
ਜਲੰਧਰ ਉਪ ਚੋਣ ਦਾ ਮੁਕਾਬਲਾ ਹੁਣ ਬਹੁਤ ਰੋਮਾਂਚਕ ਹੋ ਗਿਆ ਹੈ, ਕਿਉਕਿ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੇ ਦਿਗਜ ਇਸ ਚੋਣ ਵਿਚ ਉਤਾਰੇ ਹਨ। ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਲੰਧਰ 'ਚ ਸਿਆਸੀ ਬਿਆਨਬਾਜ਼ੀ ਨੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ।
ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਆਉਣ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਇੱਕ ਤਾਅਨੇ ਵਾਲਾ ਟਵੀਟ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਟਵੀਟ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਜਾਰੀ ਕੀਤੀ, ਜਿਸ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ, ਰਾਜਾ ਵੜਿੰਗ ਪੁੱਛ ਰਹੇ ਹਨ ਕਿ ਹੁਣ ਉਹ ਜਲੰਧਰ ਦੇ ਲੋਕਾਂ ਨੂੰ ਕੀ ਨਵਾਂ ਝੂਠ ਬੋਲਣਗੇ।
ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਜਲੰਧਰ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਤੁਹਾਡੇ ਵਾਅਦੇ ਮੁਤਾਬਕ ਦੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਅਤੇ ਅੰਤਰਰਾਸ਼ਟਰੀ ਹਵਾਈ ਅੱਡਾ ਜਲੰਧਰ ਵਿਚ ਹੋਣਾ ਸੀ ਉਹ ਕਿੱਥੇ ਹੈ। ਕੇਜਰੀਵਾਲ ਅਤੇ CM ਭਗਵੰਤ ਮਾਨ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਜਲੰਧਰ, ਸ਼ਾਹਕੋਟ-ਨਕੋਦਰ ਆਦਿ ਦੇ ਦਿਹਾਤੀ ਖੇਤਰਾਂ ਵਿੱਚ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕਰਤਾਰਪੁਰ, ਜਲੰਧਰ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਲਈ ਗਾਰੰਟੀ ਫਾਰਮ ਭਰੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਇੱਕ ਸਾਲ ਬੀਤ ਗਿਆ, ਔਰਤਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਨਹੀਂ ਆਏ।
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਗਾਰੰਟੀ ਦਿੱਤੀ ਸੀ ਕਿ ਸੱਤਾ 'ਚ ਆਉਂਦੇ ਹੀ ਉਨ੍ਹਾਂ ਨੂੰ ਪੈਸੇ ਦਿੱਤੇ ਜਾਣਗੇ। ਉਸ ਹਿਸਾਬ ਨਾਲ ਤਾਂ ਇਕ ਸਾਲ 'ਚ ਔਰਤਾਂ ਲਈ 12 ਹਜ਼ਾਰ ਰੁਪਏ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਝੂਠ ਬੋਲਣ ਦੇ ਮਾਹਿਰ ਹਨ। ਅੱਜ ਪੰਜਾਬ ਦੀਆਂ ਔਰਤਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।