
ਪੰਜਾਬ ਭਾਜਪਾ ਨੇ ਆਮ ਆਦਮੀ ਪਾਰਟੀ ਦੀ ਨੀਤੀਆਂ ਦੇ ਖਿਲਾਫ ਮੋਰਚਾ ਖੋਲ ਦਿਤਾ ਹੈ। ਸੂਬਾ ਸਰਕਾਰ ਵੱਲੋਂ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਣਾ ਹੈ, ਪਰ ਇਸ ਤੋਂ ਪਹਿਲਾਂ ਅੱਜ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਤੋਂ ਸਵੇਰੇ 11 ਵਜੇ ਪੈਦਲ ਮਾਰਚ ਕੱਢ ਕੇ ਵਿਧਾਨ ਸਭਾ ਦਾ ਘਿਰਾਓ ਕਰੇਗੀ। ਪੰਜਾਬ ਭਾਜਪਾ ਦਾ ਇਹ ਰੋਸ ਪ੍ਰਦਰਸ਼ਨ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਦੱਸਿਆ ਗਿਆ ਹੈ।
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਕਦਮ ਚੁੱਕਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਆਗੂਆਂ ਨੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਅੱਗੇ 'ਆਪ' ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ। ਚੰਡੀਗੜ੍ਹ ਪੁਲਿਸ ਨੂੰ ਸਥਿਤੀ ’ਤੇ ਕਾਬੂ ਪਾਉਣ ਲਈ ਜਲ ਤੋਪਾਂ ਦੀ ਵਰਤੋਂ ਕਰਨੀ ਪਈ। ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਲ ਦੌਰਾਨ ਪੰਜਾਬ ਭਾਜਪਾ ਵੱਲੋਂ ਪਹਿਲੀ ਵਾਰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਭਾਜਪਾ ਨੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਸੀ, ਪਰ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਸੈਕਟਰ-37 ਭਾਜਪਾ ਦਫ਼ਤਰ ਨੇੜੇ ਹੀ ਰੋਕ ਲਿਆ ਸੀ। ਇਸਤੋਂ ਪਹਿਲਾ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਮੌਜੂਦਾ ਸਰਕਾਰ ਦੇ ਫੇਲ੍ਹ ਕੰਮਕਾਜ ਦੇ ਮੁੱਦੇ 'ਤੇ ਜਲੰਧਰ ਉਪ ਚੋਣਾਂ ਲੜੇਗੀ। ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਜਲੰਧਰ ਪੁੱਜੇ ਭਾਜਪਾ ਪੰਜਾਬ ਦੇ ਪ੍ਰਧਾਨ ਨੇ ਕਿਹਾ ਸੀ, ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਪਾਰੀਆਂ ਤੋਂ ਖੁੱਲ੍ਹੇਆਮ ਫਿਰੌਤੀ ਮੰਗੀ ਜਾ ਰਹੀ ਹੈ। ਮਨਾਹੀ ਕਰਨ 'ਤੇ ਬਾਜ਼ਾਰ ਦੇ ਵਿਚਕਾਰ ਦਿਨ-ਦਿਹਾੜੇ ਕਤਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਵਰਕਰ ਸਰਕਾਰ ਦੀਆਂ ਨਾਕਾਮੀਆਂ ਨੂੰ ਹਰ ਘਰ ਤੱਕ ਪਹੁੰਚਾਉਣਗੇ।