
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਨਵੇਂ ਅਸਲਾ ਲਾਇਸੈਂਸਾਂ 'ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ DC ਨਿੱਜੀ ਤੌਰ ’ਤੇ ਸੰਤੁਸ਼ਟ ਨਹੀਂ ਹੁੰਦਾ, ਉਦੋਂ ਤੱਕ ਕੋਈ ਨਵਾਂ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਹੁਣ ਤੱਕ ਜਾਰੀ ਕੀਤੇ ਗਏ ਅਸਲਾ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਵਿੱਚ ਸਮੀਖਿਆ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ 'ਤੇ ਵੀ ਪਾਬੰਦੀ ਲਗਾਈ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਜਸ਼ਨਾਂ ਦੌਰਾਨ ਗੋਲੀਬਾਰੀ ਜਿਸ ਨਾਲ ਜਾਨ ਨੂੰ ਖ਼ਤਰਾ ਹੋਵੇ, ਸਜ਼ਾਯੋਗ ਹੋਵੇਗੀ।
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਸਖ਼ਤ ਫੈਸਲੇ ਲੈ ਰਹੀ ਹੈ। ਸ਼ਨੀਵਾਰ ਨੂੰ ਹੀ ਪੁਲਿਸ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ। ਸਰਕਾਰ ਨੇ ਕੁੱਲ 30 IPS ਅਤੇ ਤਿੰਨ PPS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚ ਤਿੰਨ CPs ਸਮੇਤ ਅੱਠ SSP ਸ਼ਾਮਲ ਹਨ। ਹਿੰਦੂ ਆਗੂ ਸੁਧੀਰ ਸੂਰੀ ਕਤਲ ਕੇਸ ਵਿੱਚ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ ਤੋਂ ਨਾਰਾਜ਼ ਸਰਕਾਰ ਨੇ ਉਨ੍ਹਾਂ ਨੂੰ IG ਪ੍ਰੋਵੀਜ਼ਨਿੰਗ ਨਿਯੁਕਤ ਕਰ ਦਿੱਤਾ ਹੈ।
ਇਸਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਪੁਲਿਸ ਕੇਸ ਵੀ ਦਰਜ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੀਐੱਮ ਮਾਨ ਨੇ ਮਈ ਵਿੱਚ ਉਨ੍ਹਾਂ ਗਾਇਕਾਂ ਨੂੰ ਚੇਤਾਵਨੀ ਦਿੱਤੀ ਸੀ ਜੋ ਕਥਿਤ ਤੌਰ ’ਤੇ ਆਪਣੇ ਗੀਤਾਂ ਰਾਹੀਂ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਅਜਿਹੇ ਰੁਝਾਨ ਨੂੰ ਅੱਗੇ ਵਧਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਹਨਾਂ ਨੇ "ਕੁਝ ਪੰਜਾਬੀ ਗਾਇਕਾਂ ਦੁਆਰਾ ਉਤਸ਼ਾਹਿਤ ਕੀਤੇ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ" ਦੀ ਨਿੰਦਾ ਕੀਤੀ ਸੀ ਅਤੇ ਉਹਨਾਂ ਨੂੰ "ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨ" ਦੀ ਅਪੀਲ ਕੀਤੀ ਸੀ।
ਉਨ੍ਹਾਂ ਨੇ ਅਜਿਹੇ ਗਾਇਕਾਂ ਨੂੰ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਭੜਕਾਉਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ 'ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨ ਨੂੰ ਮਜ਼ਬੂਤ ਕਰਨ ਲਈ ਆਪਣਾ ਸੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਸੀ।