ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੁਹਾਲੀ ਵਿੱਚ ਆਮਦ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਹਨ। ਇਨ੍ਹਾਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡੀਜੀਪੀ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਉੱਚ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਫਿਲਹਾਲ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਇਲਾਕੇ ਵਿੱਚ 7500 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਸੁਰੱਖਿਆ ਪ੍ਰਣਾਲੀ 3 ਤੋਂ 5 ਲੇਅਰਾਂ ਦੀ ਹੋਵੇਗੀ। ਇਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨਾਂ ਇਜਾਜ਼ਤ ਦੇ ਦਾਖ਼ਲ ਹੋਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ 5 ਕਿਲੋਮੀਟਰ ਦੇ ਘੇਰੇ ਵਿੱਚ ਧਾਰਾ 144 ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਵਿੱਚ ਭਾਰੀ ਢਿੱਲ ਵਰਤੀ ਗਈ ਸੀ। ਇਸ ਕਾਰਨ ਪ੍ਰਧਾਨ ਮੰਤਰੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ। ਹੁਣ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਸੁਖਾਵੇਂ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ। ਮੁਹਾਲੀ ਵਿੱਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਬਾਰੇ ਪੁੱਛੇ ਜਾਣ ’ਤੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਿਲਹਾਲ ਪੁਲੀਸ ਨੂੰ ਉਨ੍ਹਾਂ ਵੱਲੋਂ ਕਿਸੇ ਵੀ ਜਨਤਕ ਮੀਟਿੰਗ ਦੇ ਆਯੋਜਨ ਬਾਰੇ ਕੋਈ ਸੂਚਨਾ ਨਹੀਂ ਮਿਲੀ ਹੈ।