ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਤੀ ਜਾਵੇ : ਰਾਘਵ ਚੱਢਾ

ਰਾਘਵ ਚੱਢਾ ਨੇ ਕਿਹਾ ਕਿ ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਅਸੀਂ ਸਿਰ ਕਟਵਾ ਸਕਦੇ ਹਾਂ, ਮਰ ਸਕਦੇ ਹਾਂ, ਪਰ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।
ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਤੀ ਜਾਵੇ : ਰਾਘਵ ਚੱਢਾ

ਪੰਜਾਬ ਤੋਂ ਬਾਅਦ ਹੁਣ ਕੇਂਦਰ ਵਿਚ ਵੀ ਬੇਅਦਬੀ ਦੇ ਖਿਲਾਫ ਕਾਰਵਾਈ ਦੀ ਮੰਗ ਉਠਣੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਸੰਸਦ ਵਿੱਚ ਬੇਅਦਬੀ ਨਾਲ ਸਬੰਧਤ ਆਈਪੀਸੀ ਧਾਰਾ ਵਿੱਚ ਸੋਧ ਦੀ ਮੰਗ ਕੀਤੀ ਤਾਂ ਕਿ ਇਸ ਨੂੰ ਸਖ਼ਤ ਬਣਾਇਆ ਜਾ ਸਕੇ।

ਜਦੋਂ ਸਭਾਪਤੀ ਨੇ ਬੇਅਦਬੀ 'ਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਰਾਘਵ ਚੱਢਾ ਸੰਸਦ ਭਵਨ ਤੋਂ ਬਾਹਰ ਆ ਗਏ ਅਤੇ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਧਰਨੇ 'ਤੇ ਬੈਠ ਗਏ ਅਤੇ ਬੇਅਦਬੀ 'ਤੇ ਚਰਚਾ ਦੀ ਮੰਗ ਕਰਦੇ ਰਹੇ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਕੰਮਕਾਜ ਦੀ ਪ੍ਰਕਿਰਿਆ ਅਤੇ ਸੰਚਾਲਨ ਨਾਲ ਸਬੰਧਤ ਨਿਯਮ-267 ਦੇ ਤਹਿਤ ਰਾਜ ਸਭਾ ਵਿੱਚ ਸੂਚੀਬੱਧ ਕਾਰੋਬਾਰ ਨੂੰ ਮੁਅੱਤਲ ਕਰਨ ਦਾ ਨੋਟਿਸ ਦਿੱਤਾ।

ਸਭਾਪਤੀ ਨੂੰ ਦਿੱਤੇ ਨੋਟਿਸ ਵਿੱਚ ਚੱਢਾ ਨੇ ਕਿਹਾ ਕਿ ਇਸ ਸਦਨ ਨੂੰ ਨਿਯਮ-29 ਤਹਿਤ ਸੂਚੀਬੱਧ ਕੰਮ ਨੂੰ ਮੁਅੱਤਲ ਕਰਨਾ ਚਾਹੀਦਾ ਹੈ ਅਤੇ ਬੇਅਦਬੀ ਦੇ ਵਧਦੇ ਮਾਮਲਿਆਂ ਬਾਰੇ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਕਾਰਨ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਵਿੱਚ ਭਾਰੀ ਰੋਸ ਹੈ। ਰਾਘਵ ਚੱਢਾ ਨੇ ਕਿਹਾ ਕਿ ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਅਸੀਂ ਸਿਰ ਕਟਵਾ ਸਕਦੇ ਹਾਂ, ਮਰ ਸਕਦੇ ਹਾਂ, ਪਰ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।

ਉਨ੍ਹਾਂ ਅੱਗੇ ਲਿਖਿਆ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। ਸਾਲ 2015 ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ। ਫਿਰ ਲੁਧਿਆਣਾ ਵਿੱਚ ਪਵਿੱਤਰ ਗ੍ਰੰਥ ਸ਼੍ਰੀਮਦ ਭਾਗਵਤ ਗੀਤਾ ਦੀ ਬੇਅਦਬੀ ਕੀਤੀ ਗਈ। ਪਵਿੱਤਰ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਰਾਘਵ ਚੱਢਾ ਨੇ ਬੇਅਦਬੀ ਨਾਲ ਸਬੰਧਤ ਆਈ.ਪੀ.ਸੀ. ਦੀਆਂ ਧਾਰਾਵਾਂ 295 ਅਤੇ 295-ਏ ਅਧੀਨ ਸਜ਼ਾਵਾਂ ਨੂੰ ਘਟਾਉਣ ਕਾਰਨ ਕਾਨੂੰਨ ਵਿੱਚ ਸੋਧ ਕਰਨ ਦੀ ਲੋੜ ਵੱਲ ਇਸ਼ਾਰਾ ਕੀਤਾ ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਜਾਂ ਹੋਰ ਸਖ਼ਤ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦਨ ਨੂੰ ਕਾਨੂੰਨ 'ਚ ਸੋਧ 'ਤੇ ਵਿਚਾਰ ਕਰਨਾ ਚਾਹੀਦਾ ਹੈ। ਰਾਘਵ ਚੱਢਾ ਨੇ ਲਿਖਿਆ ਕਿ ਪੰਜਾਬ ਹਮੇਸ਼ਾ ਹੀ ਦੁਨੀਆ ਦੇ ਸਾਹਮਣੇ ਭਾਈਚਾਰੇ ਅਤੇ ਏਕਤਾ ਦੀ ਮਿਸਾਲ ਪੇਸ਼ ਕਰਦਾ ਰਿਹਾ ਹੈ। ਇਸ ਲਈ ਉਨ੍ਹਾਂ ਸਦਨ ਤੋਂ ਮੰਗ ਕੀਤੀ ਕਿ ਬੇਅਦਬੀ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਬੰਧਤ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ ਜਾਵੇ।

Related Stories

No stories found.
logo
Punjab Today
www.punjabtoday.com