ਚੰਡੀਗੜ੍ਹ ਹਵਾਈ ਅੱਡਾ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ : ਪੀਐੱਮ

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਪਿਛਲੇ ਮਹੀਨੇ ਇਸ ਮੁੱਦੇ 'ਤੇ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
ਚੰਡੀਗੜ੍ਹ ਹਵਾਈ ਅੱਡਾ ਸ਼ਹੀਦ ਭਗਤ ਸਿੰਘ ਦੇ ਨਾਂ ਨਾਲ ਜਾਣਿਆ ਜਾਵੇਗਾ : ਪੀਐੱਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ਨੂੰ ਇਕ ਵੱਡੀ ਸੌਗਾਤ ਦਿਤੀ ਹੈ। ਚੰਡੀਗੜ੍ਹ ਏਅਰਪੋਰਟ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਇਹ ਐਲਾਨ ਕੀਤਾ।

ਪੀਐੱਮ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਤੋਂ ਠੀਕ ਪਹਿਲਾਂ ਉਨ੍ਹਾਂ ਨੇ ਸ਼ਰਧਾਂਜਲੀ ਵਜੋਂ ਇੱਕ ਅਹਿਮ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਮਨਾਇਆ ਜਾਵੇਗਾ।

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਚਾਲੇ ਪਿਛਲੇ ਮਹੀਨੇ ਇਸ ਮੁੱਦੇ 'ਤੇ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਮੀਟਿੰਗ ਵਿੱਚ ਦੋਵਾਂ ਨੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਸਹਿਮਤੀ ਜਤਾਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।

ਕੈਪਟਨ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ ਇਹ ਮਾਮਲਾ 2017 ਤੋਂ ਕੇਂਦਰ ਕੋਲ ਉਠਾਇਆ ਸੀ। ਹਰਿਆਣਾ ਦੇ ਉਪ ਮੁੱਖ ਮੰਤਰੀ ਚੌਟਾਲਾ ਨੇ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਹ ਐਲਾਨ ਚੌਧਰੀ ਦੇਵੀ ਲਾਲ (25 ਸਤੰਬਰ) ਦੇ ਜਨਮ ਦਿਨ 'ਤੇ ਕੀਤਾ ਗਿਆ। ਇਸ ਤੋਂ ਪਹਿਲਾਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।

ਪੰਜਾਬ ਸਰਕਾਰ ਨੇ 2017 ਵਿੱਚ ਮੰਗ ਕੀਤੀ ਸੀ ਕਿ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਸਰਦਾਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਰੱਖਿਆ ਜਾਵੇ। ਹਰਿਆਣਾ ਸਰਕਾਰ ਨੂੰ ਭਗਤ ਸਿੰਘ ਦੇ ਨਾਂ ਦੀ ਵਰਤੋਂ 'ਤੇ ਕੋਈ ਇਤਰਾਜ਼ ਨਹੀਂ ਸੀ, ਪਰ ਮੋਹਾਲੀ ਦੀ ਵਰਤੋਂ 'ਤੇ ਚਿੰਤਾ ਪ੍ਰਗਟਾਈ ਸੀ।

ਪੰਜਾਬ ਸਰਕਾਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਵੀ ਪੱਤਰ ਭੇਜ ਕੇ ਕਿਹਾ ਸੀ, ਕਿ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਹੈ ਅਤੇ ਇਸ ਤੋਂ ਪਹਿਲਾਂ ਹਵਾਈ ਅੱਡੇ ਦਾ ਨਾਂ ਮਹਾਨ ਆਜ਼ਾਦੀ ਘੁਲਾਟੀਏ ਦੇ ਨਾਂ ’ਤੇ ਰੱਖਿਆ ਜਾ ਸਕਦਾ ਹੈ। ਮੈਨੂੰ ਖੁਸ਼ੀ ਹੈ ਕਿ ਸਾਡੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਅਤੇ ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਇਸ ਦਾ ਐਲਾਨ ਕੀਤਾ, ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ 'ਮਨ ਕੀ ਬਾਤ' ਪ੍ਰੋਗਰਾਮ 'ਚ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਗੱਲ ਕੀਤੀ ਸੀ। ਪ੍ਰਧਾਨ ਮੰਤਰੀ ਦਾ ਇਹ ਐਲਾਨ ਦੇਸ਼ ਭਰ ਵਿੱਚ ਮਨਾਏ ਜਾ ਰਹੇ 75ਵੇਂ ਅੰਮ੍ਰਿਤ ਮਹੋਤਸਵ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Related Stories

No stories found.
Punjab Today
www.punjabtoday.com