜ਼ਪੁਰ ਅਤੇ ਆਸ-ਪਾਸ ਦੇ ਜ਼ਿਲਿਆਂ 'ਚ ਅੱਤਵਾਦੀਆਂ ਖਿਲਾਫ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਿੰਕੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਦਾ ਕਰੀਬੀ ਹੈ ਅਤੇ ਉਸ ਦੇ ਪੋਤੇ ਅਤੇ ਵਿਧਾਇਕ ਗੁਰਕੀਰਤ ਦਾ ਕਰੀਬੀ ਦੋਸਤ ਵੀ ਹੈ। ਇਸ ਕਾਰਨ ਉਹ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ। ਪਟੀਸ਼ਨ 'ਚ ਦੱਸਿਆ ਗਿਆ ਕਿ ਪਿਛਲੇ 30 ਸਾਲਾਂ 'ਚ ਉਸਨੂੰ ਦਰਜਨਾਂ ਵਾਰ ਅੱਤਵਾਦੀ ਸੰਗਠਨਾਂ ਤੋਂ ਧਮਕੀਆਂ ਮਿਲ ਚੁੱਕਿਆ ਹਨ ।